ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

25 ਜੂਨ ਨੂੰ ਮੁਕੰਮਲ ਹੜਤਾਲ ’ਤੇ ਜਾਣਗੇ ਡਾਕਟਰ, ਸਮੁੱਚੇ ਪੰਜਾਬ ਵਿੱਚ ਸਿਹਤ ਸੇਵਾਵਾਂ ਠੱਪ ਰੱਖਣ ਦੀ ਚਿਤਾਵਨੀ

ਸਰਕਾਰੀ ਹਸਪਤਾਲਾਂ ਦੇ ਬਾਹਰ ਡਾਕਟਰਾਂ ਵੱਲੋਂ ਕੀਤੇ ਜਾਣਗੇ ਰੋਸ ਮੁਜ਼ਾਹਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖ਼ਾਹ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਡਾਕਟਰਾਂ ਦੇ ਕਾਡਰ ਦਾ ਨਾਨ ਪ੍ਰੈਕਟਿਸਿੰਗ ਭੱਤਾ 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਅਤੇ ਇਸ ਨੂੰ ਮੂਲ ਤਨਖ਼ਾਹ ਦਾ ਹਿੱਸਾ ਨਾ ਮੰਨੇ ਜਾਣ ਦੇ ਰੋਸ ਵਜੋਂ ਸਰਕਾਰੀ ਹਸਪਤਾਲਾਂ ਦੇ ਡਾਕਟਰ ਵੀ ਸੜਕਾਂ ’ਤੇ ਉਤਰ ਆਏ ਹਨ। ਸਰਕਾਰੀ ਮੈਡੀਕਲ, ਵੈਟਰਨਰੀ, ਡੈਂਟਲ, ਹੋਮਿਓਪੈਥਿਕ ਅਤੇ ਆਯੁਰਵੈਦਿਕ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਅੱਜ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹੀਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਮਨੋਹਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਡੀਕਲ, ਵੈਟਰਨਰੀ, ਹੋਮਿਓਪੈਥਿਕ, ਡੈਂਟਲ ਤੇ ਆਯੁਰਵੈਦ ਡਾਕਟਰਾਂ ਦਾ ਐੱਨਪੀਏ ਘਟਾਉਣ ਅਤੇ ਇਸ ਨੂੰ ਮੂਲ ਤਨਖਾਹ ਦਾ ਹਿੱਸਾ ਨਾ ਮੰਨੇ ਜਾਣ ਦੇ ਫੈਸਲੇ ਨਾਲ ਡਾਕਟਰ ਕਾਡਰ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਜਦੋਂਕਿ ਕੋਵਿਡ ਮਹਾਮਾਰੀ ਦੌਰਾਨ ਡਾਕਟਰਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਫਰੰਟ ਲਾਈਨ ’ਤੇ ਕੰਮ ਕੀਤਾ ਹੈ ਅਤੇ ਮੌਜੂਦਾ ਸਮੇ ਵਿੱਚ ਵੀ ਕਰਦੇ ਆ ਰਹੇ ਹਨ। ਕਰੋਨਾ ਸੰਕਟ ਦੌਰਾਨ ਉਨ੍ਹਾਂ ਦੇ ਕਈ ਡਾਕਟਰ ਸਾਥੀ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲ ਡਾਕਟਰਾਂ ਨੂੰ ਮੋਹਰੀ ਮਾਰ ਪਈ ਹੈ। ਉਨ੍ਹਾਂ ਸਰਕਾਰ ਨੂੰ 72 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਸਰਕਾਰ ਨੇ ਡਾਕਟਰਾਂ ਦੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ 25 ਜੂਨ ਨੂੰ ਮੁਕੰਮਲ ਹੜਤਾਲ ਕਰਕੇ ਸਮੁੱਚੇ ਪੰਜਾਬ ਵਿੱਚ ਸਿਹਤ ਸੇਵਾਵਾਂ ਠੱਪ ਰੱਖੀਆਂ ਜਾਣਗੀਆਂ ਅਤੇ ਸਾਰੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਕਰਕੇ ਸਰਕਾਰੀ ਹਸਪਤਾਲਾਂ ਦੇ ਬਾਹਰ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਇਸ ਮੌਕੇ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜੇਸ਼ ਨਾਰੰਗ ਨੇ ਕਿਹਾ ਕਿ ਆਮ ਤੌਰ ’ਤੇ ਤਨਖ਼ਾਹ-ਕਮਿਸ਼ਨ ਮਹਿੰਗਾਈ ਤੇ ਹੋਰ ਤੱਥਾਂ ਨੂੰ ਦੇਖਦੇ ਹੋਏ ਤਨਖ਼ਾਹ ਵਧਾਉਣ ਦੀਆਂ ਸਿਫ਼ਾਰਸ਼ਾਂ ਦਿੰਦੇ ਹਨ ਪ੍ਰੰਤੂ ਐਤਕੀਂ ਪਹਿਲੀ ਵਾਰ ਤਨਖ਼ਾਹ ਘਟਾਉਣ ਦੀਆਂ ਸਿਫ਼ਾਰਸ਼ਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਐੱਨਪੀਏ ਪੜ੍ਹਾਈ ਲੰਮੀ ਹੋਣ ਕਾਰਨ ਅਤੇ ਨੌਕਰੀ ਵਿੱਚ ਲੇਟ ਦਾਖ਼ਲ ਹੋਣ ਲਈ ਦਿੱਤਾ ਜਾਂਦਾ ਹੈ ਇਹ ਮੁੱਢਲੀ ਤਨਖ਼ਾਹ ਦਾ ਹਿੱਸਾ ਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਡਾਕਟਰਾਂ ਨੂੰ ਪਹਿਲਾਂ ਵਾਂਗ ਐੱਨਪੀਏ ਦਿੱਤਾ ਜਾਵੇ ਅਤੇ ਇਸ ਨੂੰ ਮੂਲ ਤਨਖ਼ਾਹ ਦਾ ਹਿੱਸਾ ਮੰਨਿਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…