ਐਤਕੀਂ ਵੋਟਰ ਸਲਿਪ ਰਾਹੀਂ ਵੋਟ ਨਹੀਂ ਪਾ ਸਕਣਗੇ ਵੋਟਰ, ਵੋਟਰ ਕੋਲ ਫੋਟੋ ਸ਼ਨਾਖ਼ਤੀ ਕਾਰਡ ਹੋਣਾ ਅਤਿ ਜ਼ਰੂਰੀ

ਵੋਟ ਪਾਉਣ ਲਈ ਵੋਟਰ ਫੋਟੋ ਸ਼ਨਾਖ਼ਤੀ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਨਾਖ਼ਤੀ ਕਾਰਡ ਹੋਣਾ ਜ਼ਰੂਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਕੋਈ ਵੀ ਵੋਟਰ ਸਿਰਫ਼ ਫੋਟੋ ਵੋਟਰ ਸਲਿਪ ਰਾਹੀਂ ਵੋਟ ਨਹੀਂ ਪਾ ਸਕਣਗੇ, ਉਨ੍ਹਾਂ ਕੋਲ ਵੋਟਰ ਫੋਟੋ ਸ਼ਨਾਖ਼ਤੀ ਕਾਰਡ (ਐਪਿਕ) ਜਾਂ ਫਿਰ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ 11 ਸ਼ਨਾਖ਼ਤੀ ਕਾਰਡਾਂ ’ਚੋਂ ਕੋਈ ਇੱਕ ਹੋਣਾ ਲਾਜ਼ਮੀ ਹੋਵੇਗਾ। ਇਸ ਸਬੰਧੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਚੋਣਾਂ-2022 ਵਿੱਚ ਵੋਟਰਾਂ ਨੂੰ ਫੋਟੋ ਵੋਟਰ ਸਲਿੱਪ ਦੀ ਥਾਂ ’ਤੇ ਵੋਟਰ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਗਏ ਹਨ। ਜਿਸ ਦੀ ਵਰਤੋਂ ਉਹ ਵੋਟ ਪਾਉਣ ਲਈ ਕਰ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ 11 ਵਿਕਲਪਕ ਸ਼ਨਾਖ਼ਤੀ ਕਾਰਡ ਵਿੱਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਰਾਜ ਸਰਕਾਰ/ਪੀਐਸਯੂ/ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਫੋਟੋ ਵਾਲਾ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ/ਡਾਕਘਰ ਵੱਲੋਂ ਜਾਰੀ ਫੋਟੋਗਰਾਫ਼ ਵਾਲੀ ਪਾਸਬੁੱਕ, ਪੈਨ ਕਾਰਡ, ਐਨਪੀਐਰ ਤਹਿਤ ਆਰਜੀਆਈ ਵਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗਰਾਫ਼ ਵਾਲਾ ਪੈਨਸ਼ਨ ਦਸਤਾਵੇਜ਼, ਐਮਪੀ/ਐਮਐਲਏ/ਐਮਐਲਸੀ ਵੱਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਅਧਾਰ ਕਾਰਡ ਸ਼ਾਮਲ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਨਆਰਆਈ ਵੋਟਰਾਂ ਨੂੰ ਸਿਰਫ਼ ਪਛਾਣ ਲਈ ਆਪਣਾ ਅਸਲ ਪਾਸਪੋਰਟ ਪੇਸ਼ ਕਰਨਾ ਹੋਵੇਗਾ। ਵੋਟਰਾਂ ਦੀ ਸਹਾਇਤਾ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵੋਟਰ ਫੋਟੋ ਸ਼ਨਾਖ਼ਤੀ ਕਾਰਡ ਅਤੇ ਐਂਟਰੀਆਂ ਵਿੱਚ ਮਾਮੂਲੀ ਅੰਤਰ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ, ਬਸ਼ਰਤੇ ਇਲੈਕਟਰਸ ਫੋਟੋ ਸ਼ਨਾਖ਼ਤੀ ਕਾਰਡ ਰਾਹੀਂ ਵੋਟਰ ਦੀ ਪਛਾਣ ਸਾਬਤ ਹੋ ਸਕੇ। ਜੇਕਰ ਕਿਸੇ ਵੋਟਰ ਕੋਲ ਵੋਟਰ ਫੋਟੋ ਸ਼ਨਾਖ਼ਤੀ ਕਾਰਡ ਹੈ ਜੋ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈਆਰਓ) ਵੱਲੋਂ ਜਾਰੀ ਕੀਤਾ ਗਿਆ ਹੈ, ਤਾਂ ਅਜਿਹੇ ਕਾਰਡ ਨੂੰ ਪਛਾਣ ਲਈ ਵੀ ਸਵੀਕਾਰ ਕੀਤਾ ਜਾਵੇਗਾ, ਬਸ਼ਰਤੇ ਉਸ ਵੋਟਰ ਦਾ ਨਾਮ ਪੋਲਿੰਗ ਸਟੇਸ਼ਨ ਨਾਲ ਸਬੰਧਤ ਵੋਟਰ ਸੂਚੀ ਵਿੱਚ ਦਰਜ ਹੋਵੇ ਅਤੇ ਫੋਟੋ ਮੇਲ ਨਾ ਹੋਣ ਦੇ ਮਾਮਲੇ ਵਿੱਚ ਵੋਟਰ ਨੂੰ ਉਕਤ 11 ਵਿਕਲਪਿਕ ਫੋਟੋ ਦਸਤਾਵੇਜ਼ਾਂ ’ਚੋਂ ਕੋਈ ਇੱਕ ਪੇਸ਼ ਕਰਨਾ ਲਾਜ਼ਮੀ ਹੋਵੇਗਾ।
ਸ੍ਰੀਮਤੀ ਕਾਲੀਆ ਨੇ ਦੱਸਿਆ ਕਿ ਪਹਿਲਾਂ ਕਮਿਸ਼ਨ ਵੱਲੋਂ ਫੋਟੋ ਵੋਟਰ ਸਲਿਪ (ਪੀਵੀਐਸ) ਸਲਿਪ ਨੂੰ ਸ਼ਨਾਖ਼ਤੀ ਦਸਤਾਵੇਜ਼ ਵਜੋਂ ਪ੍ਰਵਾਨਗੀ ਦਿੱਤੀ ਗਈ ਸੀ ਪਰ ਇਸ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਵੋਟਰ ਫੋਟੋ ਸ਼ਨਾਖ਼ਤੀ ਕਾਰਡ ਵਰਤੋਂ ਵਿੱਚ ਲਿਆਇਆ ਗਿਆ। ਉਨ੍ਹਾਂ ਕਿਹਾ ਕਿ ਫੋਟੋ ਵੋਟਰ ਸਲਿਪ ਨੂੰ ਹੁਣ ਵੀ ਤਿਆਰ ਕੀਤਾ ਜਾਵੇਗਾ ਤਾਂ ਜੋ ਇਸ ਨੂੰ ਵੋਟਰਾਂ ਦੀ ਜਾਗਰੂਕਤਾ ਲਈ ਵਰਤੋਂ ਵਿੱਚ ਲਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕਰਦਿਆਂ ਦੱਸਿਆ ਕਿ ਵੋਟ ਪਾਉਣ ਲਈ ਕੇਵਲ ਫੋਟੋ ਵੋਟਰ ਸਲਿਪ ਸ਼ਨਾਖ਼ਤੀ ਕਾਰਡ ਵਜੋਂ ਪ੍ਰਵਾਨ ਨਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…