ਸ਼ਾਮਲਾਤ ਜ਼ਮੀਨ ਵਿਵਾਦ: ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਪੁਤਲਾ ਸਾੜਿਆ

ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ, ਕੈਬਨਿਟ ਮੰਤਰੀ ਬਲਬੀਰ ਸਿੱਧੂ ਤੋਂ ਅਸਤੀਫ਼ਾ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਗਊਆਂ ਦੀ ਸੇਵਾ-ਸੰਭਾਲ ਦੀ ਆੜ ਵਿੱਚ ਪਿੰਡ ਬਲੌਂਗੀ ਦੀ ਬਹੁ-ਕਰੋੜੀ ਸ਼ਾਮਲਾਤ ਜ਼ਮੀਨ ਨੂੰ ਲੀਜ਼ ’ਤੇ ਲੈਣ ਦੇ ਮਾਮਲੇ ਨੂੰ ਲੈ ਕੇ ਛਿੜੇ ਤਾਜ਼ਾ ਵਿਵਾਦ ਦਾ ਮਾਮਲਾ ਕਾਫ਼ੀ ਭਖ ਗਿਆ ਹੈ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਇੱਥੋਂ ਦੇ ਫੇਜ਼-7 ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੰਤਰੀ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਪਾਰਟੀ ਦੇ ਬੁਲਾਰੇ ਮਨਵਿੰਦਰ ਸਿੰਘ ਕੰਗ ਅਤੇ ਵਿਨੀਤ ਵਰਮਾ ਨੇ ਮੁੱਖ ਮੰਤਰੀ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸ਼ਾਮਲਾਤ ਜ਼ਮੀਨ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਅਤੇ ਸਿੱਧੂ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਿੰਡ ਦੈੜੀ ਵਿੱਚ ਪ੍ਰਾਈਵੇਟ ਫਰਮ ਦੇ ਨਾਮ ਜ਼ਮੀਨ ਤਬਦੀਲ ਕਰਵਾਈ ਗਈ ਸੀ ਅਤੇ ਲੋਕਾਂ ਨੂੰ ਹਾਈ ਕੋਰਟ ਦੀ ਸ਼ਰਨ ਵਿੱਚ ਜਾਣਾ ਪਿਆ ਸੀ।
ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਡਾ. ਚਿਰਾਗਦੀਪ ਸਿੰਘ ਆਹਲੂਵਾਲੀਆ ਅਤੇ ਯੂਥ ਆਗੂ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਮੁਹਾਲੀ ਦਾ ਸਰਕਾਰੀ ਸਿਸਟਮ ਸਿੱਧੂ ਐਂਡ ਕੰਪਨੀ ਚਲਾ ਰਹੀ ਹੈ ਅਤੇ ਉਨ੍ਹਾਂ ਦੀ ਅੱਖ ਇਲਾਕੇ ਦੀਆਂ ਸ਼ਾਮਲਾਤ ਜ਼ਮੀਨਾਂ ’ਤੇ ਹੈ। ਉਨ੍ਹਾਂ ਐਲਾਨ ਕੀਤਾ ਕਿ ਸਿੱਧੂ ਨੂੰ ਅਸਤੀਫ਼ੇ ਦੇਣ ਲਈ ਮਜਬੂਰ ਕਰਨ ਅਤੇ ਸ਼ਾਮਲਾਤ ਜ਼ਮੀਨਾਂ ਦੀ ਰਾਖੀ ਲਈ ਆਪ ਪਾਰਟੀ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਵਿੱਢੇਗੀ।
ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਪੰਨੂ ਨੇ ਕਿਹਾ ਕਿ ਸਿਆਸੀ ਆਗੂਆਂ ਨੂੰ ਇਕ ਇੰਚ ਵੀ ਸ਼ਾਮਲਾਤ ਜ਼ਮੀਨ ਹੜੱਪਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਗਊਸ਼ਾਲਾ ਦੇ ਨਾਂ ’ਤੇ ਪਿੰਡ ਬਲੌਂਗੀ ਦੀ ਸ਼ਾਮਲਾਤ ਜ਼ਮੀਨ ਨਿੱਜੀ ਟਰੱਸਟ ਦੇ ਨਾਮ ਲੀਜ਼ ਉੱਤੇ ਲਈ ਹੈ। ਇਸ ਮੌਕੇ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ, ਸਵੀਟੀ ਸ਼ਰਮਾ, ਕਸ਼ਮੀਰ ਕੌਰ, ਸਵਰਨ ਸ਼ਰਮਾ, ਗੁਰਮੇਜ ਸਿੰਘ ਕਾਹਲੋਂ, ਬਹਾਦਰ ਸਿੰਘ ਚਹਿਲ, ਮਨਦੀਪ ਮਟੌਰ, ਗੁਰਮੇਲ ਸਿੱਧੂ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…