ਆਜ਼ਾਦੀ ਦਿਵਸ ਮੌਕੇ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਪ੍ਰਦਰਸ਼ਨ, ਸੂਬਾ ਪ੍ਰਧਾਨ ਸਣੇ 9 ਆਗੂ ਗ੍ਰਿਫ਼ਤਾਰ

ਠੇਕਾ ਮੁਲਾਜ਼ਮਾਂ ਵੱਲੋਂ ਥਾਂ-ਥਾਂ ’ਤੇ ਸੜਕ ਜਾਮ, ਰੋਸ ਮਾਰਚ ਦੌਰਾਨ ਨਾਅਰੇਬਾਜ਼ੀ

ਨਿੱਜੀਕਰਨ ਦੀ ਨੀਤੀ ਰੱਦ ਕਰਕੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ: ਬਲਿਹਾਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਆਜ਼ਾਦੀ ਦਿਵਸ ਨੂੰ ਪਰਿਵਾਰਾਂ ਸਮੇਤ ਕਾਲੇ ਦਿਨ ਵਜੋਂ ਮਨਾਇਆ ਗਿਆ। ਉਪਰੰਤ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਪਹੁੰਚੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਮੁਹਾਲੀ ਪੁਲੀਸ ਨੇ ਆਜ਼ਾਦੀ ਸਮਾਰੋਹ ਵਿੱਚ ਖੱਲਲ ਪਾਉਣ ਦਾ ਯਤਨ ਕਰਨ ਵਾਲੇ ਪਾਵਰਕੌਮ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸਮੇਤ 9 ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਕਾਰਵਾਈ ਦੀ ਸਖ਼ਤੀ ਨਿਖੇਧੀ ਕਰਦਿਆਂ ਠੇਕਾ ਮੁਲਾਜ਼ਮਾਂ ਨੇ ਬੱਸ ਅੱਡੇ ਤੋਂ ਥਾਣਾ-1 ਤੱਕ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ। ਠੇਕਾ ਮੁਲਾਜ਼ਮਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲੀਸ ਨੂੰ ਹਿਰਾਸਤ ਵਿੱਚ ਲਏ ਆਗੂਆਂ ਨੂੰ ਰਿਹਾਅ ਕਰਨਾ ਪਿਆ। ਥਾਣੇ ’ਚੋਂ ਰਿਹਾਅ ਹੋਣ ਮਗਰੋਂ ਠੇਕਾ ਮੁਲਾਜ਼ਮਾਂ ਨੇ ਮੋਟਰ ਸਾਈਕਲਾਂ ’ਤੇ ਸਵਾਰ ਹੋ ਕੇ ਵਿਸ਼ਾਲ ਰੋਸ ਮਾਰਚ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਪਰਮਿੰਦਰ ਸਿੰਘ, ਅਜੇ ਕੁਮਾਰ, ਕੁਲਵਿੰਦਰ ਸਿੰਘ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ, ਖਜ਼ਾਨਚੀ ਚਰਨਜੀਤ ਸਿੰਘ, ਦਵਿੰਦਰ ਸਿੰਘ ਅਤੇ ਸੁਰਮੁੱਖ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ, ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾ ਫੰਡ ਕੋਸ਼ (ਆਈਐਮਐਫ਼) ਦੇ ਇਸ਼ਾਰਿਆਂ ’ਤੇ ਸਰਕਾਰ ਖੇਤੀ ਅਤੇ ਲੇਬਰ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਜ਼ਰੂਰੀ ਵਸਤਾਂ (ਖੇਤੀ ਪੈਦਾਵਾਰ) ਅਤੇ ਜ਼ਰੂਰੀ ਸੇਵਾਵਾਂ ਬਿਜਲੀ-ਪਾਣੀ, ਸਿੱਖਿਆ, ਸਿਹਤ, ਆਵਾਜਾਈ, ਦੂਰ-ਸੰਚਾਰ ਆਦਿ ਸਸਤੀਆਂ ਸਹੂਲਤਾਂ ਦੇਣ ਵਾਲੇ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੇ ਰਾਹ ਪੈ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਸੈਕਟਰਾਂ ਵਿੱਚ ਬੇਰੋਕ ਲੁੱਟ ਕਰਨ ਦੇ ਰਸਤੇ ਖੋਲ੍ਹਣ ਲਈ ਹੁਕਮਰਾਨਾਂ ਵੱਲੋਂ ਖੇਤੀ ਅਤੇ ਕਿਰਤ ਕਾਨੂੰਨਾਂ ਵਿੱਚ ਬੇਲੋੜੀਆਂ ਸੋਧਾਂ ਕਰਕੇ ਮਿਹਨਤਕਸ਼ ਲੋਕਾਂ ਦੀ ਸਿੱਧੀ ਲੁੱਟ ਕਰਵਾਉਣ, ਬੰਧੂਆਂ ਮਜ਼ਦੂਰ ਬਣਾਉਣ ਅਤੇ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਣ ਦੇ ਲੋਕਮਾਰੂ ਫੈਸਲੇ ਲਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੈ, ਦੂਜੇ ਪਾਸੇ ਦੇਸ਼ ਵਾਸੀਆਂ ਨੂੰ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਬਣਾਉਣ ਲਈ ਧੱਕੇ ਨਾਲ ਮਾੜੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਜਿਸ ਕਾਰਨ ਠੇਕਾ ਮੁਲਾਜ਼ਮਾਂ ਨੂੰ ਕਾਲਾ ਦਿਨ ਮਨਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰਾਂ ਨੇ ਲੋਕਮਾਰੂ ਫੈਸਲੇ ਵਾਪਸ ਨਹੀਂ ਲਏ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕੇ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…