ਮੁਹਾਲੀ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਸਬੰਧੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ: ਏਡੀਸੀ ਮਿੱਤਲ

907 ਪੋਲਿੰਗ ਬੂਥਾਂ ’ਤੇ 2500 ਤੋਂ ਵੱਧ ਪੰਜਾਬ ਪੁਲੀਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਤਾਇਨਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਪੰਜਾਬ ਵਿੱਚ ਭਲਕੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਸਮੁੱਚੇ ਜ਼ਿਲ੍ਹੇ ਵਿੱਚ 907 ਪੋਲਿੰਗ ਬੂਥ ਬਣਾਏ ਗਏ ਹਨ। ਜਿਨ੍ਹਾਂ ’ਤੇ 8 ਹਜ਼ਾਰ ਤੋਂ ਵੱਧ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 7,94,983 ਵੋਟਰ ਹਨ। ਜਿਨ੍ਹਾਂ ’ਚੋਂ 4,15,456 ਪੁਰਸ਼, 3,77,635 ਅੌਰਤਾਂ ਅਤੇ 43 ਕਿੰਨਰ ਵੋਟਰ ਹਨ। ਜਦੋਂਕਿ 1849 ਵੋਟਰ ਸਰਵਿਸ ਇਲੈਕਟੋਰਸ ਹਨ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 80 ਸਾਲ ਤੋਂ ਵੱਧ ਅਤੇ 40 ਫੀਸਦੀ ਤੋਂ ਵੱਧ ਦਿਵਿਆਂਗ ਵਿਅਕਤੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਵਿਵਸਥਾ ਕੀਤੀ ਗਈ ਹੈ। ਜ਼ਿਲ੍ਹੇ ਅੰਦਰ 80 ਸਾਲ ਤੋਂ ਵੱਧ 1.03 ਫੀਸਦੀ ਵਿਅਕਤੀਆਂ ਅਤੇ ਦਿਵਿਆਂਗ 0.47 ਫੀਸਦੀ ਵਿਅਕਤੀਆਂ ਨੇ ਪੋਸਟ ਬੈਲਟ ਰਾਹੀਂ ਵੋਟ ਪਾਉਣ ਲਈ ਅਪਲਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਵਿੱਚ 32 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ ਜਦੋਂਕਿ ਜ਼ਿਲ੍ਹੇ ਵਿੱਚ 6 ਪਿੰਕ ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ ਸਾਰਾ ਮਹਿਲਾ ਸਟਾਫ਼ ਹੋਵੇਗਾ। ਚੋਣਾਂ ਸਬੰਧੀ ਪੋਲਿੰਗ ਬੂਥਾਂ ’ਤੇ ਤਾਇਨਾਤ ਸਮੁੱਚੇ ਚੋਣ ਅਮਲੇ ਦੀ ਕੋਵਿਡ ਵੈਕਸੀਨੇਸ਼ਨ ਯਕੀਨੀ ਬਣਾਇਆ ਗਿਆ ਹੈ ਅਤੇ ਸਾਰੇ ਪੋਲਿੰਗ ਬੂਥਾਂ ਨੂੰ ਸੈਨੇਟਾਈਜ ਕੀਤਾ ਗਿਆ ਅਤੇ ਪੋਲਿੰਗ ਬੂਥਾਂ ’ਤੇ ਮਾਸਕ ਅਤੇ ਸੈਨੇਟਾਈਜਰ ਦੀ ਵਿਵਸਥਾ ਕੀਤੀ ਗਈ ਹੈ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 40 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਮੁਹਾਲੀ ਵਿੱਚ 9, ਖਰੜ ਵਿੱਚ 17 ਅਤੇ ਡੇਰਾਬੱਸੀ ਵਿੱਚ 14 ਉਮੀਦਵਾਰ ਹਨ। ਖਰੜ ਵਿੱਚ 17 ਉਮੀਦਵਾਰ ਹੋਣ ਕਾਰਨ 2 ਬੈਲਟ ਯੂਨਿਟ ਲੱਗਣਗੇ। ਇਸ ਵਾਰ ਮੁਹਾਲੀ ਜ਼ਿਲ੍ਹੇ ਵਿੱਚ ਈਵੀਐਮ\ਵੀਵੀਪੈਟਸ ਦੀ ਵਰਤੋਂ ਕੀਤੀ ਜਾ ਰਹੀ ਹੈ। ਮਤਦਾਨ ਤੋਂ ਬਾਅਦ ਮੁਹਾਲੀ ਦੀਆਂ ਈਵੀਐਮ ਮਸ਼ੀਨਾਂ ਖੇਡ ਸਟੇਡੀਅਮ ਸੈਕਟਰ-78, ਖਰੜ ਅਤੇ ਡੇਰਾਬੱਸੀ ਦੀਆਂ ਮਸ਼ੀਨਾਂ ਰਤਨ ਪ੍ਰੋਫੇਸ਼ਨਲ ਕਾਲਜ ਸੋਹਾਣਾ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਜਾਣਗੀਆਂ। ਈਵੀਐਮ ਮਸ਼ੀਨਾਂ ਨੂੰ ਲਿਆਉਣ ਅਤੇ ਲਿਜਾਉਣ ਲਈ ਜੀਪੀਐਸ ਲੱਗੇ ਵਾਹਨਾਂ ਦੀ ਵਰਤੋਂ ਕੀਤੀ ਜਾਵੇਗੀ।
ਮੁਹਾਲੀ ਦੇ ਐਸਪੀ (ਐਚ) ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਚੋਣਾਂ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਾਰੇ ਪੋਲਿੰਗ ਬੂਥਾਂ ’ਤੇ ਪੰਜਾਬ ਪੁਲੀਸ ਸਮੇਤ ਕਰੀਬ 2500 ਪੈਰਾ ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮੂਹ ਐਂਟਰੀ ਪੁਆਇੰਟਾਂ ਅਤੇ ਮੁੱਖ ਸੜਕਾਂ ’ਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ। ਇੰਜ ਹੀ ਅੱਜ ਰਾਤ ਭਰ ਅਤੇ ਭਲਕੇ ਦਿਨ ਵਿੱਚ ਵੀ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਗਸ਼ਤ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…