‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਚੱਲੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸੋਮਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਹ ਵੱਡੀ ਗਿਣਤੀ ਵਿੱਚ ਆਪਣੇ ਸਮਰਥਕਾਂ ਅਤੇ ਆਪ ਵਲੰਟੀਅਰਾਂ ਨਾਲ ਮੁਹਾਲੀ ਦੇ ਐਸਡੀਐਮ ਦਫ਼ਤਰ ਵਿੱਚ ਪਹੁੰਚੇ ਅਤੇ ਆਪਣੇ ਨਾਮਜ਼ਦਗੀ ਪੱਤਰ ਪੇਸ਼ ਕੀਤੇ। ਕੁਲਵੰਤ ਸਿੰਘ ਦੇ ਨਾਮ ਦੀ ਤਜਵੀਜ਼ ਆਜ਼ਾਦ ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਕੁਲਦੀਪ ਸਿੰਘ ਨੇ ਕੀਤੀ ਗਈ ਅਤੇ ਉਨ੍ਹਾਂ ਨੇ ਵੀ ਆਪਣੇ ਕਾਗਜ ਦਾਖ਼ਲ ਕੀਤੇ ਗਏ। ਜਦੋਂਕਿ ਆਪ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਨੇ ਬਤੌਰ ਕਵਰਿੰਗ ਉਮੀਦਵਾਰ ਪਰਚਾ ਭਰਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਉਮੀਦਵਾਰ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ ਕਿਉਂਕਿ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਲੋਕ ਆਪ ਮੁਹਾਰੇ ਆਪਣੇ ਹੱਥਾਂ ਵਿੱਚ ਝਾੜੂ ਚੁੱਕ ਕੇ ਚੋਣ ਪ੍ਰਚਾਰ ਵਿੱਚ ਜੁੱਟ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੇ ਕਾਰਜਕਾਲ ਨੂੰ ਪਰਖ ਚੁੱਕੀਆਂ ਹਨ ਅਤੇ ਹੁਣ ਲੋਕ ਆਮ ਆਦਮੀ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦਰ ਕੇਜਰੀਵਾਲ ਦੀ ਦਿੱਲੀ ਸਰਕਾਰ ਦੇ ਦਿੱਲੀ ਮਾਡਲ ਤੋਂ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਲੋਕਾਂ ਦੇ ਉਤਸ਼ਾਹ ਨੂੰ ਦੇਖ ਕੇ ਸਪੱਸ਼ਟ ਰੂਪ ਵਿੰਚ ਇੰਜ ਜਾਪਦਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਪ ਦੀ ਬਣੇਗੀ।
ਆਪ ਆਗੂ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਵਰ੍ਹਦਿਆਂ ਕਿਹਾ ਕਿ ਮੁਹਾਲੀ ਦੇ ਵਿਕਾਸ ਬਾਰੇ ਉਹ (ਸਿੱਧੂ) ਨਿਰਾ ਝੂਠ ਬੋਲ ਰਹੇ ਹਨ ਜਦੋਂਕਿ ਸਚਾਈ ਇਹ ਹੈ ਕਿ ਉਨ੍ਹਾਂ (ਕੁਲਵੰਤ ਸਿੰਘ) ਦੇ ਕਾਰਜਕਾਲ ਸਮੇਂ ਪਾਸ ਕੀਤੇ ਵਿਕਾਸ ਮਤਿਆਂ ਨੂੰ ਆਪਣੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਇਸ ਮੌਕੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਅਰੁਣਾ ਵਸ਼ਿਸ਼ਟ, ਰਮਨਪ੍ਰੀਤ ਕੌਰ ਕੁੰਭੜਾ, ਰਾਜਬੀਰ ਕੌਰ ਗਿੱਲ, ਕਰਮਜੀਤ ਕੌਰ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਹਰਪਾਲ ਸਿੰਘ ਚੰਨਾ, ਸੁਰਿੰਦਰ ਸਿੰਘ ਰੋਡਾ, ਫੂਲਰਾਜ ਸਿੰਘ, ਸਮਾਜ ਸੇਵੀ ਬਲਰਾਜ ਸਿੰਘ ਗਿੱਲ, ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਰਣਬੀਰ ਸਿੰਘ ਬੈਦਵਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…