Share on Facebook Share on Twitter Share on Google+ Share on Pinterest Share on Linkedin ਕੈਪਟਨ ਨੇ ਆਪਣੀ ਕੁਰਸੀ ਨੂੰ ਬਚਾਉਣ ਲਈ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਨੌਕਰੀਆਂ: ਬੱਬੀ ਬਾਦਲ ਪੰਜਾਬ ਕੈਬਨਿਟ ਦੇ ਤਾਜ਼ਾ ਫੈਸਲੇ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਬਚਾਉਣ ਲਈ ਕਰੋੜਪਤੀ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਕਥਿਤ ਤੌਰ ’ਤੇ ਬਿਨਾਂ ਮੈਰਿਟ ਅਤੇ ਟੈੱਸਟ ਤੋਂ ਪੁਲੀਸ ਅਤੇ ਮਾਲ ਵਿਭਾਗ ਵਿੱਚ ਨੌਕਰੀ ਦੇ ਕੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ਉੱਤੇ ਡਾਕਾ ਮਾਰਨ ਦਾ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਗਈ ਸੀ ਅਤੇ ਉਦੋਂ ਵੀ ਸਰਕਾਰ ਦੀ ਕਾਫ਼ੀ ਬਦਨਾਮੀ ਹੋਈ ਸੀ ਅਤੇ ਹੁਣ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਲਗਾ ਕੇ ਜਮਹੂਰੀਅਤ ਦਾ ਘਾਣ ਕੀਤਾ ਗਿਆ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਘਰ-ਘਰ ਰੁਜ਼ਗਾਰ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਅਜੋਕੇ ਸਮੇਂ ਵਿੱਚ ਕੱਚੇ ਕਰਮਚਾਰੀ ਪੱਕਾ ਹੋਣ ਅਤੇ ਬੇਰੁਜ਼ਗਾਰ ਨੌਜਵਾਨ ਨੌਕਰੀਆਂ ਖ਼ਾਤਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਪ੍ਰੰਤੂ ਸਰਕਾਰ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣ ਰਹੀ ਹੈ ਅਤੇ ਨਿਯਮਾਂ ਦਾ ਪਾਠ ਪੜ੍ਹਾਉਂਦੇ ਹੋਏ ਆਪਣੇ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਾਂ ਨੂੰ ਨੌਕਰੀਆਂ ਦੇ ਗੱਫੇ ਦਿੱਤੇ ਜਾ ਰਹੇ ਹਨ। ਜਦੋਂਕਿ ਇਹ ਪਰਿਵਾਰ ਪਹਿਲਾਂ ਹੀ ਸਰਮਾਏਦਾਰ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਵੀ ਨੌਕਰੀ ਨਹੀਂ ਦਿੱਤੀ ਗਈ। ਸ੍ਰੀ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਕਾਂਗਰਸੀ ਵਿਧਾਇਕਾਂ ਨੂੰ ਅਹੁਦਿਆਂ ਦਾ ਲਾਲਚ ਦੇ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਸਰਕਾਰ ਪੜੇ ਲਿਖੇ ਬੇਰੁਜ਼ਗਾਰ ਤੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਆਪਣਾ ਚੋਣ ਵਾਅਦਾ ਪੁਰੀ ਕਰਦੀ। ਉਨ੍ਹਾਂ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਤਾਜ਼ਾ ਫੈਸਲਾ ਵਾਪਸ ਨਹੀਂ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਘਰਸ਼ ਸ਼ੁਰੂ ਕਰੇਗਾ ਅਤੇ ਉੱਚ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ