ਮੁਹਾਲੀ ਦੇ ਲੋਕਾਂ ਨੂੰ ਦਿੱਤਾ ਜਾਵੇਗਾ ਸਾਫ਼ ਸੁਥਰਾ ਪ੍ਰਸ਼ਾਸਨ: ਰਵਨੀਤ ਬਰਾੜ

‘ਘਪਲਿਆਂ ਤੇ ਭ੍ਰਿਸ਼ਟਾਚਾਰ ਦੀ ਕਰਵਾਈ ਜਾਵੇਗੀ ਨਿਰਪੱਖ ਜਾਂਚ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਸੰਯੁਕਤ ਸਮਾਜ ਮੋਰਚਾ ਮੁਹਾਲੀ ਵਿੱਚ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਵੇਗਾ। ਇਸ ਦੇ ਨਾਲ ਹੀ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਤਾਂ ਜੋ ਕਸੂਰਵਾਰਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਸਮਾਜ ਮੋਰਚਾ ਦੇ ਮੁਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਕੀਤਾ।
ਅੱਜ ਇੱਥੇ ਜਾਰੀ ਬਿਆਨ ਵਿੱਚ ਰਵਨੀਤ ਬਰਾੜ ਨੇ ਕਿਹਾ ਕਿ ਬੀਤੇ ਕੱਲ੍ਹ ਡਾ. ਸਵੈਮਾਨ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਗਏ ਚੋਣ ਪ੍ਰਚਾਰ ਨਾਲ ਹਲਕੇ ਵਿੱਚ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦੱਸਣਯੋਗ ਹੈ ਕਿ ਡਾ ਸਵੈਮਾਨ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਤੋਂ ਕੱਢਿਆ ਗਿਆ ਟਰੈਕਟਰ ਮਾਰਚ ਵੀਰਵਾਰ ਨੂੰ ਮੋਹਾਲੀ ਦੇ ਲਾਂਡਰਾ ਵਿੱਚੋਂ ਦੀ ਹੋ ਕੇ ਨਿਕਲਿਆ। ਇਸ ਵਿੱਚ ਵੱਡੀ ਗਿਣਤੀ ਵਿਚ ਕਿਸਾਨੀ ਭਾਈਚਾਰੇ ਨੂੰ ਪਿਆਰ ਕਰਨ ਵਾਲੇ ਲੋਕ ਮੌਜੂਦ ਰਹੇ।
ਸ੍ਰੀ ਬਰਾੜ ਨੇ ਕਿਹਾ ਕਿ ਜੇਕਰ ਮੁਹਾਲੀ ਹਲਕੇ ਦੇ ਲੋਕ ਉਨ੍ਹਾਂ ਨੂੰ ਇਕ ਮੌਕਾ ਦਿੰਦੇ ਹਨ ਤਾਂ ਉਹ ਮੁਹਾਲੀ ਨੂੰ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਗੇ। ਸਰਕਾਰੀ ਅਧਿਕਾਰੀਆਂ ਦੀ ਜਨਤਾ ਪ੍ਰਤੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ ਇਸ ਲਈ ਠੋਸ ਨੀਤੀਆਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਤੇ ਮੇਅਰ ਜੀਤੀ ਸਿੱਧੂ ਵੱਲੋਂ ਕੀਤੇ ਗਏ ਕਥਿਤ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਕਸੂਰਵਾਰ ਪਾਏ ਜਾਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਰਾੜ ਨੇ ਕਿਹਾ ਕਿ ਡਾ. ਸਵੈਮਾਨ ਦੇ ਮੁਹਾਲੀ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਨਾਲ ਸਮੁੱਚੇ ਹਲਕੇ ਦੇ ਵੋਟਰਾਂ ਵਿੱਚ ਉਤਸ਼ਾਹ ਦੀ ਲਹਿਰ ਦੌੜ ਗਈ। ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਲੋਕ ਉਨ੍ਹਾਂ ਨੂੰ ਸੇਵਾ ਦਾ ਇੱਕ ਮੌਕਾ ਦਿੰਦੇ ਹਨ ਤਾਂ ਲੋਕਾਂ ਦੀ ਸਿਸਟਮ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਸਿਵਲ ਸੁਸਾਇਟੀ ਅਤੇ ਕਮਿਊਨਿਟੀ ਪੁਲਸਿੰਗ ’ਤੇ ਜ਼ੋਰ ਦਿੱਤਾ ਜਾਵੇਗਾ। ਮੁਹਾਲੀ ਦਾ ਇਕਸਾਰ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਹਰੇਕ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…