ਵਿਜੀਲੈਂਸ ਦੀ ਧੱਕੇਸ਼ਾਹੀ ਵਿਰੁੱਧ ਬੁੱਧਵਾਰ ਤੋਂ ਹੜਤਾਲ ’ਤੇ ਜਾਣਗੇ ਸਮੂਹ ਡੀਸੀ ਦਫ਼ਤਰਾਂ ਦੇ ਕਰਮਚਾਰੀ

ਮਾਲ ਅਧਿਕਾਰੀ ਤੇ ਰਜਿਸਟਰੀ ਕਲਰਕ ’ਤੇ ਦਰਜ ਝੂਠਾ ਪਰਚਾ ਰੱਦ ਕਰਨ ਦੀ ਮੰਗ

ਵਿਜੀਲੈਂਸ ਦਫ਼ਤਰ ਦਾ ਘਿਰਾਓ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਦੀ ਧੱਕੇਸ਼ਾਹੀ ਖ਼ਿਲਾਫ਼ ਭਲਕੇ 24 ਨਵੰਬਰ ਤੋਂ ਪੰਜਾਬ ਦੇ ਸਮੂਹ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀਆਂ ਦਾ ਮੁਕੰਮਲ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਅਗਲੀ ਰਣਨੀਤੀ ਲਈ ਬਾਅਦ ਦੁਪਹਿਰ ਸੂਬਾ ਪੱਧਰੀ ਆਨਲਾਈਨ ਮੀਟਿੰਗ ਕਰਕੇ ਉਲੀਕੀ ਜਾਵੇਗੀ। ਅੱਜ ਇੱਥੇ ਦੇਰ ਸ਼ਾਮ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਅਤੇ ਚੇਅਰਮੈਨ ਓਮ ਪ੍ਰਕਾਸ਼ ਨੇ ਦੱਸਿਆ ਕਿ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਸੀਨੀਅਰ ਆਗੂਆਂ ਅਤੇ ਸਮੂਹ ਜ਼ਿਲ੍ਹਿਆਂ ਦੀ ਲੀਡਰਸ਼ਿਪ ਤੋਂ ਆਨਲਾਈਨ ਰਾਏ ਲੈਣ ਉਪਰੰਤ ਮਾਹਿਲਪੁਰ ਦੇ ਰਜਿਸਟਰੀ ਕਲਰਕ ਮਨਜੀਤ ਸਿੰਘ ਅਤੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਖ਼ਿਲਾਫ਼ ਬਿਨਾਂ ਕੋਈ ਬਰਾਮਦਗੀ ਅਤੇ ਝੂਠੀ ਸ਼ਿਕਾਇਤ ਦੇ ਆਧਾਰ ’ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਵਿਰੁੱਧ ਬੁੱਧਵਾਰ ਤੋਂ ਸਵੇਰੇ ਹਾਜ਼ਰੀ ਲਗਾਉਣ ਉਪਰੰਤ ਦਫ਼ਤਰੀ ਸਟਾਫ਼ ਡਿਊਟੀਆਂ ਦਾ ਬਾਈਕਾਟ ਕਰ ਕੇ ਵਿਜੀਲੈਂਸ ਵਿਰੁੱਧ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਸੂਬਾ ਆਗੂਆਂ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਖ਼ਿਲਾਫ਼ ਪੰਜਾਬ ਭਰ ਦੇ ਸਮੂਹ ਡੀਸੀ ਦਫ਼ਤਰ ਦੇ ਕਰਮਚਾਰੀਆਂ ਵਿੱਚ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਰਮਚਾਰੀ ਇਹ ਮਾਮਲਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਧਿਆਨ ਵਿੱਚ ਲਿਆ ਕੇ ਹੜਤਾਲ ’ਤੇ ਚਲੇ ਗਏ ਹਨ। ਹਾਲਾਂਕਿ ਡੀਸੀ ਵੱਲੋਂ ਸਮੁੱਚੇ ਮਾਮਲੇ ਦੀ ਮੈਜਿਸਟਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਪ੍ਰੰਤੂ ਵਿਜੀਲੈਂਸ ਨੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।
ਆਗੂਆਂ ਨੇ ਮਾਲ ਵਿਭਾਗ, ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਜਾਰੀ ਮੀਟਿੰਗ ਦੀ ਕਾਰਵਾਈ ਤੋਂ ਮੁਲਾਜ਼ਮ ਪਹਿਲਾਂ ਹੀ ਖ਼ਫ਼ਾ ਹਨ। ਜਿਸ ਵਿੱਚ ਸਰਕਾਰ ਨੇ ਪੁਨਰਗਠਨ ਤੋਂ ਬਾਅਦ ਖ਼ਤਮ ਕੀਤੀਆਂ ਡੀਸੀ ਦਫ਼ਤਰਾਂ ਦੀਆਂ ਸ਼ਾਖਾਵਾਂ ਅਤੇ ਅਸਾਮੀਆਂ ਨੂੰ ਬਹਾਲ ਕਰਨ ਤੋਂ ਮਨਾ ਕਰ ਦਿੱਤਾ ਹੈ। ਸੀਨੀਅਰ ਸਹਾਇਕਾਂ ਲਈ ਨਾਇਬ ਤਹਿਸੀਲਦਾਰ ਪਦਉਨਤ ਹੋਣ ਲਈ ਕੋਟਾ ਦੇਣ ਤੋਂ ਵੀ ਜਵਾਬ ਦੇ ਦਿੱਤਾ ਹੈ। ਇਸ ਤੋਂ ਇਲਾਵਾ ਡੀਸੀ ਦਫ਼ਤਰਾਂ ਵਿੱਚ ਖਾਲੀ ਪਈਆਂ ਸਿੱਧੀ ਭਰਤੀ ਦੀਆਂ ਸੀਨੀਅਰ ਸਹਾਇਕ ਦੀਆਂ ਅਸਾਮੀਆਂ ਤੇ ਪਦ ਉੱਨਤੀਆਂ ਕਰਨ ਤੇ ਰੋਕ ਲਗਾ ਦਿੱਤੀ ਹੈ। ਸੁਪਰਡੈਂਟ ਗ੍ਰੇਡ-2 ਦੇ ਪਦ-ਉੱਨਤੀ ਰੂਲ ਨਾ ਬਣੇ ਹੋਣ ਕਾਰਨ ਪਦ-ਉੱਨਤੀ ਕੇਸਾਂ ’ਤੇ ਇਤਰਾਜ਼ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੁਪਰਡੈਂਟ ਗਰੇਡ-1 ਦੀਆਂ ਖਾਲੀ ਅਸਾਮੀਆਂ ’ਤੇ ਪਦਉਨਤੀਆਂ ਕਰਨ ਦੇ ਪੈਨਲ ਮਿਲ ਜਾਣ ਦੇ ਬਾਵਜੂਦ ਮਾਲ ਵਿਭਾਗ ਵੱਲੋਂ ਵਿਭਾਗੀ ਪਦ-ਉੱਨਤੀ ਕਮੇਟੀ ਦੀ ਪਿਛਲੇ ਤਿੰਨ ਸਾਲ ਤੋਂ ਕੋਈ ਮੀਟਿੰਗ ਨਹੀਂ ਕੀਤੀ ਅਤੇ ਮੁਲਾਜ਼ਮ ਬਿਨਾਂ ਪਦ-ਉੱਨਤੀ ਤੋਂ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਵਿਜੀਲੈਂਸ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਜਦੋਂ ਤੱਕ ਮਾਲ ਅਧਿਕਾਰੀ ਅਤੇ ਰਜਿਸਟਰੀ ਕਲਰਕ ਵਿਰੁੱਧ ਦਰਜ ਝੂਠਾ ਪਰਚਾ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…