ਅਕਾਲੀ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰੋਸ ਪ੍ਰਦਰਸ਼ਨ, ਘੜੇ ਭੰਨੇ

ਜੇਕਰ ਕੈਪਟਨ ਨੂੰ ਪੰਜਾਬ ਦਾ ਦਰਦ ਹੈ ਤਾਂ ਪ੍ਰਧਾਨ ਮੰਤਰੀ ਦੀ ਅੱਖ ’ਚ ਅੱਖ ਪਾ ਕੇ ਦੋ ਟੁੱਕ ਗੱਲ ਕਰਨ: ਚੰਦੂਮਾਜਰਾ

ਕੈਪਟਨ ਦੇ ਰਾਜ ਵਿੱਚ ਪੰਜਾਬ ਦੇ ਲੋਕ ਚਾਰ ਗੁਣਾ ਵੱਧ ਬਿਜਲੀ ਦੇ ਬਿੱਲ ਭਰਨ ਲਈ ਮਜਬੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਅਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਇਸ਼ਤਿਹਾਰਬਾਜ਼ੀ ਰਾਹੀਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਭਾਂਡਾ ਭੰਨਣ ਲਈ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਝੂਠੇ ਲਾਰਿਆਂ ਅਤੇ ਦਾਅਵਿਆਂ ਦੇ ਘੜੇ ਭੰਨ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਝੂਠੇ ਲਾਰਿਆਂ ਦਾ ਭਰਿਆ ਘੜਾ ਭਰ ਗਿਆ ਹੈ ਅਤੇ ਇਸ ਵਾਰ ਸੂਬੇ ਦੇ ਲੋਕ ਇਨ੍ਹਾਂ ਦੋਵੇਂ ਆਗੂਆਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਨੇ ਪੰਜਾਬ ਭਰ ਵਿੱਚ ਧਰਨੇ ਮੁਜ਼ਾਹਰੇ ਕਰਕੇ ਹੁਕਮਰਾਨਾਂ ਦੀ ਵਾਅਦਾਖ਼ਿਲਾਫ਼ੀ ਸਬੰਧੀ ਸੱਚ ਪ੍ਰਗਟ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਆਪਣੀ ਕਹਿਣੀ ਤੇ ਕਥਨੀ ਦੇ ਪੂਰੇ ਹੁੰਦੇ ਤਾਂ ਅੱਜ ਪੰਜਾਬ ਖ਼ੁਦ ਨੂੰ ਲੁੱਟਿਆਂ ਹੋਇਆ ਮਹਿਸੂਸ ਨਾ ਕਰਦਾ ਹੈ। ਪੰਜਾਬ ਦੇ ਲੋਕਾਂ ਨੂੰ ਚਾਰ ਗੁਣਾ ਵੱਧ ਬਿਜਲੀ ਬਿੱਲ ਭਰਨੇ ਪੈ ਰਹੇ ਹਨ। ਬੇਰੁਜ਼ਗਾਰੀ ਚਰਮ ਸੀਮਾ ’ਤੇ ਪਹੁੰਚ ਗਈ ਹੈ।
ਸ੍ਰੀ ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਵਿਕਾਸ ਦੀ ਥਾਂ ਕਰੋੜਾ ਰੁਪਏ ਦੇ ਘਪਲੇ ਕੀਤੇ ਹਨ। ਜਿਨ੍ਹਾਂ ਵਿੱਚ ਬਹੁਕਰੋੜੀ ਵਜ਼ੀਫ਼ਾ ਘੁਟਾਲਾ, ਨਸ਼ਾ ਛੁਡਾਊਂ ਕੇਂਦਰ ਵਿੱਚ ਦਵਾਈ ਘੁਟਾਲਾ ਸਮੇਤ ਹੁਕਮਰਾਨ ਸਿਹਤ ਬੀਮਾ ਯੋਜਨਾ ਦਾ ਪੈਸਾ ਵੀ ਛਕ ਗਏ ਹਨ। ਇਹੀ ਨਹੀਂ ਹੁਕਮਰਾਨਾਂ ਨੇ ਹੁਣ ਨਾਜਾਇਜ਼ ਲੱਕੜ ਕੱਟ ਕੇ ਵੇਚਣੀ ਵੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਅਤੇ ਫਾਰਮ ਹਾਊਸ ਨੇੜਲੇ ਇਲਾਕੇ ਵਿੱਚ ਖ਼ੈਰ ਦੀ ਲੱਕੜ ਦੀ ਸ਼ਰ੍ਹੇਆਮ ਤਸਕਰੀ ਹੋ ਰਹੀ ਹੈ। ਕੇਂਦਰ ਜਾਣਬੁੱਝ ਕੇ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਸਿੱਧਾ ਦਖ਼ਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਮੁੱਦੇ ਉਨ੍ਹਾਂ ਨੇ ਸਰਬ ਪਾਰਟੀ ਮੀਟਿੰਗ ਵਿੱਚ ਚੁੱਕੇ ਸੀ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਸੂਬੇ ਵਿੱਚ ਨਸ਼ਿਆਂ ਦਾ ਦਰਿਆ ਚੱਲ ਰਿਹਾ ਹੈ ਅਤੇ ਕਈ ਮੰਤਰੀਆਂ, ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ’ਤੇ ਨਕਲੀ ਸ਼ਰਾਬ ਵੇਚਣ ਦੇ ਦੋਸ਼ ਲੱਗੇ ਹਨ। ਕਿਸਾਨਾਂ ਨੂੰ ਫਸਲਾਂ ਦਾ ਉਚਿੱਤ ਭਾਅ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਨੂੰ ਪੰਜਾਬ ਦਾ ਦਰਦ ਹੈ ਤਾਂ ਉਹ ਪ੍ਰਧਾਨ ਮੰਤਰੀ ਦੀ ਅੱਖ ਵਿੱਚ ਅੱਖ ਪਾ ਕੇ ਦੋ ਟੁੱਕ ਗੱਲ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਦਿੱਲੀ ਨਾਲ ਮਿਲ ਕੇ ਦੋਸਤਾਨਾ ਮੈਚ ਖੇਡ ਰਹੇ ਹਨ ਅਤੇ ਆੜ੍ਹਤੀਆਂ ਨੂੰ ਝੂਠੇ ਦਿਲਾਸੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦਾ ਕੋਈ ਵਾਲੀ ਵਾਰਿਸ ਨਹੀਂ ਹੈ।

ਇਸ ਤੋਂ ਪਹਿਲਾਂ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸੀਨੀਅਰ ਯੂਥ ਆਗੂ ਸਤਿੰਦਰ ਸਿੰਘ ਗਿੱਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਕੌਂਸਲਰ ਕਮਲਜੀਤ ਸਿੰਘ ਰੂਬੀ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਬਜੀਤ ਸਿੰਘ ਪਾਰਸ, ਕੈਪਟਨ ਰਮਨਦੀਪ ਸਿੰਘ ਬਾਵਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਗਿੱਲ ਲਾਂਡਰਾਂ, ਅਵਤਾਰ ਸਿੰਘ ਸਾਬਕਾ ਸਰਪੰਚ ਦਾਊਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਰਛਪਾਲ ਸਿੰਘ ਮਿੱਠੂਖੇੜਾ, ਸੁਰਿੰਦਰ ਸਿੰਘ, ਹਰਪਾਲ ਸਿੰਘ ਬਰਾੜ, ਬਲਵਿੰਦਰ ਸਿੰਘ ਲਖਨੌਰ, ਗਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰ ਘਬੜੀ, ਇਕਬਾਲ ਪ੍ਰਿੰਸ਼, ਹੈਪੀ ਸਨੇਟਾ, ਸ੍ਰੀਮਤੀ ਸੋਨੀਆ ਸੰਧੂ, ਸੁਨੀਤਾ ਸੰਧੂ, ਡੌਲੀ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…