ਯੂਥ ਅਕਾਲੀ ਵਰਕਰਾਂ ਨੇ ਜਗਦੀਸ਼ ਟਾਈਟਲਰ ਤੇ ਹੋਰਨਾਂ ਆਗੂਆਂ ਦੇ ਪੁਤਲੇ ਸਾੜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਨਵੰਬਰ ਸਿੱਖ ਕਤਲੇਆਮ ਲਈ ਕਥਿਤ ਜ਼ਿੰਮੇਵਾਰ ਜਗਦੀਸ਼ ਟਾਈਟਲਰ ਨੂੰ ਕਾਂਗਰਸ ਪਾਰਟੀ ਵੱਲੋਂ ਸਪੈਸ਼ਲ ਇਨਵਾਇਟੀ ਮੈਂਬਰ ਨਿਯੁਕਤ ਕੀਤੇ ਜਾਣ ਦੇ ਵਿਰੋਧ ਵਿੱਚ ਸੋਮਵਾਰ ਨੂੰ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਅਤੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਜਗਦੀਸ਼ ਟਾਈਟਲਰ ਦੇ ਪੁਤਲੇ ਸਾੜੇ ਗਏ।
ਇਸ ਮੌਕੇ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਸਿੱਖ ਨਸਲਕੁਸ਼ੀ 1984 ਦੇ ਮੁੱਖ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਦਾ ਸਪੈਸ਼ਲ ਇਨਵਾਇਟੀ ਬਣਾ ਕੇ ਸਿੱਖਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਿਆ ਗਿਆ ਹੈ। ਉਨ੍ਹਾਂ ਕਿਹਾ ਕਿ 1984 ਵਿੱਚ ਦਿੱਲੀ ਅਤੇ ਹੋਰ ਥਾਵਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਲਈ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਜ਼ਿੰਮੇਵਾਰ ਹਨ, ਭਾਵੇਂ ਕੁਝ ਮੁਲਜ਼ਮ ਜੇਲ੍ਹ ਵਿੱਚ ਹਨ ਪਰ ਜਿਸ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਜੇਲ੍ਹ ਵਿੱਚ ਡੱਕਣਾ ਚਾਹੀਦਾ ਸੀ, ਉਸ ਨੂੰ ਉੱਚਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਮਾੜੀ ਗੱਲ ਇਹ ਹੈ ਕਿ ਹਰ ਗਲ ਅਤੇ ਮਿੰਟ ਮਿੰਟ ਬਾਅਦ ਟਵੀਟ ਕਰਨ ਵਾਲੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇਸ ਮਾਮਲੇ ਵਿੱਚ ਚੁੱਪੀ ਕਾਫ਼ੀ ਕੁੱਝ ਕਹਿ ਰਹੀ ਹੈ। ਇਹ ਦੋਵੇਂ ਆਗੂ ਆਪਣੀਆਂ ਕੁਰਸੀਆਂ ਬਚਾਉਣ ਲਈ ਕੁਝ ਨਹੀਂ ਬੋਲ ਰਹੇ ਹਨ, ਦਰਅਸਲ ਇਨ੍ਹਾਂ ਆਗੂਆਂ ਨੂੰ ਪੰਜਾਬੀਆਂ ਦੀ ਭਾਵਨਾਵਾਂ ਅਤੇ ਹੋਰ ਅਹਿਮ ਮਸਲਿਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਿੱਖ ਵਿਰੋਧੀ ਪਾਰਟੀ ਹੈ ਅਤੇ 1984 ਵਿੱਚ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦੀ ਨਸਲਕੁਸ਼ੀ ਕਾਂਗਰਸੀ ਆਗੂਆਂ ਦੀ ਅਗਵਾਈ ਵਿੱਚ ਹੋਈ ਸੀ।
ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਿੱਖ ਕਤਲੇਆਮ ਦੀ ਘਟਨਾ ਨੂੰ 37 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਕਾਂਗਰਸ ਲੀਡਰਸ਼ਿਪ ਆਪਣੀਆਂ ਹਰਕਤਾਂ ਤੋਂ ਬਾਝ ਨਹੀਂ ਆ ਰਹੀ ਹੈ। ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਯੂਥ ਆਗੂ ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ ਬੈਦਵਾਨ, ਗੁਰਮੀਤ ਸਿੰਘ ਸ਼ਾਮਪੁਰ, ਸਤਨਾਮ ਸਿੰਘ ਲਾਂਡਰਾਂ, ਡਾ. ਸਿਮਰਨਜੋਤ ਸਿੰਘ, ਭੁਪਿੰਦਰ ਸਿੰਘ ਕਾਕਾ, ਬਹਾਦਰ ਸਿੰਘ ਮਦਨਪੁਰ, ਪ੍ਰੀਤ ਰਾਠੋੜ ਪ੍ਰਧਾਨ, ਬਲਜਿੰਦਰ ਸਿੰਘ ਬੇਦੀ, ਅਰਵਿੰਦਰ ਸਿੰਘ ਬਿੰਨੀ ਮਨੌਲੀ, ਗੁਰਦੀਪ ਸਿੰਘ, ਸਤਵਿੰਦਰ ਸਿੰਘ ਮਿੱਠੂ ਸਰਪੰਚ, ਬਚਿੱਤਰ ਸਿੰਘ ਪੰਚ, ਤਰਲੋਚਨ ਸਿੰਘ, ਸੁਖਵਿੰਦਰ ਸਿੰਘ ਸੁਖੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਬਲਵਿੰਦਰ ਸਿੰਘ ਸੋਹਾਣਾ, ਮਨਮੋਹਨ ਸਿੰਘ ਮੋਹਣੀ ਅਤੇ ਹੋਰ ਅਕਾਲੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…