ਪਾਬੰਦੀਸ਼ੁਦਾ ਕਿਤਾਬਾਂ ਛਾਪ ਕੇ ਸਕੂਲਾਂ ਵਿੱਚ ਪੜ੍ਹਾਉਣ ਪਿੱਛੇ ਡੂੰਘੀ ਸਾਜ਼ਿਸ਼ ਦਾ ਪਰਦਾਫਾਸ਼ ਹੋਵੇ: ਸਿਰਸਾ

ਲੇਖਕਾਂ ਤੇ ਹੋਰਨਾਂ ਵਿਰੁੱਧ ਕਾਨੂੰਨੀ ਕਾਰਵਾਈ ਲਈ ਮੁੱਖ ਮੰਤਰੀ ਤੇ ਡੀਜੀਪੀ ਨੂੰ ਲਿਖਿਆ ਪੱਤਰ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨਾ 45ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਇਤਿਹਾਸ ਦੀ ਵਿਵਾਦਿਤ ਕਿਤਾਬ ਨੂੰ ਲੈ ਕੇ ਲੜੀਵਾਰ ਧਰਨਾ ਬੁੱਧਵਾਰ ਨੂੰ 45ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬ ਦੇ ਸਕੂਲਾਂ ਵਿੱਚ ਕਥਿਤ ਤੌਰ ’ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਪੜ੍ਹਾਈਆਂ ਜਾ ਰਹੀਆਂ ਕਿਤਾਬਾਂ ਲਈ ਜ਼ਿੰਮੇਵਾਰ ਅਫ਼ਸਰਾਂ, ਲੇਖਕਾਂ ਅਤੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਦੇ ਖ਼ਿਲਾਫ਼ ਅਪਰਾਧਿਕ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆਂ ਜਾਵੇ।
ਅੱਜ ਇੱਥੇ ਧਰਨਾ ਕੈਂਪਸ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਈ ਲੇਖਕਾਂ ਅਤੇ ਪ੍ਰਾਈਵੇਟ ਪਬਲਿਸ਼ਰਾਂ ਨੇ ਕਿਸੇ ਡੂੰਘੀ ਸਾਜ਼ਿਸ਼ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਲਈ ਪਾਬੰਦੀ ਸ਼ੁਦਾ ਕਿਤਾਬਾਂ ਹਿਸਟਰੀ ਆਫ਼ ਪੰਜਾਬ ਵਿੱਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ, ਪੰਜਾਬ ਦੇ ਇਤਿਹਾਸ ਨੂੰ ਵਿਗਾੜ ਕੇ ਅਤੇ ਗੁਰਬਾਣੀ ਦੀਆਂ ਗਲਤ ਤੁਕਾਂ ਲਿਖ ਕੇ ਛਪਾਈ ਜਾ ਰਹੀ ਹੈ ਅਤੇ ਇਹ ਕਿਤਾਬ ਆਮ ਦੁਕਾਨਾਂ ’ਤੇ ਸ਼ਰ੍ਹੇਆਮ ਵਿਕ ਵੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਵਾਦਿਤ ਕਿਤਾਬ ਮਨਜੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਲਿਖੀ ਗਈ ਹੈ, ਜਦੋਂਕਿ ਇਸੇ ਵਿਸ਼ੇ ਦੀਆਂ ਕੁੰਜੀਆਂ (ਛੋਟੀਆਂ ਸਹਾਇਕ ਕਿਤਾਬਾਂ) ਉਸ ਦੀ ਪਤਨੀ ਵੱਲੋਂ ਲਿਖੀਆਂ ਗਈਆਂ ਹਨ।
ਜਥੇਦਾਰ ਸਿਰਸਾ ਨੇ ਕਿਹਾ ਕਿ ਸਿੱਖਿਆ ਬੋਰਡ ਵੱਲੋਂ ਪਤੀ-ਪਤਨੀ ਵੱਲੋਂ ਲਿਖੀਆਂ ਕਿਤਾਬਾਂ ਪੰਜਾਬ ਦਾ ਇਤਿਹਾਸ ਅਤੇ ਕੁੰਜੀਆਂ ਨੂੰ ਸਾਲ 1998 ਵਿੱਚ ਪ੍ਰਵਾਨਗੀ ਦਿੱਤੀ ਗਈ ਸੀ ਪਰ 14 ਜੁਲਾਈ 2017 ਨੂੰ ਪੰਜਾਬ ਬੋਰਡ ਨੇ ਇਸ ਕਿਤਾਬ ਅਤੇ ਕੁੰਜੀਆਂ ’ਤੇ ਰੋਕ ਲਗਾ ਦਿੱਤੀ ਸੀ ਪ੍ਰੰਤੂ ਉਹੀ ਕਿਤਾਬਾਂ ਛਪਵਾ ਕੇ ਸਕੂਲਾਂ ਵਿੱਚ ਬੱਚਿਆਂ ਨੂੰ ਪੜਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਪਿੱਛੇ ਡੂੰਘੀ ਸਾਜ਼ਿਸ਼ ਹੈ। ਵੱਡੀ ਹੈਰਾਨੀ ਵਾਲੀ ਗੱਲ ਹੈ ਕਿ ਸਕੂਲ ਬੋਰਡ ਵੱਲੋਂ ਇਨ੍ਹਾਂ ਦੀਆਂ ਕਿਤਾਬਾਂ ਅਤੇ ਕੁੰਜੀਆਂ ’ਤੇ ਰੋਕ ਲਗਾਉਣ ਦੇ ਬਾਵਜੂਦ ਲੇਖਕ ਜੋੜੇ ਨੇ ਉਕਤ ਕਿਤਾਬਾਂ ਅਤੇ ਕੁੰਜੀਆਂ ਛਪਵਾ ਕੇ ਵੇਚੀਆਂ ਜਾ ਰਹੀਆਂ ਹਨ, ਪ੍ਰੰਤੂ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਹੁਣ ਤੱਕ ਸਬੰਧਤ ਵਿਅਕਤੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਨੂੰ ਲੜੀਵਾਰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਿਵਾਦਿਤ ਕਿਤਾਬਾਂ ਅਤੇ ਕੁੰਜੀਆਂ ਵਿੱਚ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇਣ ਨਾਲ ਨਾਨਕ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਕਿਤਾਬਾਂ ਵਿੱਚ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਜੇਲ੍ਹ ਵਿੱਚ ਡੱਕਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਠੋਸ ਪੈਰਵੀ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…