Share on Facebook Share on Twitter Share on Google+ Share on Pinterest Share on Linkedin ਵਿਵਾਦਿਤ ਕੋਠੀ ਦਾ ਮਾਮਲਾ ਭਖਿਆ, ਮੁਹਾਲੀ ਪੁਲੀਸ ’ਤੇ ਲੱਗੇ ਧੱਕੇਸ਼ਾਹੀ ਕਰਨ ਦੇ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਭਾਵੇਂ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਆਸਾਂ ਅਤੇ ਉਮੀਦਾਂ ਹਨ ਪਰ ਪੰਜਾਬ ਪੁਲੀਸ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਜਦੋਂ ਭਗਵੰਤ ਮਾਨ ਸੂਬੇ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈ ਰਹੇ ਤਾਂ ਦੂਜੇ ਪਾਸੇ ਮੁਹਾਲੀ ਵਿੱਚ ਘਰ ਦੇ ਕਬਜ਼ੇ ਨੂੰ ਲੈ ਕੇ ਇਕ ਪੀੜਤ ਪਰਿਵਾਰ ਨੇ ਭੂੰਬਾਂ ਮਾਰ ਮਾਰ ਕੇ ਇਨਸਾਫ਼ ਦੀ ਗੁਹਾਰ ਲਗਾਈ ਅਤੇ ਪੁਲੀਸ ਉੱਤੇ ਕਥਿਤ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਾਏ। ਉਧਰ, ਜਾਂਚ ਅਧਿਕਾਰੀ ਏਐਸਆਈ ਸੁਖਵਿੰਦਰ ਸਿੰਘ ਨੇ ਧੱਕੇਸ਼ਾਹੀ ਕਰਨ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਪੀੜਤ ਰਾਜੂ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਕਾਫ਼ੀ ਸਮਾਂ ਪਹਿਲਾਂ ਉਕਤ ਕੋਠੀ ਹਰਭਜਨ ਸਿੰਘ ਗਿੱਲ ਤੋਂ ਕਿਰਾਏ ’ਤੇ ਲਈ ਸੀ। ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਇਸ ਮਗਰੋਂ ਕੁੱਝ ਹੋਰ ਵਿਅਕਤੀ ਮਾਲਕ ਬਣ ਕੇ ਅੱਗੇ ਆ ਗਏ ਅਤੇ ਉਨ੍ਹਾਂ ਨੂੰ ਤਿੰਨ ਮਹੀਨੇ ਤੋਂ ਕੋਠੀ ਖਾਲੀ ਕਰਨ ਲਈ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਅੱਜ ਏਐਸਆਈ ਸੁਖਵਿੰਦਰ ਸਿੰਘ ਨੂੰ ਹਾਈ ਕੋਰਟ ਦੇ ਸਟੇਅ ਆਰਡਰ ਵੀ ਦਿਖਾਏ ਗਏ ਪ੍ਰੰਤੂ ਪੁਲੀਸ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ, ਸਗੋਂ ਪੁਲੀਸ ਨੇ ਉਸ ਨੂੰ ਫੜ ਕੇ ਥਾਣੇ ਲੇ ਗਈ ਅਤੇ ਸਾਰਾ ਦਿਨ ਦੇਰ ਸ਼ਾਮ ਤੱਕ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੈ। ਰਾਜੂ ਢਿੱਲੋਂ ਦੇ ਰਿਸ਼ਤੇਦਾਰ ਤਾਹਿਲ ਸ਼ਰਮਾ ਨੇ ਦੱਸਿਆ ਕਿ ਉਹ ਇਸ ਮਕਾਨ ਵਿੱਚ ਕਾਫ਼ੀ ਸਮੇਂ ਤੋਂ ਆਪਣੀ ਮਾਂ ਅਤੇ ਪਤਨੀ ਡਾ. ਸਰੂਤੀ ਸ਼ਰਮਾ ਅਤੇ ਇਕ ਸਾਲ ਦੇ ਬੱਚੇ ਨਾਲ ਰਹਿ ਰਿਹਾ ਹੈ ਅਤੇ ਅੱਜ ਉਨ੍ਹਾਂ ਨੇ ਪੁਲੀਸ ਦੇ ਤਰਲੇ ਕੱਢੇ ਕਿ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਸਬੰਧੀ ਉਨ੍ਹਾਂ ਨੇ 181 ਨੰਬਰ ’ਤੇ ਵੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦਾ ਜਾਣਕਾਰ ਰਾਜੂ ਢਿੱਲੋਂ ਮੌਕੇ ਪਹੁੰਚੇ ਤਾਂ ਪੁਲੀਸ ਉਨ੍ਹਾਂ ਨੂੰ ਚੁੱਕ ਕੇ ਥਾਣੇ ਲੈ ਗਈ ਅਤੇ ਹੁਣ ਤੱਕ ਨਹੀਂ ਛੱਡਿਆ। ਸੀਸੀਟੀਵੀ ਕੈਮਰੇ ਵਿੱਚ ਸਾਰੀ ਘਟਨਾ ਕੈਦ ਹੋ ਗਈ ਹੈ। ਉਨ੍ਹਾਂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਐਸਐਸਪੀ ਤੋਂ ਮੰਗ ਕੀਤੀ ਕਿ ਇਸ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਧੱਕੇਸ਼ਾਹੀ ਕਰਨ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਬਣਦੀ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਧਰ, ਦੂਜੇ ਪਾਸੇ ਜਾਂਚ ਅਧਿਕਾਰੀ ਏਐਸਆਈ ਸੁਖਵਿੰਦਰ ਸਿੰਘ ਨੇ ਧੱਕੇਸ਼ਾਹੀ ਕਰਨ ਦੇ ਲਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲੀਸ ਨੇ ਸ਼ਿਕਾਇਤ ਕਰਤਾਵਾਂ ਦੇ ਘਰੋਂ ਕੋਈ ਸਾਮਾਨ ਨਹੀਂ ਚੁੱਕਿਆ ਹੈ ਅਤੇ ਨਾ ਹੀ ਕਿਸੇ ਬਦਸਲੂਕੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰਾਜੂ ਢਿੱਲੋਂ ਨੇ ਜਾਅਲੀ ਐਗਰੀਮੈਂਟ ਤਿਆਰ ਕੀਤਾ ਹੋਇਆ ਹੈ ਅਤੇ ਉਹ ਵਿਵਾਦਿਤ ਕੋਠੀ ਨੂੰ ਦੱਬਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਦੋਵੇਂ ਧਿਰਾਂ ਨੂੰ ਥਾਣੇ ਸੱਦਿਆ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ