ਮੁਹਾਲੀ ਨਗਰ ਨਿਗਮ ਨੇ 733 ਸਫ਼ਾਈ ਕਰਮਚਾਰੀ ਭਰਤੀ ਕੀਤੇ, ਸਿੱਧੂ ਨੇ ਵੰਡੇ ਨਿਯੁਕਤੀ ਪੱਤਰ

ਨਵੀਂ ਭਰਤੀ ਵਿੱਚ 697 ਸਫ਼ਾਈ ਸੇਵਕ ਤੇ 36 ਸੀਵਰਮੈਨ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੀ ਮੈਨੂਅਲ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ 733 ਨਵੇਂ ਸਫ਼ਾਈ ਸੇਵਕ ਭਰਤੀ ਕੀਤੇ ਗਏ ਹਨ। ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨਵੇਂ ਭਰਤੀ ਕੀਤੇ ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਬਲਬੀਰ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਇਤਿਹਾਸਕ ਫੈਸਲਾ ਲੈਂਦਿਆਂ ਸਫ਼ਾਈ ਕਰਮਚਾਰੀਆਂ ਦੀ ਸਿੱਧੀ ਭਰਤੀ ਕੀਤੀ ਗਈ ਹੈ। ਇਸ ਸਬੰਧੀ ਹਾਊਸ ਵਿੱਚ ਮਤਾ ਪਾਸ ਕਰਕੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਗਿਆ ਸੀ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਸਫ਼ਾਈ ਸੇਵਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਜਿਨ੍ਹਾਂ ’ਚੋਂ ਯੋਗ ਪਾਏ ਗਏ 733 ਕਰਮਚਾਰੀਆਂ ਦੀ ਭਰਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਡੀਸੀ ਰੇਟ ਉੱਤੇ ਭਰਤੀ ਕੀਤਾ ਗਿਆ ਹੈ। ਵਿਧਾਇਕ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਦੂਰਅੰਦੇਸ਼ੀ ਨੀਤੀਆਂ ਸਦਕਾ ਇਹ ਭਰਤੀ ਨੇਪਰੇ ਚੜ੍ਹ ਸਕੀ ਹੈ। ਜਦੋਂਕਿ ਇਸ ਤੋਂ ਪਹਿਲਾਂ ਠੇਕੇਦਾਰ ਸਫ਼ਾਈ ਕਰਮਚਾਰੀਆਂ ਦਾ ਸ਼ੋਸ਼ਣ ਕਰਦੇ ਸਨ।
ਉਨ੍ਹਾਂ ਕਿਹਾ ਕਿ ਕਰੋਨਾ ਦੀ ਪਹਿਲੀ ਲਹਿਰ ਦੌਰਾਨ ਸਫ਼ਾਈ ਸੇਵਕਾਂ ਨੇ ਫਰੰਟ ਲਾਈਨ ਵਰਕਰ ਵਜੋਂ ਕੰਮ ਕੀਤਾ ਹੈ ਅਤੇ ਜਦੋਂ ਉਸ ਸਮੇਂ ਜ਼ਿਆਦਾਤਰ ਲੋਕ ਆਪਣੇ ਘਰੋਂ ਬਾਹਰ ਨਹੀਂ ਸਨ ਨਿਕਲਦੇ।
ਇਸ ਤੋਂ ਪਹਿਲਾਂ ਮੇਅਰ ਜੀਤੀ ਸਿੱਧੂ ਨੇ ਵਿਧਾਇਕ ਬਲਬੀਰ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਉਪਰਾਲਿਆਂ ਸਦਕਾ ਸਫ਼ਾਈ ਸੇਵਕਾਂ ਦੀ ਸਿੱਧੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੰਕੜੇ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਕੁੱਲ 1180 ਅਰਜ਼ੀਆਂ ਆਈਆਂ ਸਨ। ਜਿਨ੍ਹਾਂ ’ਚੋਂ 733 ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 697 ਸਫ਼ਾਈ ਸੇਵਕਾਂ ਅਤੇ 36 ਸੀਵਰਮੈਨਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਵਨ ਗੋਡਯਾਲ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਹੀ ਬਾਲਮੀਕੀ ਭਾਈਚਾਰੇ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਫ਼ਾਈ ਕਰਮਚਾਰੀਆਂ ਦੀ ਸਿੱਧੀ ਭਰਤੀ ਦਾ ਵਾਅਦਾ ਪੂਰਾ ਕਰਕੇ ਭਾਈਚਾਰੇ ਦੇ ਲੋਕਾਂ ਨੂੰ ਠੇਕੇਦਾਰਾਂ ਦੀ ਲੁੱਟ ਤੋਂ ਬਚਾਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਵੱਛ ਸਰਵੇਖਣ ਦੌਰਾਨ ਮੁਹਾਲੀ ਨੂੰ ਦੇਸ਼ ਦਾ ਨੰਬਰ ਇੱਕ ਸ਼ਹਿਰ ਬਣਾਉਣ ਲਈ ਸਫ਼ਾਈ ਕਰਮਚਾਰੀ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਸੁੱਚਾ ਸਿੰਘ ਕਲੌੜ, ਵਿਕਟਰ ਨਿਹੋਲਕਾ, ਸਿਹਤ ਅਫ਼ਸਰ ਡਾ. ਤਮੰਨਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…