ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਦੂਜੇ ਦਿਨ ਵੀ ਘੇਰਾਬੰਦੀ ਜਾਰੀ

ਦੂਜੇ ਦਿਨ ਵੀ ਕਿਸੇ ਸਿੱਖਿਆ ਅਧਿਕਾਰੀ ਤੇ ਕਰਮਚਾਰੀ ਨੂੰ ਨਹੀਂ ਜਾਣ ਦਿੱਤਾ ਦਫ਼ਤਰ, ਬੁੱਧਵਾਰ ਨੂੰ ਵੀ ਬੰਦ ਰੱਖੇ ਜਾਣਗੇ ਗੇਟ

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕੱਚੇ ਅਧਿਆਪਕਾਂ ਦੀ ਪੁਲੀਸ ਨਾਲ ਝੜਪ, ਇਕ ਮਹਿਲਾ ਵੱਲੋਂ ਬਦਸਲੂਕੀ ਦਾ ਦੋਸ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 161ਵੇਂ ਦਿਨ ’ਚ ਦਾਖ਼ਲ

ਗਗਨ ਅਨਮੋਲ ਮਾਨ ਵੀ ਧਰਨੇ ’ਚ ਪਹੁੰਚੀ, ਕਿਹਾ ਆਪ ਦੀ ਸਰਕਾਰ ਬਣਨ ’ਤੇ ਸਾਰੇ ਮੁਲਾਜ਼ਮਾਂ ਨੂੰ ਕਰਾਂਗੇ ਪੱਕੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸਿੱਖਿਆ ਸਕੱਤਰ ਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਰੱਖਦਿਆਂ ਸਿੱਖਿਆ ਭਵਨ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਜਿਸ ਕਾਰਨ ਮੰਗਲਵਾਰ ਨੂੰ ਦੂਜੇ ਦਿਨ ਵੀ ਕੋਈ ਸਿੱਖਿਆ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਨਹੀਂ ਜਾ ਸਕਿਆ। ਕੱਚੇ ਅਧਿਆਪਕ ਬੀਤੇ ਕੱਲ੍ਹ ਤੋਂ ਤਿੰਨ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਆਪਣੇ ਪਰਿਵਾਰਾਂ ਸਣੇ ਮੁਹਾਲੀ ਵਿੱਚ ਧਰਨੇ ’ਤੇ ਡਟੇ ਹੋਏ ਹਨ। ਉਂਜ ਸਿੱਖਿਆ ਭਵਨ ਦੇ ਬਾਹਰ ਪਹਿਲਾਂ ਤੋਂ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਅੱਜ 161ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਹਰਪ੍ਰੀਤ ਕੌਰ ਜਲੰਧਰ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ, ਸਤਿੰਦਰ ਸਿੰਘ ਕੰਗ ਅਤੇ ਕੁਲਦੀਪ ਸਿੰਘ ਬੱਡੂਵਾਲ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਕੱਚੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਤਿੰਨ ਦਿਨਾਂ ਸੂਬਾ ਪੱਧਰੀ ਹੜਤਾਲ ’ਤੇ ਹਨ ਅਤੇ ਭਲਕੇ ਬੁੱਧਵਾਰ ਨੂੰ ਵੀ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਅੱਜ ਦੂਜੇ ਦਿਨ ਵੀ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਲੇਕਿਨ ਵਾਈਪੀਐਸ ਚੌਕ ਨੇੜੇ ਮੁਹਾਲੀ ਪੁਲੀਸ ਨੇ ਜ਼ਬਰਦਸਤ ਬੈਰੀਕੇਟਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਨਹੀਂ ਜਾਣ।

ਇਸ ਮੌਕੇ ਹਰਪ੍ਰੀਤ ਕੌਰ ਜਲੰਧਰ ਨੇ ਬੈਰੀਕੇਟ ਲੰਘਣ ਦਾ ਯਤਨ ਕੀਤਾ ਤਾਂ ਉੱਥੇ ਮੁਜ਼ਾਹਰਾਕਾਰੀਆਂ ਦੀ ਪੁਲੀਸ ਨਾਲ ਝੜਪ ਹੋ ਗਈ। ਇਸ ਮਹਿਲਾ ਨੇ ਪੁਲੀਸ ’ਤੇ ਉਸ ਨਾਲ ਬਦਸਲੂਕੀ ਕਰਨ ਦਾ ਦੋਸ ਵੀ ਲਾਇਆ। ਪ੍ਰਦਰਸ਼ਨਕਾਰੀਆਂ ਦੇ ਰੋਹ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਯੂਨੀਅਨ ਦੇ ਮੋਹਰੀ ਆਗੂਆਂ ਦੀ ਭਲਕੇ ਬੁੱਧਵਾਰ ਨੂੰ ਮੁੱਖ ਮੰਤਰੀ ਨਾਲ ਦੁਪਹਿਰ 12 ਵਜੇ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮਗਰੋਂ ਸਾਰੇ ਕੱਚੇ ਅਧਿਆਪਕ ਸਿੱਖਿਆ ਭਵਨ ਦੇ ਬਾਹਰ ਮੁੜ ਧਰਨੇ ’ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਗੁਪਤ ਐਕਸ਼ਨ ਕੀਤੇ ਜਾਣਗੇ।

ਆਮ ਆਦਮੀ ਪਾਰਟੀ ਦੀ ਸੂਬਾ ਆਗੂ ਗਗਨ ਅਨਮੋਲ ਮਾਨ ਨੇ ਆਪਣੇ ਸਮਰਥਕਾਂ ਸਮੇਤ ਧਰਨੇ ਵਿੱਚ ਪਹੁੰਚ ਕੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿੱਚ ਆਪ ਦੀ ਸਰਕਾਰ ਬਣੀ ਤਾਂ ਸਾਰੇ ਕੱਚੇ ਅਧਿਆਪਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕਹਿਣੀ ਤੇ ਕਥਨੀ ਦੇ ਪੱਕੇ ਹਨ, ਜੋ ਵਾਅਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ ਜਾਂ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣਗੇ, ਉਹ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…