ਕੌਡੀਆਂ ਦੇ ਭਾਅ ਜ਼ਮੀਨਾਂ ਐਕਵਾਇਰ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਰੈਕਟਰ ਮਾਰਚ

ਅਕਾਲੀ ਵਰਕਰਾਂ ਵੱਲੋਂ ਸੁਖਬੀਰ ਦੀ ਅਗਵਾਈ ਹੇਠ ਮੁੱਖ ਮੰਤਰੀ ਚੰਨੀ ਦੀ ਕੋਠੀ ਵੱਲ ਕੂਚ, ਪੁਲੀਸ ਨੇ ਰਾਹ ਰੋਕਿਆਂ

ਗੁਰਦੁਆਰਾ ਅੰਬ ਸਾਹਿਬ ਤੋਂ ਚੱਲਿਆ ਸੀ ਟਰੈਕਟਰ ਮਾਰਚ ਵਾਈਪੀਐਸ ਚੌਂਕ ਤੋਂ ਅੱਗੇ ਨਹੀਂ ਜਾਣ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਤੇਪਲਾ ਤੋਂ ਸੋਲਖੀਆ ਸਾਹਿਬ (ਰੂਪਨਗਰ) ਤੱਕ ਬਣਾਏ ਜਾਣ ਵਾਲੇ ਕੌਮੀ ਮਾਰਗ ਲਈ 60 ਪਿੰਡਾਂ ਦੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰੇ 10 ਵਜੇ ਹੀ ਅਕਾਲੀ ਆਗੂ ਤੇ ਵਰਕਰ ਅਤੇ ਜ਼ਮੀਨਾਂ ਦੇ ਮਾਲਕ ਗੁਰਦੁਆਰਾ ਅੰਬ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ 12 ਵਜੇ ਤੱਕ ਵੱਡੀ ਭੀੜ ਜਮਾ ਹੋ ਗਈ। ਅਰਦਾਸ ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਟਰੈਕਟਰਾਂ ’ਤੇ ਸਵਾਰ ਹੋ ਕੇ ਚੰਡੀਗੜ੍ਹ ਵੱਲ ਕੂਚ ਮਾਰਚ ਕੀਤਾ ਗਿਆ ਪ੍ਰੰਤੂ ਮੁਹਾਲੀ ਪੁਲੀਸ ਨੇ ਵਾਈਪੀਐਸ ਚੌਂਕ ਨੇੜੇ ਬੈਰੀਕੇਟ ਲਗਾ ਕਿ ਅਕਾਲੀਆਂ ਦਾ ਰਾਹ ਰੋਕ ਲਿਆ। ਜਿਸ ਕਾਰਨ ਅਕਾਲੀ ਵਰਕਰ ਮੁਹਾਲੀ-ਚੰਡੀਗੜ੍ਹ ਸੜਕ ’ਤੇ ਚੱਕਾ ਜਾਮ ਕਰਕੇ ਧਰਨੇ ’ਤੇ ਬੈਠ ਗਏ। ਇਸ ਦੌਰਾਨ ਪੁਲੀਸ ਨੇ ਸੁਖਬੀਰ ਸਮੇਤ ਹੋਰ ਕਈ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਪਰ ਬਾਅਦ ਵਿੱਚ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ।
ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਐਕਵਾਇਰ ਕੀਤੀ ਜਾ ਰਹੀ 25 ਹਜ਼ਾਰ ਏਕੜ ਜ਼ਮੀਨਾਂ ਦੇ ਮਾਲਕਾਂ ਵੱਲੋਂ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਨੂੰ ਅਣਡਿੱਠ ਕਰਕੇ ਕਿਸਾਨਾਂ ਨਾਲ ਧਰੋਹ ਕੀਤਾ ਹੈ। ਸਰਕਾਰ ਪੇਂਡੂ ਤੇ ਸ਼ਹਿਰੀ ਖੇਤਰਾਂ ਲਈ ਕ੍ਰਮਵਾਰ 30 ਅਤੇ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਰਹੀ ਹੈ ਜਦਕਿ ਇਹ ਮੁਆਵਜ਼ਾ ਕ੍ਰਮਵਾਰ 2 ਤੋਂ 3 ਕਰੋੜ ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 25 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨ ਨਾਲ 75 ਹਜ਼ਾਰ ਏਕੜ ਜ਼ਮੀਨ ਵਰਤੋਂ ਵਿਹੂਣੀ ਹੋ ਜਾਵੇਗੀ ਤੇ ਛੋਟੇ ਛੋਟੇ ਟੁਕੜੇ ਹੋ ਜਾਣਗੇ ਜਿੱਥੇ ਨਾ ਪਹੁੰਚਿਆ ਜਾ ਸਕੇਗਾ ਅਤੇ ਨਾ ਹੀ ਸਿੰਜਾਈ ਸਹੂਲਤ ਮਿਲ ਸਕੇਗੀ। 3 ਹਜ਼ਾਰ ਘਰ ਢਾਹ ਦਿੱਤੇ ਜਾਣਗੇ ਤੇ 100 ਪਿੰਡਾਂ ’ਚੋਂ ਛਪੜ ਖ਼ਤਮ ਹੋ ਜਾਣਗੇ। ਪ੍ਰਾਜੈਕਟ ਤਹਿਤ ਕਰੋੜ ਦਰਖ਼ਤ ਕੱਟ ਦਿੱਤੇ ਜਾਣਗੇ ਤੇ ਸੈਂਕੜੇ ਫੈਕਟਰੀਆਂ, ਸ਼ੈਲਰ, ਪੋਲਟਰੀ ਫਾਰਮ, ਭੱਠੇ ਅਤੇ ਡੇਅਰੀ ਫਾਰਮ ਤਬਾਹ ਹੋ ਜਾਣਗੇ ਅਤੇ ਜਲ ਸਰੋਤ ਤੇ ਟਿਊਬਵੈੱਲ ਵੀ ਖ਼ਤਮ ਹੋ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ’ਤੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੀ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੀ ਕਾਰਵਾਈ ਨੂੰ ਅਕਾਲੀ ਦਲ ਕਦੇ ਵੀ ਪੂਰੀ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟਾਂ ਦਾ ਉਦੇਸ਼ ਪ੍ਰਮੁੱਖ ਸ਼ਹਿਰਾਂ ਵਿੱਚ ਫਾਸਲਾ ਘਟਾ ਕੇ ਕਾਰਪੋਰੇਟ ਜਗਤ ਦੇ ਸਮਾਨ ਦੀ ਆਵਾਜਾਈ ਤੇਜ਼ ਰਫ਼ਤਾਰ ਕਰਨ ਵੱਲ ਸੇਧਤ ਹੈ ਪਰ ਜਿਹੜੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਕੌਡੀਆਂ ਦਾ ਭਾਅ ਦਿੱਤਾ ਜਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਅਤੇ ਇਹ ਜ਼ਮੀਨ ਦੀ ਕੀਮਤ 2 ਤੋਂ 3 ਕਰੋੜ ਰੁਪਏ ਪ੍ਰਤੀ ਏਕੜ ਮਿਲਣੀ ਯਕੀਨੀ ਬਣਾਉਣ ਲਈ ਨਿਯਮ ਤੈਅ ਕਰਨ ਮਗਰੋਂ ਮੁੜ ਸ਼ੁਰੂ ਕੀਤੀ ਜਾਵੇ। ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਲਈ ਨਿਆਂ ਮਿਲਣਾ ਯਕੀਨੀ ਬਣਾਏਗਾ। ਸੰਘਰਸ਼ ਕਮੇਟੀ ਦੇ ਮੈਂਬਰਾਂ ਹਰਮਨਪ੍ਰੀਤ ਸਿੰਘ ਤੇ ਗੁਰਦਿਆਲ ਸਿੰਘ ਨੇ ਵੀ ਸੰਬੋਧਨ ਕੀਤਾ। ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੰਚ ਸੰਚਾਲਕ ਕੀਤਾ।

ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਇਕਬਾਲ ਸਿੰਘ, ਰਣਜੀਤ ਸਿੰਘ ਗਿੱਲ, ਜਗਦੀਪ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਪਰਮਬੰਸ ਸਿੰਘ ਬੰਟੀ ਰੋਮਾਣਾ ਤੇ ਰੋਬਿਨ ਬਰਾੜ, ਚਰਨਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਮੁਹਾਲੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਮਨਜੀਤ ਸਿੰਘ ਮੁੰਧੋ ਸੰਗਤੀਆਂ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਗੁਰਮੀਤ ਸਿੰਘ ਸ਼ਾਮਪੁਰ, ਹਰਮਨਪ੍ਰੀਤ ਸਿੰਘ ਪ੍ਰਿੰਸ, ਮਨਜੀਤ ਸਿੰਘ ਮਲਕਪੁਰ, ਅਵਤਾਰ ਸਿੰਘ ਦਾਊਂ, ਹਰਜਿੰਦਰ ਸਿੰਘ ਬਲੌਂਗੀ ਸਮੇਤ ਕਈ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…