ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ, ਮਾਲ ਮੰਤਰੀ ਦਾ ਪੁਤਲਾ ਸਾੜਿਆ

ਦਫ਼ਤਰੀ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਜਾਰੀ, ਲੋਕ ਖੱਜਲ-ਖੁਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਮੁਹਾਲੀ ਡੀਸੀ ਦਫ਼ਤਰ ਸਮੇਤ ਸਮੂਹ ਐਸਡੀਐਮ ਦਫ਼ਤਰਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਦੇ ਕਰਮਚਾਰੀ ਕਲਮਛੋੜ-ਹੜਤਾਲ ’ਤੇ ਹਨ। ਅੱਜ ਦਫ਼ਤਰੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਦੇ ਬਾਹਰ ਮਾਲ ਮੰਤਰੀ ਦਾ ਪੁਤਲਾ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਉਧਰ, ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ ਮੁਕੰਮਲ ਠੱਪ ਹੋਣ ਕਾਰਨ ਸ਼ਹਿਰ ਵਾਸੀਆਂ ਅਤੇ ਦੁਰ ਦੁਰਾਡੇ ਪਿੰਡਾਂ ’ਚੋਂ ਆਪਣੇ ਕੰਮਾਂ ਕਾਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਦੇ ਗੁਰਮੁੱਖ ਸਿੰਘ ਅਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰ ਕਾਮੇ ਆਪਣੀ ਵਿਭਾਗੀ ਵਿੱਤੀ ਅਤੇ ਗੈਰ ਵਿੱਤੀ ਮੰਗਾਂ ਦੀ ਪੂਰਤੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪ੍ਰੰਤੂ ਸਰਕਾਰ ਨੇ ਹੁਣ ਤੱਕ ਸਾਰ ਨਹੀਂ ਲਈ। ਜਿਸ ਕਾਰਨ ਡੀਸੀ ਦਫ਼ਤਰ ਅਤੇ ਤਹਿਸੀਲਾਂ ਦੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਨੂੰ ਫੇਲ੍ਹ ਦੱਸਦਿਆਂ ਕਿਹਾ ਕਿ ਵਿਭਾਗਾਂ ਦੇ ਪੁਨਰਗਠਨ ਦੇ ਨਾਂ ’ਤੇ ਡੀਸੀ ਦਫ਼ਤਰਾਂ ਦੀਆਂ 6 ਸ਼ਾਖਾਵਾਂ ਸਮੇਤ ਸੀਨੀਅਰ ਸਹਾਇਕਾਂ ਦੀਆਂ 132 ਅਤੇ ਕਲਰਕਾਂ ਦੀਆਂ 227 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਡੀਸੀ ਦਫ਼ਤਰਾਂ ਦੇ ਸੀਨੀਅਰ ਸਹਾਇਕਾਂ ਵਿੱਚ ਰੀਵਰਸ਼ਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਵੇਂ ਸਿਰਿਓਂ ਸੋਧ ਕੇ ਲਾਗੂ ਕੀਤਾ ਜਾਵੇ। ਇਸ ਮੌਕੇ ਯੂਨੀਅਨ ਆਗੂ ਵਿਜੈ ਪ੍ਰਭਾਕਰ, ਹਰਪ੍ਰੀਤ ਸਿੰਘ, ਰਮੇਸ਼ ਲਾਲ, ਰਮਨਦੀਪ ਸਿੰਘ, ਜਗਨੰਦਨ ਸਿੰਘ, ਗੁਰਵਿੰਦਰ ਸਿੰਘ, ਹਰਜਿੰਦਰ ਕੌਰ, ਕਰਮਜੀਤ ਕੌਰ, ਰਿਤੂ ਕਪੂਰ, ਸੋਨਿਕਾ ਮਹਿਤਾ, ਹਰਜੀਤ ਕੌਰ ਸਮੇਤ ਹੋਰ ਦਫ਼ਤਰੀ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Campaign

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…