ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਂਡਰਾਂ ਨੇੜੇ ਭਾਗੋਮਾਜਰਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 23 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਂਡਰਾਂ ਨੇੜੇ ਭਾਗੋਮਾਜਰਾ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 23 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਲਈ ਜ਼ਿਲ੍ਹੇ ਦੀਆਂ ਪੱਕੀਆਂ ਮੰਡੀਆਂ ਦੇ ਨਾਲ-ਨਾਲ ਕੁੱਝ ਸੀਜ਼ਨਲ ਆਰਜ਼ੀ ਮੰਡੀਆਂ ਦਾ ਵੀ ਵਿਵਸਥਾ ਕੀਤੀ ਗਈ ਹੈ ਅਤੇ ਇਨ੍ਹਾਂ ਮੰਡੀਆਂ ਵਿੱਚ ਸਮੇਂ ਸਿਰ ਸਰਕਾਰੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਤੈਅ ਮਾਪਦੰਡਾਂ ਅਨੁਸਾਰ ਪੂਰੀ ਤਰ੍ਹਾਂ ਪੱਕੀ ਹੋਈ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਜਲਦੀ ਵਿਕ ਜਾਵੇ ਅਤੇ ਫਸਲ ਦਾ ਪੂਰਾ ਮੁੱਲ ਮਿਲੇ।
ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸੀਜ਼ਨਾਂ ਦੌਰਾਨ ਕੋਵਿਡ-19 ਦੇ ਚੱਲਦਿਆਂ ਵੀ ਮੰਡੀਆਂ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਗਿਆ। ਇਸ ਵਾਰ ਵੀ ਖ਼ਰੀਦ ਪ੍ਰਕਿਰਿਆ ਨਾਲ ਜੁੜੀ ਕਿਸੇ ਵੀ ਧਿਰ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਵਿੱਚ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਸਮੂਹ ਮੰਡੀਆਂ ਵਿੱਚ ਕਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਮਹਾਮਾਰੀ ਤੋਂ ਬਚਾਇਆ ਜਾ ਸਕੇ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ। ਮੰਡੀਆਂ ਵਿੱਚ ਮਾਰਕਿੰਗ ਤਹਿਤ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉੱਤੇ ਹੀ ਲਗਵਾਈਆਂ ਜਾ ਰਹੀਆਂ ਹਨ ਤਾਂ ਜੋ ਸਮਾਜਿਕ ਦੂਰੀ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਲੋਕਾਂ ਦੀ ਮੰਗ ਮੁਤਾਬਕ ਇਸ ਮੰਡੀ ਨੂੰ ਬਨੂੜ-ਲਾਂਡਰਾਂ ਸੜਕ ਨਾਲ ਜੋੜਦੀ ਸੜਕ ਬਣਵਾਈ ਗਈ, ਜਿਸ ਨਾਲ ਕਿਸਾਨਾਂ ਦੀਆਂ ਮੰਡੀ ਤੱਕ ਆਉਣ ਸਬੰਧੀ ਮੁਸ਼ਕਲਾਂ ਦੂਰ ਹੋਈਆਂ ਹਨ। ਮੰਡੀ ਦਾ ਫੜ੍ਹ ਚੌੜਾ ਕੀਤਾ ਗਿਆ ਤੇ ਨਾਲ ਹੀ ਸ਼ੈੱਡ ਵੀ ਬਣਵਾਇਆ ਗਿਆ ਹੈ। ਇਨ੍ਹਾਂ ਕਾਰਜਾਂ ਉੱਤੇ ਕਰੀਬ 27 ਲੱਖ ਰੁਪਏ ਖ਼ਰਚੇ ਗਏ। ਇਸ ਸਬੰਧੀ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅੱਜ ਕੈਬਨਿਟ ਮੰਤਰੀ ਬਲਬੀਰ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਨਾਇਬ ਤਹਿਸੀਲਦਾਰ ਸਤਵਿੰਦਰ ਸਿੰਘ ਰਣੀਕੇ, ਮਾਰਕੀਟ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ, ਮੰਡੀ ਸੁਪਰਵਾਈਜ਼ਰ ਹਰਪਾਲ ਸਿੰਘ, ਬਲਾਕ ਸਮਿਤੀ ਮੈਂਬਰ ਬਲਜੀਤ ਸਿੰਘ ਭਾਗੋਮਾਜਰਾ, ਜਥੇਦਾਰ ਬਲਬੀਰ ਸਿੰਘ ਬੈਂਰੋਪੁਰ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਂਰੋਪੁਰ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਜਸਵਿੰਦਰ ਸਿੰਘ ਭੋਲਾ ਸਾਬਕਾ ਸਰਪੰਚ ਭਾਗੋਮਾਜਰਾ, ਜਸਵੰਤ ਸਿੰਘ, ਅਜੈਬ ਸਿੰਘ ਪੂਨੀਆ, ਮੰਗਾ ਸਿੰਘ ਸਰਪੰਚ ਮੌਜਪੁਰ, ਜਸਵੀਰ ਸਿੰਘ ਪੰਚ, ਰਾਜੀਵ ਕੁਮਾਰ ਆੜ੍ਹਤੀ, ਪਰਮਜੀਤ ਸਿੰਘ ਪਾਸੀ, ਐਸਪੀ ਟਰੇਡਿੰਗ ਕੰਪਨੀ ਦੇ ਮਾਲਕ ਸੁਖਪਾਲ ਸਿੰਘ ਸਮੇਤ ਨੇੜੇ ਦੇ ਪਿੰਡਾਂ ਦੇ ਕਿਸਾਨ, ਆੜ੍ਹਤੀ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…