Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕਾਂ ਨੇ ਡੀਸੀ, ਏਡੀਸੀ, ਐਸਡੀਐਮਜ਼ ਤੇ ਹੋਰਨਾਂ ਵਿਭਾਗਾਂ ਦੇ ਉੱਚ ਅਫ਼ਸਰਾਂ ਨਾਲ ਕੀਤੀ ਪਲੇਠੀ ਮੀਟਿੰਗ ਭ੍ਰਿਸ਼ਟਾਚਾਰ ਖ਼ਤਮ ਕਰਨ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਅਧਿਕਾਰੀਆਂ ਦਾ ਸਹਿਯੋਗ ਮੰਗਿਆ ਵਿਧਾਇਕ ਕੁਲਵੰਤ ਸਿੰਘ, ਅਨਮੋਲ ਗਗਨ ਮਾਨ ਤੇ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਧੀਨ ਆਉਂਦੇ ਤਿੰਨ ਵਿਧਾਨ ਸਭਾ ਹਲਕਿਆਂ ਮੁਹਾਲੀ ਤੋਂ ਚੁਣੇ ਗਏ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ, ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਏਡੀਸੀ ਸ੍ਰੀਮਤੀ ਕੋਮਲ ਮਿੱਤਲ, ਸਮੂਹ ਐਸਡੀਐਮਜ਼ ਸਮੇਤ ਨਗਰ ਨਿਗਮ ਦੇ ਕਮਿਸ਼ਨਰ ਅਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਕੁਲਵੰਤ ਸਿੰਘ, ਅਨਮੋਲ ਗਗਨ ਮਾਨ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਭ੍ਰਿਸ਼ਟਾਚਾਰ ਦਾ ਖਾਤਮਾ, ਚੌਕਸੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੇਟ-ਲਤੀਫ਼ੀ, ਕੰਮਾਂ ਪ੍ਰਤੀ ਢਿੱਲ-ਮੱਠ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਦਾ ਪਾਬੰਦ ਰਹਿਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਵੀ ਆਦੇਸ਼ ਦਿੱਤੇ। ਡੀਸੀ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਜ਼ਿਲ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ ਗਈ। ਜਿਸ ਵਿੱਚ ਨਗਰ ਨਿਗਮ, ਪੰਚਾਇਤ ਵਿਭਾਗ, ਸ਼ਹਿਰੀ ਵਿਕਾਸ ਵਿਭਾਗ, ਜਲ ਸਪਲਾਈ ਵਿਭਾਗ, ਬਿਜਲੀ ਵਿਭਾਗ, ਸਿਹਤ ਵਿਭਾਗ, ਗਮਾਡਾ\ਪੁੱਡਾ ਸਮੇਤ ਹੋਰਨਾਂ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਬਾਰੇ ਪੇਸ਼ਕਾਰੀਆਂ ਰਾਹੀਂ ਵਿਧਾਇਕਾਂ ਨੂੰ ਜਾਣਕਾਰੀ ਦਿੱਤੀ ਗਈ। ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਬਹੁਤ ਵੱਡੇ ਪੱਧਰ ਤੇ ਫਤਵਾ ਦੇ ਕੇ ਸੂਬੇ ਵਿੰਚ ਆਮ ਆਦਮੀ ਪਾਰਟੀ ਸਰਕਾਰ ਸਥਾਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਬਹੁਤ ਰੋਸ ਵੱਧ ਗਿਆ ਸੀ ਜਿਸ ਕਾਰਨ ਉਨ੍ਹਾਂ ਨੇ ਸਿਆਸੀ ਬਦਲਾਅ ਕਰਨ ਲਈ ਜਬਰਦਸਤ ਵੋਟਿੰਗ ਕੀਤੀ ਹੈ। ਜਿਸ ਵਿੱਚ ਆਮ ਲੋਕਾਂ ਦੇ ਨਾਲ ਨਾਲ ਸਰਕਾਰੀ ਅਹੁੱਦਿਆਂ ਤੇ ਬਿਰਾਜਮਾਨ ਆਈ.ਏ.ਐਸ. , ਪੀ.ਸੀ.ਐਸ. , ਡਾਕਟਰ , ਇੰਜੀਨੀਅਰ ਸਮੇਤ ਹੋਰਨਾਂ ਮੁਲਾਜ਼ਮਾਂ ਨੇ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਪੱਧਰ ਦਾ ਫਤਵਾ ਸਾਡੀ ਸਰਕਾਰ ਨੂੰ ਮਿਲਿਆ ਹੈ ਉਸ ਨਾਲ ਸਾਡੀ ਜ਼ਿੰਮੇਵਾਰੀ ਹੋਰ ਵੀ ਜ਼ਿਆਦਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕਿਸੇ ਵੀ ਕਿਸਮ ਦੀ ਕੋਈ ਕੁਤਾਹੀ ਜਾਂ ਲੋਕਾਂ ਦੇ ਮਸਲੇ ਹਲ ਕਰਨ ਵਿੱਚ ਢਿੱਲ ਮੱਠ ਦਿਖਾਈ ਤਾਂ ਲੋਕ ਸਾਨੂੰ ਮੁਆਫ ਨਹੀਂ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਅਸੀਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨ ਮੁਹੱਈਆ ਨਹੀਂ ਕਰਦੇ ਉਦੋਂ ਤੱਕ ਅਸੀਂ ਉਨ੍ਹਾਂ ਦਾ ਵਿਸ਼ਵਾਸ ਨਹੀਂ ਜਿੱਤ ਸਕਾਗੇਂ। ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਵੀ ਅਧਿਕਾਰੀਆਂ ਨੂੰ ਨਸ਼ਿਆਂ ਦੀ ਲਾਹਨਤ, ਜ਼ਮੀਨੀ ਮਸਲਿਆਂ ਨੂੰ ਹੱਲ ਕਰਨ ਦੀ ਅਪੀਲ ਕਰਦਿਆਂ ਇਹ ਅਪੀਲ ਕੀਤੀ ਗਈ ਕਿ ਪ੍ਰਸ਼ਾਸ਼ਨਿਕ ਬਦਲਾਅ ਅਧਿਕਾਰੀਆਂ ਦੇ ਸਹਿਯੋਗ ਤੋਂ ਬਿਨ੍ਹਾਂ ਸੰਭਵ ਨਹੀਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦਾ ਖਾਤਮਾ ਸਾਡੀ ਸਰਕਾਰ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸਾਨੂੰ ਕਿਸੇ ਤਰ੍ਹਾਂ ਦੀ ਕੋਈ ਕਮਿਸ਼ਨ ਜਾਂ ਰਿਸ਼ਵਤ ਦੀ ਜ਼ਰੂਰਤ ਹੈ ਅਤੇ ਨਾ ਹੀ ਅਸੀਂ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਤੰਤਰ ਨੂੰ ਰਹਿਣ ਦੇਣਾ ਹੈ। ਇਸ ਕਾਰਜ ਵਿੱਚ ਸਾਨੂੰ ਸਮਾਜ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਸਟਮ ਵਿੰਚ ਕਈ ਕਮੀਆਂ ਹੋ ਸਕਦੀਆਂ ਹਨ, ਅਧਿਕਾਰੀ ਇਹ ਕਮੀਆਂ ਸਾਡੇ ਧਿਆਨ ਵਿੱਚ ਲੈ ਕੇ ਆਉਣ ਤਾਂ ਜੋ ਅਸੀਂ ਸਹੀ ਪਲੇਟਫਾਰਮ ਤੇ ਅਵਾਜ਼ ਉਠਾ ਕੇ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਸਕੀਏ। ਉਨ੍ਹਾਂ ਕਿਹਾ ਕਿ ਸਾਡਾ ਇਹ ਮੰਤਵ ਹੈ ਕਿ ਅਸੀਂ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣਾ ਹੈ। ਹਲਕਾ ਡੇਰਾਬੱਸੀ ਤੋਂ ਚੁਣੇ ਗਏ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਰਕਾਰੀ ਮੁਲਜ਼ਮਾਂ ਤੇ ਬਦਲੀ ਹੋ ਜਾਣ ਦਾ ਡਰ ਹਰ ਸਮੇਂ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਡਰ ਆਪਣੇ ਮਨ ਤੋਂ ਲਾਹ ਦੇਣਾ ਚਾਹੀਦਾ ਹੈ, ਕਿਉਕਿ ਸਭ ਮੁਲਾਜ਼ਮ ਇਕੋਂ ਤਰ੍ਹਾਂ ਦੇ ਹੁੰਦੇ ਹਨ ਅਤੇ ਉਨ੍ਹਾਂ ਵਿੱਚ ਕੰਮ ਕਰਨ ਦੀ ਅਸੀਮ ਸਮਰੱਥਾ ਹੁੰਦੀ ਹੈ ਅਤੇ ਅਸੀਂ ਤੁਹਾਡੇ ਤੋਂ ਹੀ ਕੰਮ ਲੈਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਸਾਂ ਸਭ ਨੇ ਇੱਕ ਪਰਿਵਾਰ ਵਾਂਗ ਕੰਮ ਕਰਨਾ ਹੈ। ਦਫਤਰਾਂ ਵਿੱਚ ਸਮੇਂ ਦੇ ਪਾਬੰਦ ਰਹਿਣਾ ਹੈ ਅਤੇ ਲੋਕਾਂ ਦੀਆ ਮੁਸ਼ਕਲਾਂ ਨੂੰ ਹਮਦਰਦੀ ਨਾਲ ਵਿਚਾਂਰ ਕੇ ਮਿੱਥੇ ਸਮੇਂ ਵਿੱਚ ਉਨ੍ਹਾਂ ਦਾ ਹਲ ਕਰਨਾ ਹੈ। ਇਸ ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਸ੍ਰੀ ਵਿਪੁਲ ਉਜਵਲ ਮੁੱਖ ਪ੍ਰਸ਼ਾਸ਼ਕ ਗਮਾਡਾ, ਸ੍ਰੀਮਤੀ ਕੋਮਲ ਮਿੱਤਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਹਿੰਮਾਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ (ਵ), ਸ੍ਰੀਮਤੀ ਪੂਜਾ ਸਿਆਲ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ),ਸ੍ਰੀ ਹਰਬੰਸ ਸਿੰਘ ਐਸ.ਡੀ.ਐਮ. ਮੋਹਾਲੀ, ਸ੍ਰੀ ਅਭਿਕੇਸ਼ ਗੁਪਤਾ ਐਸ.ਡੀ.ਐਮ. ਖਰੜ, ਸ੍ਰੀਮਤੀ ਸਵਾਤੀ ਟਿਵਾਣਾਂ ਐਸ.ਡੀ.ਐਮ.ਡੇਰਾਬੱਸੀ, ਸ੍ਰੀ ਕਮਲ ਕੁਮਾਰ ਗਰਗ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਮੁਹਾਲੀ ਅਤੇ ਸਮੂਹ ਕਾਰਜਸਾਧਕ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਪੱਧਰੀ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ