ਇਕ ਇਕ ਅਧਿਆਪਕ ਨੂੰ ਪੱਕੀ ਪੋਸਟ ’ਤੇ ਲਗਾਇਆ ਜਾਵੇਗਾ: ਕੈਪਟਨ ਸੰਦੀਪ ਸੰਧੂ

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਚਾਨਕ ਅਧਿਆਪਕਾਂ ਦੇ ਧਰਨੇ ਵਿੱਚ ਪਹੁੰਚੇ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 23ਵੇਂ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਵੀਰਵਾਰ ਨੂੰ 23ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸੇ ਦੌਰਾਨ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਚਾਨਕ ਧਰਨੇ ਵਿੱਚ ਪਹੁੰਚ ਗਏ। ਉਨ੍ਹਾਂ ਨੇ ਬੱਚਿਆਂ ਸਮੇਤ ਧਰਨੇ ਉੱਤੇ ਬੈਠੀਆਂ ਅੌਰਤਾਂ ਅਤੇ ਸਾਥੀ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਅੱਤ ਦੀ ਗਰਮੀ ਵਿੱਚ ਉਨ੍ਹਾਂ ਨੂੰ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮ ਵਰਗ ਬਾਰੇ ਸੂਬਾ ਸਰਕਾਰ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਹੁਣ ਤੱਕ ਕਾਫ਼ੀ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਮੰਗਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੇਸ ਤਿਆਰ ਕਰਕੇ ਬੁੱਧਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਿਨ੍ਹਾਂ ਅਧਿਆਪਕਾਂ ਦਾ ਡਿਪਲੋਮਾ ਨਹੀਂ ਕੀਤਾ ਹੋਇਆ ਹੈ। ਉਨ੍ਹਾਂ ਦਾ ਵੀ ਢੁਕਵਾਂ ਹੱਲ ਕੱਢਿਆ ਜਾਵੇਗਾ ਅਤੇ ਇਕ ਇਕ ਅਧਿਆਪਕ ਨੂੰ ਪੱਕੀ ਪੋਸਟ ’ਤੇ ਲਗਾਇਆ ਜਾਵੇਗਾ।
ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸਮੇਤ ਹੋਰ ਆਗੂ ਅਤੇ ਕੱਚੇ ਅਧਿਆਪਕ ਹਾਜ਼ਰ ਸਨ। ਉਨ੍ਹਾਂ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਜੇਕਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਹੋਰ ਬਾਕੀ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਸ ਦਿਨ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਅਤੇ ਸਿੱਖਿਆ ਸਕੱਤਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

ਉਧਰ, ਅੱਤ ਗਰਮੀ ਵਿੱਚ ਕੱਚੇ ਅਧਿਆਪਕ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ, ਰਾਜਾ ਅੌਲਖ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਇਨ੍ਹਾਂ ’ਚੋਂ ਰਾਜਾ ਅੌਲਖ, ਬੇਅੰਤ ਸਿੰਘ ਪਟਿਆਲਾ, ਕੁਲਵਿੰਦਰ ਸਿੰਘ ਨਾੜੂ ਦੀ ਧੁੱਪ ਕਾਰਨ ਸਿਹਤ ਵਿਗੜ ਗਈ ਹੈ। ਇਨ੍ਹਾਂ ਅਧਿਆਪਕਾਂ ਨੂੰ ਸਿਰ ਦਰਦ ਅਤੇ ਬੁਖ਼ਾਰ ਦੀ ਸ਼ਿਕਾਇਤ ਹੈ। ਇਸੇ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਦੀ ਅਗਵਾਈ ਹੇਠ ਵੱਡਾ ਜਥਾ ਧਰਨੇ ਵਿੱਚ ਪੁੱਜਾ ਅਤੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…