nabaz-e-punjab.com

ਬੱਚਿਆਂ ਦੀ ਸ਼ਖ਼ਸੀਅਤ ਤੇ ਸਰਬਪੱਖੀ ਵਿਕਾਸ ਲਈ ਹੁਣ ਮਾਵਾਂ ਨੂੰ ਸਕੂਲ ਪੱਧਰ ’ਤੇ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ

ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ 2 ਮਾਰਚ ਨੂੰ

ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਾਵਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਦਾ ਵਿਸ਼ੇਸ਼ ਉਪਰਾਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਹੇਠ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ 2 ਮਾਰਚ ਨੂੰ ਸਕੂਲ ਪੱਧਰ ’ਤੇ ਸਿਖਲਾਈ ਵਰਕਸ਼ਾਪ ਲਗਾਈ ਜਾਵੇਗੀ।
ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਨੇ ਕਿਹਾ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਮਾਂ ਦਾ ਅਹਿਮ ਰੋਲ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਮਾਵਾਂ ਨੂੰ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸੇਧ ਦਿੱਤੀ ਜਾ ਸਕੇ ਅਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਨ੍ਹਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।
ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਨ੍ਹਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਡਾ. ਜਰਨੈਲ ਸਿੰਘ ਕਾਲੇਕੇ ਨੇ ਦੱਸਿਆ ਕਿ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ) ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ 26 ਫਰਵਰੀ ਨੂੰ ਇਸ ਵਰਕਸ਼ਾਪ ਬਾਰੇ ਮੁੱਖ ਦਫ਼ਤਰ ਵੱਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮਾਂ ਨੂੰ ਸਿਖਲਾਈ ਦਿੱਤੀ ਜਾਵੇਗੀ। 28 ਫਰਵਰੀ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ 2 ਮਾਰਚ ਨੂੰ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਜਾਵੇਗੀ। ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਜਾਵੇ ਅਤੇ ਉਨ੍ਹਾਂ ਨੂੰ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਜਾਵੇ। ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ, ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਜਾਵੇ।
ਇਸ ਵਰਕਸ਼ਾਪ ਲਈ ਲੋੜੀਂਦੀ ਸਮੱਗਰੀ ਜਿਵੇਂ ਵਰਕਸ਼ੀਟਾਂ, ਪ੍ਰਿੰਟ/ਫੋਟੋਸਟੇਟ ਪਹਿਲਾਂ ਤੋਂ ਹੀ ਤਿਆਰ ਕਰਵਾ ਕੇ ਰੱਖ ਲਈ ਜਾਵੇ। ਵਿਭਾਗ ਵੱਲੋਂ ਇਹ ਕਿਹਾ ਗਿਆ ਹੈ ਕਿ ਮਾਵਾਂ ਦੀ ਇਸ ਵਰਕਸ਼ਾਪ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਾਵਾਂ ਦੀ ਇਸ ਵਰਕਸ਼ਾਪ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਰਾਹੀਂ ਵੀ ਸ਼ੇਅਰ ਕੀਤੀਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾ ਸਕੇ। ਵਿਭਾਗ ਵੱਲੋਂ ਮਾਰਚ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਗਰੈਜੂਏਸ਼ਨ ਸੇਰੇਮਨੀ ਬਾਰੇ ਵੀ ਮਾਵਾਂ ਨੂੰ ਜਾਣਕਾਰੀ ਦੇਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…