ਭਾਜਪਾ ਆਗੂ ਨੇ ਸਿਹਤ ਸੇਵਾਵਾਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਤੇ ਉੱਘੇ ਸਨਅਤਕਾਰ ਸੰਜੀਵ ਵਸ਼ਿਸ਼ਟ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਅੰਦਰ ਮੁਹਾਲੀ ਵਿੱਚ ਸਿਹਤ ਸੇਵਾਵਾਂ ਦਾ ਭੱਠਾ ਬੈਠ ਗਿਆ ਹੈ। ਭਾਜਪਾ ਆਗੂ ਨੇ ਇੱਥੋਂ ਦੇ ਸੈਕਟਰ-66 ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ 350 ਬੈੱਡਾਂ ਦੇ ਅਤਿ-ਆਧੁਨਿਕ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਣ ’ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਸਨਅਤੀ ਏਰੀਆ ਫੇਜ਼-7 ਸਥਿਤ 30 ਬੈੱਡਾਂ ਵਾਲਾ ਈਐਸਆਈ ਹਸਪਤਾਲ ਨੂੰ ਸਹੀ ਤਰੀਕੇ ਨਾਲ ਚਲਾਉਣ ਤੋਂ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਜਿਸ ਕਾਰਨ ਫੈਕਟਰੀ ਕਾਮਿਆਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਈਐਸਆਈ ਜ਼ੋਨਲ ਹਸਪਤਾਲ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਸਨਅਤੀ ਕਾਮਿਆਂ ਨੂੰ ਮੈਡੀਕਲ ਸਹੂਲਤਾਂ ਮਿਲ ਸਕਣ।
ਭਾਜਪਾ ਆਗੂ ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਸ਼ਹਿਰ ਹੀ ਨਹੀਂ ਸਗੋਂ ਨੇੜਲੇ ਕਸਬਿਆਂ ਅਤੇ ਪਿੰਡਾਂ ਵਿਚਲੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਵੀ ਸਿਹਤ ਸੇਵਾਵਾਂ ਦਾ ਕਾਫ਼ੀ ਮਾੜਾ ਹਾਲ ਹੈ। ਜਿਸ ਕਾਰਨ ਇਲਾਕੇ ਦੇ ਲੋਕ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਹੁਕਮਰਾਨਾਂ ਵੱਲੋਂ ਨੀਂਹ ਪੱਥਰ ਰੱਖੇ ਜਾ ਰਹੇ ਹਨ, ਇਹ ਸਾਰਾ ਕੁੱਝ ਮਹਿਜ਼ ਚੋਣ ਸਟੰਟ ਹੈ। ਉਨ੍ਹਾਂ ਮੰਗ ਕੀਤੀ ਕਿ ਆਮ ਨਾਗਰਿਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਠੋਸ ਕਦਮ ਚੁੱਕੇ ਜਾਣ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…