ਭਾਰਤੀ ਕਿਸਨ ਯੂਨੀਅਨ (ਲੱਖੋਵਾਲ) ਦਾ ਮੀਡੀਆ ਇੰਚਾਰਜ ਨਛੱਤਰ ਸਿੰਘ ਬੈਦਵਾਨ ‘ਆਪ’ ਵਿੱਚ ਸ਼ਾਮਲ

10 ਮਾਰਚ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ: ਭਗਵੰਤ ਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਜ਼ਬਰਦਸ਼ਤ ਹੁਲਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਨਛੱਤਰ ਸਿੰਘ ਬੈਦਵਾਨ ਸੋਹਾਣਾ ‘ਆਪ’ ਵਿੱਚ ਸ਼ਾਮਲ ਹੋ ਗਏ। ਅੱਜ ਇੱਥੇ ਪਾਰਟੀ ਦਫ਼ਤਰ ਵਿਖੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਬੈਦਵਾਨ ਦਾ ਮੁਹਾਲੀ ਵਿੱਚ ਕਾਫ਼ੀ ਆਧਾਰ ਹੈ। ਉਨ੍ਹਾਂ ਵੱਲੋਂ ਝਾੜੂ ਚੁੱਕਣ ਕਾਰਨ ਮੁਹਾਲੀ ਤੋਂ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਜ਼ਬਰਦਸਤ ਹੁਲਾਰਾ ਮਿਲੇਗਾ। ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਲੜੀਵਾਰ ਸੰਘਰਸ਼ ਵਿੱਚ ਸ਼ਲਾਘਾਯੋਗ ਯੋਗਦਾਨ ਪਾਇਆ ਹੈ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਸੱਤਾ ਪਰਿਵਰਤਨ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ 10 ਮਾਰਚ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਹੂੰਝਾਫੇਰ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਸਵੱਛ ਪ੍ਰਸ਼ਾਸਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਪੰਜਾਬ ’ਚੋਂ ਮਾਫ਼ੀਆ ਰਾਜ ਦਾ ਜੜ੍ਹੋਂ ਖਾਤਮਾ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਕੱਚੇ ਮੁਲਾਜ਼ਮਾਂ ਦੇ ਕੇਸ ਨੂੰ ਨਵੇਂ ਸਿਰਿਓਂ ਵਿਚਾਰਿਆਂ ਜਾਵੇਗਾ ਅਤੇ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ ਭਰਿਆ ਜਾਵੇਗਾ। ਇੰਜ ਹਰ ਘਰ ਵਿੱਚ ਸੁੱਖਾਂ ਦਾ ਪ੍ਰਸਾਰਾ ਹੋਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਪਰਲ ਗਰੁੱਪ ਅਤੇ ਕਰਾਊਨ ਜਿਹੀਆਂ ਬਦਨਾਮ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇੱਕ-ਇੱਕ ਪੈਸਾ ਵਾਪਸ ਕੀਤਾ ਜਾਵੇਗਾ। ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਆਪਣੇ ਪੈਸੇ ਦੁਗਣੇ ਕਰਾਉਣ ਲਈ ਚਿੱਟਫੰਡ ਕੰਪਨੀਆਂ ਕੋਲ ਫਸ ਜਾਂਦੇ ਹਨ ਅਤੇ ਹੁਕਮਰਾਨਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਅਜਿਹੀਆਂ ਕੰਪਨੀਆਂ ਲੋਕਾਂ ਦਾ ਪੈਸਾ ਲੈ ਕੇ ਭੱਜ ਜਾਂਦੀਆਂ ਹਨ। ਇਸੇ ਤਰ੍ਹਾਂ ਧੋਖੇਬਾਜ ਇਮੀਗਰੇਸ਼ਨ ਏਜੰਟਾਂ ਤੋਂ ਪੀੜਤ ਨੌਜਵਾਨਾਂ ਅਤੇ ਪੰਜਾਬੀਆਂ ਨੂੰ ਇਨਸਾਫ਼ ਦਿੱਤਾ ਜਾਵੇਗਾ ਅਤੇ ਫਰਜ਼ੀ ਏਜੰਟਾਂ ਨੂੰ ਫੜ ਕੇ ਹਵਾਲਾਤ ਵਿੱਚ ਬੰਦ ਕਰਕੇ ਨੌਜਵਾਨਾਂ ਦੇ ਪੈਸੇ ਵਾਪਸ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਤੇ ਸਸਤਾ ਇਲਾਜ, ਸਸਤੀ ਬਿਜਲੀ, ਮੁਫ਼ਤ ਪਾਣੀ, ਬੀਬੀਆਂ-ਭੈਣਾਂ ਲਈ ਮਹੀਨਾਵਾਰ ਭੱਤੇ ਆਦਿ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਰਾਜ ਦੇ ਲੋਕਾਂ ਨਾਲ ਕੋਈ ਝੂਠਾ ਵਾਅਦਾ ਨਹੀਂ ਕਰੇਗੀ ਬਲਕਿ ਸਾਰੇ ਚੋਣ ਵਾਅਦਿਆਂ ਨੂੰ ਨਿਰਧਾਰਿਤ ਸਮੇਂ ਅੰਦਰ ਪੜਾਅਵਾਰ ਪੂਰਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…