ਸਰਕਾਰ ’ਤੇ ਕਣਕ ਦੀ ਖ਼ਰੀਦ ਤੇ ਅਦਾਇਗੀ ਸਬੰਧੀ ਗਲਤ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼

ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਦੀ ਥਾਂ ਪੰਜਾਬ ਸਰਕਾਰ ਨੇ ਚੁੱਪ ਵੱਟੀ: ਚੰਦੂਮਾਜਰਾ

ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਵਫ਼ਦ ਨੇ ਐਸਡੀਐਮ ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਦੀ ਗੈਰਮੌਜੂਦਗੀ ਵਿੱਚ ਐਸਡੀਐਮ ਜਗਦੀਪ ਸਹਿਗਲ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ। ਆਗੂਆਂ ਨੇ ਮੰਡੀਆਂ ਵਿੱਚ ਕਣਕ ਦੀ ਢਿੱਲੀ ਖ਼ਰੀਦ ਅਤੇ ਬਾਰਦਾਨੇ ਦੀ ਵੱਡੀ ਘਾਟ, ਪੋਰਟਲ ਅਤੇ ਲਿਫ਼ਟਿੰਗ ਦੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਦੀ ਥਾਂ ਕੇਂਦਰ ਸਰਕਾਰ ਦੀ ਹਿੱਸੇਦਾਰ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦੀ ਖ਼ਰੀਦ ਅਤੇ ਪੈਸਿਆਂ ਦੀ ਅਦਾਇਗੀ ਸਬੰਧੀ ਗਲਤ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਸਰਕਾਰ ਦੀ ਅਣਗਹਿਲੀ ਕਾਰਨ ਕਣਕ ਦੀ ਖ਼ਰੀਦ 10 ਦਿਨ ਲੇਟ ਸ਼ੁਰੂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਲਈ ਕੇਂਦਰ ਨਾਲ ਗਿਣੀ-ਮਿਥੀ ਖੇਡ-ਖੇਡਦਿਆਂ ਬਾਰਦਾਨੇ ਦੇ ਟੈਂਡਰ ਵੀ ਹਫ਼ਤਾ ਦੇਰੀ ਨਾਲ ਲਗਾਏ ਗਏ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਘੜੀ ਵਿੱਚ ਸਰਕਾਰ ਨੇ ਹੱਥ ਖੜ੍ਹੇ ਕਰਕੇ ਬਾਰਦਾਨੇ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਕਿਸਾਨਾਂ ਅਤੇ ਆੜ੍ਹਤੀਆਂ ਉੱਤੇ ਸੁੱਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਪਿਛਲੇ ਦਿਨੀਂ ਬੇਮੌਸਮੀ ਬਾਰਸ਼ ਕਾਰਨ ਮੰਡੀਆਂ ਅਤੇ ਖੇਤਾਂ ਵਿੱਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਇਸ ਮੌਕੇ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ, ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਲਾਂਡਰਾਂ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਯੂਥ ਵਿੰਗ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਸ਼ਿਵਜੋਤ, ਸਤਵਿੰਦਰ ਕੌਰ ਮਨਹੇੜਾ, ਸਰਬਜੀਤ ਸਿੰਘ ਕਾਦੀਮਾਜਰਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਤੋਂ ਇਲਾਵਾ ਸੀਨੀਅਰ ਅਕਾਲੀ ਲੀਡਰਸ਼ਿਪ ਮੌਜੂਦ ਸੀ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…