ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਹੁੰ ਚੁਕਾਉਣ ਬਾਰੇ ਨੋਟੀਫ਼ਿਕੇਸ਼ਨ ਜਾਰੀ ਨਾ ਕਰਨਾ ਮੰਦਭਾਗਾ: ਬੈਦਵਾਨ

ਮੁਹਾਲੀ ਨਗਰ ਨਿਗਮ ਦੇ ਹਾਊਸ ਦਾ ਗਠਨ ਨਾ ਹੋਣ ਕਾਰਨ ਸ਼ਹਿਰ ਵਿੱਚ ਵਿਕਾਸ ਕਾਰਜ ਪ੍ਰਭਾਵਿਤ

ਮੁਹਾਲੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਦੀ ਚੋਣ ਵੀ ਠੰਢੇ ਬਸਤੇ ਵਿੱਚ ਪਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਮੁਹਾਲੀ ਨਗਰ ਨਿਗਮ ਅਤੇ ਸਮੂਹ ਨਗਰ ਕੌਂਸਲ ਚੋਣਾਂ ਹੋਇਆ ਨੂੰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਹੁੰ ਚੁਕਾਉਣ ਬਾਰੇ ਨੋਟੀਫ਼ਿਕੇਸ਼ਨ ਜਾਰੀ ਨਾ ਕੀਤੇ ਜਾਣ ਦਾ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ’ਤੇ ਮਾੜਾ ਅਸਰ ਪੈ ਰਿਹਾ ਹੈ ਅਤੇ ਚੋਣ ਜਿੱਤਣ ਦੇ ਬਾਵਜੂਦ ਕੌਂਸਲਰ ਲੋੜਵੰਦ ਲੋਕਾਂ ਦੇ ਫਾਰਮ ਆਦਿ ਤਸਦੀਕ ਕਰਨ ਦੇ ਅਧਿਕਾਰ ਤੋਂ ਵਾਂਝੇ ਹਨ, ਕਿਉਂਕਿ ਜਦੋਂ ਤੱਕ ਨਵੇਂ ਕੌਂਸਲਰਾਂ ਨੂੰ ਸਹੁੰ ਨਹੀਂ ਚੁਕਾਈ ਜਾਂਦੀ, ਉਦੋਂ ਤੱਕ ਉਹਅ ਅਧਿਕਾਰਤ ਤੌਰ ’ਤੇ ਕਿਸੇ ਦਾ ਫਾਰਮ ਤੱਕ ਤਸਦੀਕ ਨਹੀਂ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਲੇਬਰਫੈੱਡ ਪੰਜਾਬ ਦੇ ਸਾਬਕਾ ਐਮਡੀ ਪਰਵਿੰਦਰ ਸਿੰਘ ਬੈਦਵਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਵੀ ਹਾਜ਼ਰ ਸਨ।
ਸ੍ਰੀ ਬੈਦਵਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਨਾ ਕੀਤੇ ਜਾਣ ਕਾਰਨ ਨਗਰ ਨਿਗਮ ਦੇ ਅਧਿਕਾਰੀ ਏਸੀ ਕਮਰਿਆਂ ਵਿੱਚ ਬੈਠ ਕੇ ਮਨ ਮਰਜ਼ੀ ਨਾਲ ਕੰਮ ਕਰ ਰਹੇ ਹਨ ਅਤੇ ਹੁਣ ਤੱਕ ਬਜਟ ਦਾ ਵੀ ਕੋਈ ਅਤਾ ਪਤਾ ਨਹੀਂ ਹੈ ਜਦੋਂਕਿ ਸ਼ਹਿਰ ਵਾਸੀਆਂ ਦੀਆਂ ਲੋੜਾਂ ਅਤੇ ਵਿਕਾਸ ਮੁਖੀ ਬਜ਼ਟ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਹਾਊਸ ਵਿੱਚ ਸਰਬਸੰਮਤੀ ਜਾਂ ਬਹੁਸੰਮਤੀ ਨਾਲ ਪਾਸ ਕਰਨਾ ਹੁੰਦਾ ਹੈ ਪ੍ਰੰਤੂ ਸਰਕਾਰ ਦੀ ਅਣਦੇਖੀ ਕਾਰਨ ਅਜੇ ਤਾਈਂ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਾਰਨ ਨਵੇਂ ਕੌਂਸਲਰਾਂ ਨੂੰ ਸਹੁੰ ਵੀ ਨਹੀਂ ਚੁਕਾਈ ਜਾ ਸਕੀ ਹੈ। ਜਿਸ ਕਾਰਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਦੀ ਚੋਣ ਵੀ ਠੰਢੇ ਬਸਤੇ ਵਿੱਚ ਪਈ ਹੈ। ਉਨ੍ਹਾਂ ਭਰੋਸੇਯੋਗ ਸੂਤਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੇਅਰ ਦੀ ਚੇਅਰ ਨੂੰ ਲੈ ਕੇ ਹੁਕਮਰਾਨ ਪਾਰਟੀ ਵਿੱਚ ਕਾਟੋ ਕਲੇਸ਼ ਚੱਲਣ ਕਾਰਨ ਨੋਟੀਫ਼ਿਕੇਸ਼ਨ ਜਾਰੀ ਹੋਣ ਵਿੱਚ ਦੇਰੀ ਹੋ ਰਹੀ ਹੈ।
ਮੁੱਖ ਮੰਤਰੀ ਦੇ ਦਾਅਵੇ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਜੇਕਰ ਨਿਗਮ ਚੋਣਾਂ ਤੋਂ ਤੁਰੰਤ ਬਾਅਦ ਨੋਟੀਫ਼ਿਕੇਸ਼ਨ ਜਾਰੀ ਕੀਤਾ ਤਾਂ ਕੌਂਸਲਰ ਆਪੋ-ਆਪਣੇ ਵਾਰਡਾਂ ਵਿੱਚ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਕਾਰਜਾਂ ਲਈ ਬਜਟ ਵਿੱਚ ਫੰਡਾਂ ਦੀ ਵਿਵਸਥਾ ਕਰਵਾ ਸਕਦੇ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ‘ਨਵਾਂ ਨਰੋਆ ਪੰਜਾਬ’ ਦੇ ਸਾਰੇ ਦਾਅਵੇ ਸ਼ੱਕ ਦੇ ਘੇਰੇ ਵਿੱਚ ਹਨ।
ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪਿਛਲੇ ਇੱਕ ਸਾਲ ਤੋਂ ਵਿਕਾਸ ਕੰਮ ਬੰਦ ਪਏ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਨਵੇਂ ਕੌਂਸਲਰਾਂ ਨੂੰ ਸਹੁੰ ਚੁਕਾਉਣ ਸਬੰਧੀ ਜਲਦੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਮੇਅਰ ਦੀ ਚੇਅਰ ਦੇ ਰਾਖਵੇਂ ਦਾ ਰੇੜਕਾ ਖ਼ਤਮ ਕਰਕੇ ਇਸ ਕਾਰਵਾਈ ਨੂੰ ਨੇਪਰੇ ਚਾੜਿਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…