ਵੈਕਸੀਨ ਘੁਟਾਲੇ ਤੋਂ ਬਾਅਦ ਫਤਿਹ ਕਿੱਟਾਂ ਖਰੀਦਣ ਵਿੱਚ ਕੀਤਾ ਵੱਡਾ ਘਪਲਾ: ਗੋਬਿੰਦਰ ਮਿੱਤਲ

ਆਪ ਵੱਲੋਂ ਕਾਂਗਰਸ ਪਾਰਟੀ ਦੇ ਘਪਲਿਆਂ ਅਤੇ ਧੱਕੇਸ਼ਾਹੀਆਂ ਖਿਲਾਫ਼ ਡੱਟ ਕੇ ਖੜ ਦੇ ਰਹਿਣ ਦਾ ਪ੍ਰਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਲੱਖਾਂ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨ ਵਾਲੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਪਟਨ ਸਰਕਾਰ ਦੇ ਇਨ੍ਹਾਂ ਘੁਟਾਲਿਆਂ ਦਾ ਪਰਦਾਫਾਸ਼ ਕਰਨ ਅਤੇ ਵਿਰੋਧ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਉੱਤੇ ਪੁਲੀਸ ਕੇਸ ਦਰਜ ਕੀਤੇ ਜਾ ਰਹੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਤੋਂ ਪ੍ਰਧਾਨ ਐਡਵੋਕੇਟ ਗੋਵਿੰਦਰ ਮਿੱਤਲ ਅਤੇ ਸਕੱਤਰ ਪ੍ਰਭਜੋਤ ਕੌਰ ਨੇ ਅੱਜ ਇੱਥੇ ਮੁਹਾਲੀ ਪ੍ਰੈੱਸ ਕਲੱਬ ਵਿਖੇ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਇਸ ਤੋਂ ਵੱਧ ਸ਼ਰਮਿੰਦਗੀ ਵਾਲੀ ਗੱਲ ਹੋਰ ਕੋਈ ਨਹੀਂ ਹੋ ਸਕਦੀ ਕਿ ਖ਼ੁਦ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਕਾਂਗਰਸੀ ਵਿਧਾਇਕ ਸਰਕਾਰੀ ਹਸਪਤਾਲਾਂ ਵਿੱਚ ਜਾਣ ਦੀ ਬਜਾਏ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦਾ ਬੁਰਾ ਹਾਲ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ‘ਫਤਿਹ ਕਿੱਟਾਂ’ ਖਰੀਦਣ ਵਿੱਚ ਵੱਡਾ ਕਰੋੜਾਂ ਰੁਪਇਆਂ ਦਾ ਘੋਟਾਲਾ ਕੀਤਾ ਜਿਸ ਦੇ ਚਲਦਿਆਂ 837 ਰੁਪਏ ਵਾਲੀ ‘ਫਤਿਹ ਕਿੱਟ’ 1338 ਰੁਪਏ ਦੇ ਮਹਿੰਗੇ ਮੁੱਲ ਵਿੱਚ ਖਰੀਦ ਕੇ ਪੰਜਾਬ ਵਾਸੀਆਂ ਦੀ ਜੇਬ੍ਹ ਉਤੇ ਡਾਕਾ ਮਾਰਿਆ। ਇਸ ਤੋਂ ਇਲਾਵਾ ਕਰੋਨਾ ਵੈਕਸੀਨ ਵੀ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਰੁਪਇਆਂ ਦਾ ਘੋਟਾਲਾ ਕੀਤਾ ਅਤੇ ਜਦੋਂ ਇਸ ਵੈਕਸੀਨ ਘੁਟਾਲੇ ਦਾ ਪਰਦਾਫਾਸ਼ ਹੋਇਆ ਤਾਂ ਤੁਰੰਤ ਉਸੇ ਦਿਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਦਨਾਮੀ ਦੇ ਡਰੋਂ ਪ੍ਰਾਈਵੇਟ ਹਸਪਤਾਲਾਂ ਤੋਂ ਦਵਾਈ ਵਾਪਿਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਵਪਾਰ ਜਾਂ ਘੁਟਾਲੇ ਕਰਨਾ ਨਹੀਂ ਹੁੰਦਾ ਬਲਕਿ ਸਰਕਾਰ ਦਾ ਕੰਮ ਲੋਕਾਂ ਦੀ ਭਲਾਈ ਕਰਨਾ ਹੁੰਦਾ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਰ ਫਰੰਟ ਉਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੇ ਮੰਤਰੀ ਪੰਜਾਬ ਭਰ ਵਿੱਚ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਵੱਡੇ-ਵੱਡੇ ਇਕੱਠ ਕਰਦੇ ਹਨ ਤਾਂ ਕੋਵਿਡ ਦੇ ਨਿਯਮ ਛੁਪ ਜਾਂਦੇ ਹਨ ਅਤੇ ਜਦੋਂ ਆਮ ਆਦਮੀ ਪਾਰਟੀ ਨੇ ਉਕਤ ਵੱਡੇ ਘੁਟਾਲਿਆਂ ਦਾ ਪਰਦਾਫਾਸ਼ ਕਰਨ ਲਈ ਲੋਕਤੰਤਰਿਕ ਢੰਗ ਨਾਲ ਪ੍ਰਦਰਸ਼ਨ ਕੀਤੇ ਤਾਂ ਉਨ੍ਹਾਂ ਉੱਤੇ ਪੁਲੀਸ ਕੇਸ ਦਰਜ ਕਰ ਦਿੱਤੇ ਗਏ। ਸਰਕਾਰ ਦੀ ਅਜਿਹੀ ਕਾਰਵਾਈ ਸ਼ਰੇਆਮ ਗੁੰਡਾਗਰਦੀ ਅਤੇ ਤਾਨਾਸ਼ਾਹੀ ਦਾ ਸਬੂਤ ਦਿੰਦੀ ਹੈ। ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਮੇਸ਼ਾਂ ਲੋਕ ਹਿਤ ਵਿੱਚ ਖੜਦੇ ਰਹਿਣਗੇ ਅਤੇ ਸਰਕਾਰ ਦੇ ਘੁਟਾਲਿਆਂ ਅਤੇ ਧੱਕੇਸ਼ਾਹੀਆਂ ਖ਼ਿਲਾਫ਼ ਹਮੇਸ਼ਾ ਆਵਾਜ਼ ਬੁਲੰਦ ਕਰਦੇ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…