Share on Facebook Share on Twitter Share on Google+ Share on Pinterest Share on Linkedin ਕੱਚੇ ਅਧਿਆਪਕਾਂ ਨੂੰ ਫਿਰ ਤੋਂ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ ਮੰਗਾਂ ਹੱਲ ਕਰਨ ਦਾ ਲਾਰਾ ਐਸਐਸਪੀ ਦਫ਼ਤਰ ਵਿੱਚ ਕੈਪਟਨ ਸੰਦੀਪ ਸੰਧੂ ਨਾਲ ਹੋਈ ਕੱਚੇ ਅਧਿਆਪਕ ਯੂਨੀਅਨ ਆਗੂਆਂ ਦੀ ਮੀਟਿੰਗ ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਸੂਬਾ ਪੱਧਰੀ ਧਰਨਾ 39ਵੇਂ ਦਿਨ ਵਿੱਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਸਨਿੱਚਰਵਾਰ ਨੂੰ 39ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਕੱਚੇ ਅਧਿਆਪਕਾਂ ਨੇ ਵਰ੍ਹਦੇ ਮੀਂਹ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖਦਿਆਂ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਮੁਹਾਲੀ ਪਹੁੰਚੇ ਅਤੇ ਉਨ੍ਹਾਂ ਨੇ ਐਸਐਸਪੀ ਦਫ਼ਤਰ ਵਿਖੇ ਕਾਨਫਰੰਸ ਰੂਮ ਵਿੱਚ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ, ਸੂਬਾ ਕਨਵੀਨਰ ਦਵਿੰਦਰ ਸਿੰਘ ਸੰਧੂ, ਗਗਨਦੀਪ ਕੌਰ ਅਬੋਹਰ, ਵੀਰਪਾਲ ਕੌਰ ਸਿਧਾਣਾ, ਹਰਪ੍ਰੀਤ ਕੌਰ, ਜਸਵੰਤ ਸਿੰਘ ਪੰਨੂ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਸਮੇਤ ਹੋਰਨਾਂ ਮੋਹਰੀ ਆਗੂਆਂ ਨਾਲ ਮੀਟਿੰਗ ਕੀਤੀ। ਕੈਪਟਨ ਸੰਧੂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਸਮੇਤ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਅਗਲੀ ਪੰਜਾਬ ਕੈਬਨਿਟ ਦੀ ਮੀਟਿੰਗ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ ਨੇ ਹੋਰਨਾਂ ਆਗੂਆਂ ਨੇ ਕਿਹਾ ਕਿ ਬੀਤੀ 7 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਮੁੱਖ ਪ੍ਰਮੁੱਖ ਸੁਰੇਸ਼ ਕੁਮਾਰ ਨੇ ਕੱਚੇ ਅਧਿਆਪਕਾਂ ਨੂੰ ਲੋੜ ਅਨੁਸਾਰ ਅਸਾਮੀਆਂ ਵਧਾਉਣ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਸਿੱਖਿਆ ਅਧਿਕਾਰੀ ਸਾਲ ਪੁਰਾਣੀ ਰਿਪੋਰਟ ਨੂੰ ਆਧਾਰ ਬਣਾ ਕੇ ਸਿਰਫ਼ 8393 ਅਸਾਮੀਆਂ ਕੱਢਣ ਦੀ ਗੱਲ ਕਹਿ ਰਹੇ ਹਨ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਐਨਰੋਲਮੈਂਟ ਮੁਤਾਬਕ ਅਧਿਆਪਕਾਂ ਦੀਆਂ ਅਸਾਮੀਆਂ ਦਿੱਤੀਆਂ ਜਾਣ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਖ਼ੁਦ ਜਨਤਕ ਤੌਰ ’ਤੇ ਇਹ ਗੱਲ ਮੰਨਦਿਆਂ ਦਾਅਵਾ ਕੀਤਾ ਹੈ ਕਿ ਮੌਜੂਦਾ ਸਮੇਂ ਵਿੱਚ 3 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਆਖ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਏ ਹਨ। ਇਹ ਸਭ ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਬਦੌਲਤ ਸੰਭਵ ਹੋ ਸਕਿਆ ਹੈ। ਲਿਹਾਜ਼ਾ ਘੱਟੋ-ਘੱਟ 13 ਹਜ਼ਾਰ ਅਸਾਮੀਆਂ ਕੱਢੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਹੁਣ ਅਗਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨਾ ਪ੍ਰਵਾਨ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਬੀਤੇ ਕੱਲ੍ਹ ਵਾਂਗ ਗੁਪਤ ਐਕਸ਼ਨ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ