ਪੰਜਾਬ ਪੁਲੀਸ ਦੇ ਸਬ ਇੰਸਪੈਕਟਰ ਪਵਨ ਕੁਮਾਰ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

ਧਾਰਮਿਕ ਅਸਥਾਨ ’ਤੇ ਨਤਮਸਤਕ ਹੋਣ ਜਾ ਰਹੇ ਸੀ, ਰਸਤੇ ’ਚ ਵਾਪਰੀ ਸੜਕ ਦੁਰਘਟਨਾ

ਮੁਹਾਲੀ ਨੇੜਲੇ ਜ਼ੱਦੀ ਪਿੰਡ ਸਨੇਟਾ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਪੰਜਾਬ ਪੁਲੀਸ ਦੇ ਹੋਣਹਾਰ ਸਬ ਇੰਸਪੈਕਟਰ ਪਵਨ ਕੁਮਾਰ (51) ਦੀ ਇਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਜਦੋਂਕਿ ਉਸਦਾ ਦੋਸਤ ਲਾਡੀ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਜੇਰੇ ਇਲਾਜ ਹੈ, ਜਿੱਥੇ ਉਸ ਦੀ ਹਾਲਤ ਵੀ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ। ਪਵਨ ਕੁਮਾਰ ਇੱਥੋਂ ਦੇ ਨਜ਼ਦੀਕੀ ਪਿੰਡ ਸਨੇਟਾ ਦਾ ਰਹਿਣ ਵਾਲਾ ਸੀ ਅਤੇ ਪੁਲੀਸ ਦਾ ਜਾਬਾਜ ਸਿਪਾਹੀ ਸੀ। ਉਸ ਨੇ ਕਈ ਖੂੰਖਾਰ ਅਪਰਾਧੀਆਂ, ਗੈਂਗਸਟਰਾਂ, ਖਾੜਕੂਆਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਵਧੀਆਂ ਸੇਵਾਵਾਂ ਬਦਲੇ ਪਵਨ ਕੁਮਾਰ ਨੂੰ ਆਜ਼ਾਦੀ ਦਿਹਾੜੇ ’ਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਆਂ ਗਿਆ ਸੀ। ਇਸ ਸਮੇਂ ਉਹ ਜ਼ਿਲ੍ਹਾ ਸੀਆਈਏ ਸਟਾਫ਼ ਫਤਹਿਗੜ੍ਹ ਸਾਹਿਬ ਵਿੱਚ ਤਾਇਨਾਤ ਸੀ। ਵਿਧਾਨ ਸਭਾ ਚੋਣਾਂ ਦੌਰਾਨ ਉਸ ਦੀ ਬਦਲੀ ਦੂਜੇ ਜ਼ਿਲ੍ਹੇ ਫਤਹਿਗੜ੍ਹ ਸਾਹਿਬ ਵਿੱਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਉਹ ਕਾਫ਼ੀ ਸਮੇਂ ਤੋਂ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵਿੱਚ ਤਾਇਨਾਤ ਸਨ। ਉਹ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਸਮੇਤ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਆਪਣੇ ਦੋਸਤ ਲਾਡੀ ਨਾਲ ਕਿਸੇ ਧਾਰਮਿਕ ਅਸਥਾਨ ’ਤੇ ਨਤਮਸਤਕ ਹੋਣ ਲਈ ਜਾ ਰਿਹਾ ਸੀ ਕਿ ਰਸਤੇ ਵਿੱਚ ਖਰੜ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਕੁਰਾਲੀ ਨੇੜੇ ਰਿਆਤ ਐਂਡ ਬਾਹਰਾ ਕਾਲਜ ਨੇੜੇ ਲੰਘੀ ਰਾਤ ਕਰੀਬ ਡੇਢ ਵਜੇ ਇੱਕ ਟਿੱਪਰ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਏਨਾ ਭਿਆਨਕ ਸੀ ਕਿ ਪਵਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਕਾਰ ਵਿੱਚ ਸਵਾਰ ਉਸ ਦਾ ਦੋਸਤ ਲਾਡੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਮੈਕਸ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਦੱਸਿਆ ਗਿਆ ਹੈ ਕਿ ਟਿੱਪਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਟਿੱਪਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਉਧਰ, ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਪੁਲੀਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪਵਨ ਕੁਮਾਰ ਦਾ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜ਼ੱਦੀ ਪਿੰਡ ਸਨੇਟਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸਸਕਾਰ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਇੱਕ ਟੁਕੜੀ ਨੇ ਸਲਾਮੀ ਦਿੱਤੀ। ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ।
ਇਸ ਮੌਕੇ ਗੁਰਚਰਨ ਸਿੰਘ, ਮਨਵੀਰ ਸਿੰਘ ਬਾਜਵਾ, ਅਨਿਲ ਕੁਮਾਰ (ਤਿੰਨੇ ਡੀਐਸਪੀ), ਜ਼ਿਲ੍ਹਾ ਸੀਆਈਏ ਸਟਾਫ਼ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਗੱਬਰ ਸਿੰਘ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਅਸ਼ੋਕ ਕੁਮਾਰ, ਸਬ ਇੰਸਪੈਕਟਰ ਆਰਡੀ ਸ਼ਰਮਾ, ਐਸਐਸਪੀ ਮੁਹਾਲੀ ਦੇ ਰੀਡਰ ਏਐਸਆਈ ਜਸਵੀਰ ਸਿੰਘ ਧਾਲੀਵਾਲ, ਜਗਤਾਰ ਸਿੰਘ, ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਅਤੇ ਇਲਾਕਾ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…