ਡੇਢ ਦਹਾਕੇ ਤੋਂ ਸੰਤਾਪ ਭੋਗ ਰਹੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਉੱਠੀ

ਕੱਚੇ ਅਧਿਆਪਕਾਂ ’ਤੇ ਪੁਲੀਸ ਤਸ਼ੱਦਦ ਦੀ ਵੱਖ ਵੱਖ ਜਥੇਬੰਦੀਆਂ ਵੱਲੋਂ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ’ਤੇ ਅੱਜ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਸਮੇਂ ਪੰਜਾਬ ਪੁਲੀਸ ਅਤੇ ਯੂਟੀ ਪੁਲੀਸ ਵੱਲੋਂ ਲਾਠੀਚਾਰਜ ਕਰਨ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ। ਉਧਰ, ਪੰਜਾਬ ਵਿੱਚ ਪਿਛਲੇ ਡੇਢ ਦਹਾਕੇ ਤੋਂ ਸੰਤਾਪ ਭੋਗ ਰਹੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਨੇ ਜੋਰ ਫੜ ਲਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੁਲਸ ਵੱਲੋਂ ਕੱਚੇ ਅਧਿਆਪਕਾਂ ’ਤੇ ਜਲ ਤੋਪਾਂ ਵਰਤਣ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਪੁਲੀਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ, ਈਜੀਐਸ, ਏਆਈਈ, ਐਸਟੀਆਰ, ਆਈਈਵੀ ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਨਿਯਮ ਤਹਿਤ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ। ਕੱਚੇ ਅਧਿਆਪਕਾਂ ਦੇ ਮੁਹਾਲੀ ਵਿੱਚ ਪ੍ਰਦਰਸ਼ਨ ਦੌਰਾਨ ਡਟੇ ਰਹੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਗੁਰਪਿਆਰ ਕੋਟਲੀ, ਹਰਦੀਪ ਸਿੰਘ ਟੋਡਰਪੁਰ, ਕੁਲਵਿੰਦਰ ਜੋਸਨ ਸਮੇਤ ਅਤਿੰਦਰਪਾਲ ਸਿੰਘ ਅਤੇ ਜਸਪਾਲ ਖਾਂਗ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਫਾਸ਼ੀਵਾਦੀ ਰਾਹਾਂ ’ਤੇ ਚੱਲਣ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਥਾਂ ਨਿੱਜੀਕਰਨ ਦੀ ਨੀਤੀ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਡੀਟੀਐਫ਼ ਦੇ ਸੂਬਾਈ ਆਗੂਆਂ ਗੁਰਮੀਤ ਸੁਖਪੁਰ, ਰਾਜੀਵ ਬਰਨਾਲਾ, ਜਗਪਾਲ ਬੰਗੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਅੌਜਲਾ, ਦਲਜੀਤ ਸਫੀਪੁਰ, ਹਰਜਿੰਦਰ ਵਡਾਲਾ ਬਾਂਗਰ, ਪਵਨ ਕੁਮਾਰ, ਰੁਪਿੰਦਰਪਾਲ, ਸੁਖਦੇਵ ਡਾਨਸੀਵਾਲ, ਨਛੱਤਰ ਸਿੰਘ ਅਤੇ ਤਜਿੰਦਰ ਸਿੰਘ ਨੇ ਵੀ ਪੰਜਾਬ ਸਰਕਾਰ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ।
ਐਸਸੀ\ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਜਨਰਲ ਸਕੱਤਰ ਕ੍ਰਿਸ਼ਨ ਸਿੰਘ ਦੁੱਗਾ, ਲਛਮਣ ਸਿੰਘ ਨਬੀਪੁਰ, ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਪਰਵਿੰਦਰ ਭਾਰਤੀ, ਵਿਜੇ ਕੁਮਾਰ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਹਰਬੰਸ ਲਾਲ ਪਰਜੀਆਂ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਮੁੱਖ ਮੰਤਰੀ ਦੀ ਕੋਠੀ ਘੇਰਨ ਜਾ ਰਹੇ ਕੱਚੇ ਅਧਿਆਪਕਾਂ ’ਤੇ ਅੱਜ ਦੂਜੀ ਵਾਰ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਹੁਣ ਰੁਜ਼ਗਾਰ ਦੇਣ ਦੀ ਬਜਾਏ ਲਾਠੀਆਂ ਬਰਸਾ ਰਹੀ ਹੈ। ਅੱਤ ਦੀ ਗਰਮੀ ਵਿੱਚ ਸੜਕਾਂ ’ਤੇ ਧਰਨਾ ਲਗਾ ਕੇ ਬੈਠੇ ਅਧਿਆਪਕਾਂ ਦੀ ਪਹਿਲ ਦੇ ਆਧਾਰ ’ਤੇ ਗੱਲ ਮੰਨਣੀ ਚਾਹੀਦੀ ਹੈ।
ਉਧਰ, ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਆਗੂਆਂ ਅਰੁਣ ਕੁਮਾਰ ਅਤੇ ਸੁਰਜੀਤ ਸਿੰਘ ਨੇ ਵੀ ਕੱਚੇ ਅਧਿਆਪਕਾਂ ’ਤੇ ਪੁਲੀਸ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ’ਤੇ ਆਪਣੇ ਵਾਅਦੇ ਤੋਂ ਮੁੱਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਆਪਣੇ ਚੋਣ ਵਾਅਦੇ ਪੂਰੇ ਕਰਨ ਦੀ ਥਾਂ ਸੂਬਾ ਸਰਕਾਰ ਇਨਸਾਫ਼ ਮੰਨਣ ਵਾਲਿਆਂ ਨੂੰ ਕੁਟਾਪਾ ਚਾੜ ਰਹੀ ਹੈ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ, ਸੂਬਾ ਪ੍ਰਧਾਨ ਹਾਕਮ ਸਿੰਘ ਵਾਲੀਆ, ਜਨਰਲ ਸਕੱਤਰ ਸੁਖਦੇਵ ਲਾਲ ਬੱਬਰ ਅਤੇ ਜਸਵੀਰ ਸਿੰਘ ਗੋਸਲ ਨੇ ਵੀ ਕੱਚੇ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…