ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਦਾ ਐਲਾਨ

ਕੈਬਨਿਟ ਮੰਤਰੀ ਡਾ. ਵੇਰਕਾ ਵੱਲੋਂ ਮੈਡੀਕਲ ਭਵਨ ਵਿਖੇ ਪ੍ਰਸ਼ਾਸਕੀ ਬਲਾਕ ਦਾ ਉਦਘਾਟਨ

ਪੰਜਾਬ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਦਾ ਪੱਧਰ ਉੱਚ ਚੁੱਕਿਆ ਜਾਵੇਗਾ: ਵੇਰਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਸੀ ਅਤੇ ਡੀ ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਮੈਡੀਕਲ ਸਿੱਖਿਆ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਨਰਸਿੰਗ ਸਣੇ ਕਲਾਸ ਸੀ ਅਤੇ ਡੀ ਦੀਆਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਛੇਤੀ ਹੀ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਮੰਤਰੀ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾਣਗੇ।
ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਵਿੱਚ ਸਾਰੀਆਂ ਘਾਟਾਂ-ਕਮਜ਼ੋਰੀਆਂ ਨੂੰ ਦੂਰ ਕਰ ਕੇ ਮੈਡੀਕਲ ਸਿੱਖਿਆ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਸਾਰਿਆਂ ਨੂੰ ਸਮਰਪਣ, ਦਿਆਨਤਦਾਰੀ ਅਤੇ ਦ੍ਰਿੜ੍ਹਤਾ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ।
ਡਾ. ਵੇਰਕਾ ਨੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਦਾ ਪੱਧਰ ਉੱਚਾ ਚੁੱਕਣ ਲਈ ਕਈ ਪ੍ਰਾਜੈਕਟ ਚੱਲ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਕਪੂਰਥਲਾ ਬਣਾਏ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਤੋਂ ਪਹਿਲਾਂ ਡਾ. ਵੇਰਕਾ ਨੇ ਵਿਭਾਗ ਦੇ ਕੰਮਕਾਜ ਅਤੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਮੈਡੀਕਲ ਭਵਨ ਵਿਖੇ ਪ੍ਰਸ਼ਾਸਕੀ ਬਲਾਕ ਦਾ ਉਦਘਾਟਨ ਕੀਤਾ। ਇਸ ਬਲਾਕ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਦੇ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੇ ਦਫ਼ਤਰ ਬਣਾਏ ਗਏ ਹਨ। ਸਮਾਗਮ ਨੂੰ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਸਕੱਤਰ ਰਾਹੁਲ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਡਾ. ਅਰਸ਼ਦੀਪ ਅਗਰਵਾਲ ਅਤੇ ਡਾ. ਅਵਨੀਸ਼ ਕੁਮਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…