ਆਪ ਉਮੀਦਵਾਰ ਕੁਲਵੰਤ ਸਿੰਘ ਨੇ ਘਰ-ਘਰ ਜਾ ਕੇ ਵਿਕਾਸ ਦੇ ਨਾਂ ’ਤੇ ਮੰਗੀਆਂ ਵੋਟਾਂ

ਸ਼ਹਿਰ ਲਈ ਵਿਧਾਇਕ ਬਲਬੀਰ ਸਿੱਧੂ ਨੇ ਕੋਈ ਵੀ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਫੇਜ਼-3ਬੀ2 ਸਮੇਤ ਹੋਰਨਾਂ ਇਲਾਕਿਆਂ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਾਰਕਾਂ ਵਿੱਚ ਸੈਰ ਕਰਨ ਆਉਂਦੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਆਪ ਦੇ ਵਿਕਾਸ ਏਜੰਡੇ ਅਤੇ ਦਿੱਲੀ ਮਾਡਲ ਬਾਰੇ ਜਾਣੂ ਕਰਵਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਫਰਾਖਦਿਲੀ ਦਿਖਾਉਂਦੇ ਹੋਏ ਬਲਵੀਰ ਸਿੱਧੂ ਨੂੰ ਤਿੰਨ ਵਾਰ ਮੁਹਾਲੀ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਪ੍ਰੰਤੂ ਡੇਢ ਦਹਾਕੇ ਦੇ ਕਾਰਜਕਾਲ ਦੌਰਾਨ ਵਿਧਾਇਕ ਸਿੱਧੂ ਨੇ ਮੁਹਾਲੀ ਲਈ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਅਤੇ ਨਾ ਹੀ ਸਿਹਤ ਮੰਤਰੀ ਹੁੰਦਿਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਗਏ।
ਕੁਲਵੰਤ ਸਿੰਘ ਨੇ ਕਿਹਾ ਕਿ ਮੇਅਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਹਾਊਸ ਵਿੱਚ ਪਾਸ ਕੀਤੇ ਮਤਿਆਂ ’ਤੇ ਹੋ ਰਹੇ ਵਿਕਾਸ ਕੰਮਾਂ ਨੂੰ ਸਿੱਧੂ ਭਰਾ ਆਪਣੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚਾਰ ਦਹਾਕੇ ਪੁਰਾਣਾ ਸੀਵਰੇਜ ਸਿਸਟਮ ਬਦਲ ਕੇ ਨਵੇਂ ਸਿਰਿਓਂ ਸੀਵਰੇਜ ਪਾਉਣ ਦਾ ਉਨ੍ਹਾਂ ਨੇ ਮਤਾ ਪਾਸ ਕੀਤਾ ਸੀ ਪ੍ਰੰਤੂ ਪਹਿਲਾਂ ਕਾਂਗਰਸੀ ਵਿਧਾਇਕ ਨੇ ਇਹ ਮਤਾ ਪਾਸ ਨਹੀਂ ਹੋਣ ਦਿੱਤਾ ਅਤੇ ਉਨ੍ਹਾਂ ਦੇ ਛੋਟੇ ਭਰਾ ਦੇ ਮੇਅਰ ਬਣਦੇ ਹੀ ਉਨ੍ਹਾਂ ਨੇ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰਨ ਲਈ ਸ਼ਹਿਰ ਦੇ ਇਕ ਹਿੱਸੇ ਨੂੰ ਪੂਰੀ ਤਰ੍ਹਾਂ ਪੁੱਟ ਕੇ ਰੱਖ ਦਿੱਤਾ ਅਤੇ ਹੁਣ ਤੱਕ ਇਹ ਕੰਮ ਨੇਪਰੇ ਨਹੀਂ ਚਾੜਿਆ ਜਾ ਸਕਿਆ। ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਦੀਆਂ ਕਈ ਹੋਰ ਵੀ ਉਦਾਹਰਨਾਂ ਹਨ।
ਕੁਲਵੰਤ ਸਿੰਘ ਨੇ ਕਿਹਾ ਕਿ ਬਲਬੀਰ ਸਿੱਧੂ ਨੇ ਸਿਹਤ ਮੰਤਰੀ ਹੁੰਦੇ ਹੋਏ ਵੀ ਮੁਹਾਲੀ ਸ਼ਹਿਰ ਦਾ ਕੋਈ ਭਲਾ ਨਹੀਂ ਕੀਤਾ। ਲੋਕਾਂ ਨੂੰ ਸਿਹਤ ਸੇਵਾਵਾਂ ਕਦੇ ਵੀ ਸਮੇਂ ਸਿਰ ਮੁਹੱਈਆ ਨਹੀਂ ਕਰਵਾਈਆਂ ਸਗੋਂ ਕਰੋਨਾ ਕਾਲ ਸਮੇਂ ਲੋਕ ਵੈਂਟੀਲੇਟਰ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਤੋਂ ਵਾਂਝੇ ਰਹੇ, ਪ੍ਰੰਤੂ ਬਲਬੀਰ ਸਿੱਧੂ ਆਪਣੇ ਘਰ ਦੇ ਦਰਵਾਜੇ ਬੰਦ ਕਰ ਲਏ ਗਏ। ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ ਟੀਕਾ ਵੇਚਣ ਵਿੱਚ ਮਸ਼ਗੂਲ ਰਹੇ ਅਤੇ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਦੇ ਬਾਹਰ ਪਬਲਿਕ ਡੀਲਿੰਗ ਬੰਦ ਦਾ ਬੋਰਡ ਵੀ ਲਗਾ ਰੱਖਿਆ ਸੀ ਕਿ ਕਰੋਨਾ ਵਾਇਰਸ ਰੂਪੀ ਮਹਾਮਾਰੀ ਦੇ ਕਾਰਨ ਉਹ ਕਿਸੇ ਨੂੰ ਨਹੀਂ ਮਿਲ ਸਕਦੇ ਸਨ। ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ ਅਤੇ ਲੋਕ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।

ਇਸ ਮੌਕੇ ਆਪ ਆਗੂ ਡਾ. ਸੰਨੀ ਆਹਲੂਵਾਲੀਆ, ਆਜ਼ਾਦ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਸਰਬਜੀਤ ਸਿੰਘ ਸਮਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਸੁਖਮਿੰਦਰ ਸਿੰਘ ਬਰਨਾਲਾ, ਪਰਮਜੀਤ ਸਿੰਘ ਕਾਹਲੋਂ, ਵਪਾਰੀ ਆਗੂ ਸ਼ੀਤਲ ਸਿੰਘ, ਸਤੀਸ਼ ਸੈਣੀ, ਫੌਜਾ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…