ਆਪ ਉਮੀਦਵਾਰ ਕੁਲਵੰਤ ਸਿੰਘ ਨੇ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੂੰ ਕੀਤਾ ਇੱਕ ਸਵਾਲ…

ਸਿਹਤ ਮੰਤਰੀ ਹੋ ਕੇ ਵੀ ਆਪਣਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚ ਕਿਉਂ ਕਰਵਾਉਂਦਾ ਰਿਹੈ ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਸਰਬਪੱਖੀ ਵਿਕਾਸ ਦੇ ਦਮਗਜ਼ੇ ਮਾਰਨ ਵਾਲੇ ਕਾਂਗਰਸੀ ਆਗੂ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਹਲਕੇ ਦੇ ਲੋਕਾਂ ਨੂੰ ਇਹ ਦੱਸਣ ਦੀ ਖੇਚਲ ਕਰਨ ਕਿ ਜਦੋਂ ਉਹ ਪੰਜਾਬ ਕੈਬਨਿਟ ਖ਼ੁਦ ਸਿਹਤ ਮੰਤਰੀ ਸਨ ਤਾਂ ਉਨ੍ਹਾਂ ਨੂੰ ਕਰੋਨਾ ਹੋਣ ਉਪਰੰਤ ਆਪਣਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚ ਕਿਉਂ ਕਰਵਾਉਣਾ ਪਿਆ। ਕੀ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ’ਤੇ ਭਰੋਸਾ ਨਹੀਂ ਸੀ ਜਾਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਬੁਨਿਆਂਦੀ ਸਹੂਲਤਾਂ ਦੀ ਵੱਡੀ ਘਾਟ ਸੀ। ਇਹ ਸਵਾਲ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਹੋਣ ਵਜੋਂ ਬਲਬੀਰ ਸਿੰਘ ਸਿੱਧੂ ਆਪਣੇ ਉੱਤੇ ਕਰੋਨਾ ਦਵਾਈਆਂ ਅਤੇ ਪੀਪੀਈ ਕਿੱਟਾਂ ਦੇ ਘੁਟਾਲੇ ਸਬੰਧੀ ਲੱਗੇ ਦੋਸ਼ਾਂ ਦੇ ਸਹੀ ਜਵਾਬ ਅੱਜ ਤੱਕ ਨਹੀਂ ਦੇ ਸਕੇ। ਇਹੋ ਕਾਰਨ ਰਹੇ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਉਨ੍ਹਾਂ ਨੂੰ ਮੰਤਰੀ ਵਜੋਂ ਹਟਾ ਦਿੱਤਾ ਅਤੇ ਅੱਜ ਸਿਰਫ਼ ਵਿਧਾਇਕ ਬਣ ਕੇ ਫਿਰ ਉਹੀ ਵਿਕਾਸ ਕਰਨ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਪੁਰਾਣੇ ਝੂਠ ਤੂਫ਼ਾਨ ਵਾਲੇ ਬਿਆਨ ਦਾਗ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਜੁਟ ਗਏ ਹਨ।
ਉਨ੍ਹਾਂ ਕਿਹਾ ਕਿ ਮੰਤਰੀ ਸਿੱਧੂ ਦੇ ਉਸ ਸਮੇਂ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਬਜਾਇ ਆਪਣਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚੋਂ ਕਰਵਾਉਣ ਦਾ ਮਤਲਬ ਸਾਫ਼ ਸੀ ਕਿ ਸਿੱਧੂ ਦੇ ਸਿਹਤ ਮੰਤਰੀ ਹੁੰਦਿਆਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦੀ ਮਾੜੀ ਹਾਲਤ ਰਹੀ ਹੋਵੇਗੀ। ਇਸ ਲਈ ਹੁਣ ਸਿੱਧੂ ਦੇ ਹੱਥ ਅਜਿਹੀ ਕਿਹੜੀ ਗਿੱਦੜਸਿੰਗੀ ਆ ਜਾਵੇਗੀ ਜਿਹੜੀ ਮੁਹਾਲੀ ਹਲਕੇ ਦਾ ਸੁਧਾਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਬਲਬੀਰ ਸਿੱਧੂ ਨੂੰ ਖ਼ੁਦ ਉਨ੍ਹਾਂ ਦੀ ਹੀ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਇਸ ਗੱਲ ਉਤੇ ਮੋਹਰ ਲਗਾਈ ਸੀ ਕਿ ਸਿਹਤ ਮਹਿਕਮੇ ਦਾ ਭੱਠਾ ਬਿਠਾਉਣ ਵਿੱਚ ਉਨ੍ਹਾਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਕੁਲਵੰਤ ਸਿੰਘ ਨੇ ਮੁਹਾਲੀ ਦੇ ਹਰ ਪੇਂਡੂ ਅਤੇ ਸ਼ਹਿਰੀ ਵੋਟਰ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿੱਚ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਣ ਤਾਂ ਜੋ ਪੰਜਾਬ ਦਾ ਭਲਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਮੁਹਾਲੀ ਹਲਕੇ ਦਾ ਵੀ ਯੋਗਦਾਨ ਪਾਇਆ ਜਾ ਸਕੇ।

Load More Related Articles
Load More By Nabaz-e-Punjab
Load More In Agriculture & Forrest

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…