ਦਿਸ਼ਾ ਵਿਮੈਨ ਵੈਲਫੇਅਰ ਟਰੱਸਟ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਕਾਂਗਰਸ ਵਿੱਚ ਸ਼ਾਮਲ

ਹਰਦੀਪ ਕੌਰ ਵਿਰਕ ਨੂੰ ਦਿੱਤੀ ਪੰਜਾਬ ਮਹਿਲਾ ਕਾਂਗਰਸ ਦੇ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਅੌਰਤਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਸੰਘਰਸ਼ਸ਼ੀਲ ਸੰਸਥਾ ਦਿਸ਼ਾ ਵਿਮੈਨ ਵੈਲਫੇਅਰ ਟਰੱਸਟ (ਰਜਿ.) ਦੀ ਕੌਮੀ ਪ੍ਰਧਾਨ ਹਰਦੀਪ ਕੌਰ ਵਿਰਕ ਨੇ ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਟਰੱਸਟ ਵੱਲੋਂ ਇੱਥੋਂ ਫੇਜ਼-11 ਸਥਿਤ ਖੇਡ ਕੰਪਲੈਕਸ ਦੇ ਖੁੱਲ੍ਹੇ ਵਿਹੜੇ ਵਿੱਚ ਆਯੋਜਿਤ ਸਨਮਾਨ ਸਮਾਰੋਹ ਅਤੇ ਸਿਲਾਈ ਮਸ਼ੀਨ ਵੰਡ ਸਮਾਗਮ ਦੌਰਾਨ ਬੀਬਾ ਵਿਰਕ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਹਰਦੀਪ ਕੌਰ ਵਿਰਕ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਰਕ ਨੂੰ ਮਹਿਲਾ ਕਾਂਗਰਸ ਪੰਜਾਬ ਦੀ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਰਦੀਪ ਕੌਰ ਵਿਰਕ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਵਿਰਕ ਦੇ ਕਾਂਗਰਸ ਨਾਲ ਜੁੜਨ ਨਾਲ ਮੁਹਾਲੀ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਸਿੱਧੂ ਨੇ ਇਹ ਉਮੀਦ ਵੀ ਪ੍ਰਗਟਾਈ ਕਿ ਜਿਸ ਤਰ੍ਹਾਂ ਬੀਬਾ ਵਿਰਕ ਦਿਸ਼ਾ ਸੰਸਥਾ ਦੁਆਰਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ, ਉਸੇ ਤਰ੍ਹਾਂ ਉਹ ਕਾਂਗਰਸ ਕਲਚਰ ਨੂੰ ਸਮਝਦੇ ਹੋਏ ਲੋਕਾਂ ਦੀ ਨਬਜ਼ ਪਛਾਣ ਕੇ ਪੂਰੀ ਲਗਨ ਨਾਲ ਪਾਰਟੀ ਦੀ ਚੜ੍ਹਦੀ ਕਲਾਂ ਲਈ ਕੰਮ ਕਰਨਗੇ। ਇਸ ਮੌਕੇ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਦਾ ਫੁਲਕਾਰੀ ਨਾਲ ਸਨਮਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਹਰਦੀਪ ਕੌਰ ਵਿਰਕ ਨੇ ਮਹਿਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਅਤੇ ਬਲਬੀਰ ਸਿੰਘ ਸਿੱਧੂ ਦਾ ਮੀਡੀਆ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ ਅਤੇ ਦੋਵੇਂ ਆਗੂਆਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਕਾਂਗਰਸ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਲਗਾਤਾਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਦਾ ਸੰਦੇਸ਼ ਜਨ ਜਨ ਤੱਕ ਪੁੱਜਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸੰਸਥਾ ਦਿਸ਼ਾ ਵੱਲੋਂ ਲੋੜਵੰਦ ਵਿਅਕਤੀਆਂ ਨੂੰ 100 ਗਰਮ ਕੰਬਲ ਅਤੇ 11 ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ ਗਈਆਂ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਬੰਬ ਮੈਂਬਰ ਬਲਾਕ ਸੰਮਤੀ ਸਮਰਾਲਾ, ਪ੍ਰਸ਼ੋਤਮ ਲਾਲ ਖਲੀਫਾ ਸੀਨੀਅਰ ਕਾਂਗਰਸੀ ਆਗੂ, ਆਰ.ਦੀਪ ਰਮਨ, ਉੱਘੇ ਉਦਯੋਗਪਤੀ ਸੰਜੀਵ ਗਰਗ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਅਸ਼ੋਕ ਕੁਮਾਰ ਸ਼ੋਕੀ, ਰਾਓਇੰਦਰ ਸਿੰਘ ਰਵੀ, ਗਗਨਦੀਪ ਸਿੰਘ ਵਿਰਕ, ਸ਼ੋਕੀ ਰਾਣਾ ਬਹਿਲੋਲਪੁਰ, ਰੌਕੀ ਰਾਣਾ ਬਹਿਲੋਲਪੁਰ, ਸੰਜੂ ਰਾਣਾ, ਪ੍ਰਿੰਸ ਰਾਣਾ ਬੁੜੈਲ, ਹੈਪੀ ਮਲਿਕ, ਮਿੰਟੂ ਗੁੱਜਰ, ਜਿੰਦਰ, ਕਮਲ ਰਾਣਾ ਅਤੇ ਸੀਟੂ ਪ੍ਰਵਾਣੂ ਸਮੇਤ ਵੱਡੀ ਗਿਣਤੀ ਵਿੱਚ ਅੌਰਤਾਂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…