ਦੇਸ਼ ਵਿਆਪੀ ਹੜਤਾਲ ਦੇ ਦੂਜੇ ਦਿਨ ਪਾਵਰਕੌਮ ਦੇ ਸਮੂਹ ਸਰਕਲ ਹੈੱਡ ਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਪੀਐਸਪੀਸੀਐਲ ਦੇ ਜੂਨੀਅਰ ਇੰਜੀਨੀਅਰਾਂ ਨੇ 28 ਅਤੇ 29 ਮਾਰਚ ਦੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦੇ ਦੂਜੇ ਦਿਨ ਪਾਵਰਕੌਮ ਦੇ ਸਮੂਹ ਸਰਕਲ ਹੈੱਡ ਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕਰਕੇ ਹੜਤਾਲ ਦਾ ਸਮਰਥਨ ਕੀਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸੂਬਾ ਪ੍ਰਧਾਨ ਇੰਜ. ਪਰਮਜੀਤ ਸਿੰਘ ਖਟੜਾ ਅਤੇ ਜਨਰਲ ਸਕੱਤਰ ਇੰਜ. ਦਵਿੰਦਰ ਸਿੰਘ ਦੀ ਅਗਵਾਈ ਹੇਠ ਪਾਵਰਕੌਮ ਦੇ ਮੁਲਾਜ਼ਮਾਂ ਨੇ ਮੁਕੰਮਲ ਹੜਤਾਲ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜ਼ਿਆਦਾਤਰ ਕੇਂਦਰ ਸ਼ਾਸਿਤ ਰਾਜਾਂ ਵਿੱਚ ਬਿਜਲੀ ਵੰਡ ਖੇਤਰ ਦੇ ਨਿੱਜੀਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਜਿਸ ਕਾਰਨ ਪਾਵਰਕੌਮ ਦੇ ਮੁਲਾਜ਼ਮਾਂ ’ਤੇ ਨੌਕਰੀ ਖੁੱਸਣ ਦੀ ਤਲਵਾਰ ਲਮਕ ਗਈ ਹੈ। ਇਹੀ ਨਹੀਂ ਕਈ ਹੋਰਨਾਂ ਸੂਬਿਆਂ ਵਿੱਚ ਨਿੱਜੀਕਰਨ ਦੀ ਪ੍ਰਕਿਰਿਆ ਦੇ ਅਮਲ ਲਈ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਕੇਂਦਰ ਦੀ ਇਸ ਨਿੱਜੀਕਰਨ ਦੀ ਨੀਤੀ ਦਾ ਦੇਸ਼ ਦੇ ਬਿਜਲੀ ਸੈਕਟਰ ਦੇ ਸਮੂਹ ਮੁਲਾਜ਼ਮਾਂ ਅਤੇ ਇੰਜੀਨੀਅਰਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਬਿਜਲੀ ਸੈਕਟਰ ਦੇ ਸਮੂਹ ਕਰਮਚਾਰੀਆਂ ਅਤੇ ਇੰਜੀਨੀਅਰਾਂ ਦੀ ਕੌਮੀ ਪੱਧਰ ਦੀ ਕੋਆਰਡੀਨੇਸ਼ਨ ਕਮੇਟੀ ਰਾਸ਼ਟਰ ਦੇ ਸੰਘੀ ਢਾਂਚੇ ਵੱਲੋਂ ਸੂਬਿਆਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ਬਰਕਰਾਰ ਰੱਖਦਿਆਂ ਗਰੀਬ ਕਿਸਾਨਾਂ, ਆਮ ਲੋਕਾਂ, ਬਿਜਲੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਰਾਸ਼ਟਰੀ ਊਰਜਾ ਸੁਰੱਖਿਆ, ਰਾਸ਼ਟਰੀ ਖ਼ੁਰਾਕ ਸੁਰੱਖਿਆ, ਰਾਸ਼ਟਰੀ ਰੁਜ਼ਗਾਰ ਸੁਰੱਖਿਆ ਪ੍ਰਤੀ ਗੰਭੀਰ ਚਿੰਤਾ ਨੂੰ ਅਸਰਦਾਰ ਢੰਗ ਨਾਲ ਉਜਾਗਰ ਕਰ ਰਹੀ ਹੈ।
ਆਗੂਆਂ ਨੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਜਲੀ ਸੋਧ ਬਿੱਲ 2021 ਅਤੇ ਬਿਜਲੀ ਦੀ ਵੰਡ ਦੇ ਨਿੱਜੀਕਰਨ ਲਈ ਸਟੈਂਡਰਡ ਬੀਡਿੰਗ ਦਸਤਾਵੇਜ਼ ਰੱਦ ਕਰਨਾ, ਸੂਬਿਆਂ ਅਤੇ ਕੇਂਦਰ ਸ਼ਾਸਿਤ ਰਾਜਾਂ ਵਿੱਚ ਬਿਜਲੀ ਦੇ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਤੁਰੰਤ ਵਾਪਸ ਲੈਣਾ, ਉਤਪਾਦਨ, ਟਰਾਂਸਮਿਸ਼ਨ ਦੇ ਕਾਰਜਸ਼ੀਲ ਹਿੱਸਿਆਂ ਨੂੰ ਮਿਲਾ ਕੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਾਰੀਆਂ ਬਿਜਲੀ ਕੰਪਨੀਆਂ ਨੂੰ ਕੇ.ਐਸ.ਈ.ਬੀ. ਲਿਮਟਿਡ ਅਤੇ ਐਚ.ਪੀ.ਐਸ.ਈ.ਬੀ. ਲਿਮਟਿਡ ਵਰਗੀਆਂ ਵੰਡ ਕੰਪਨੀਆਂ ਦੀ ਤਰਜ਼ ’ਤੇ ਏਕੀਕ੍ਰਿਤ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕੇ ਅਤੇ ਆਮ ਕਾਮਿਆਂ/ਕਰਮਚਾਰੀਆਂ ਨੂੰ ਨਿਯਮਤ ਕਰਨਾ, ਬਿਜਲੀ ਖੇਤਰ ਵਿੱਚ ਸਾਰੀਆਂ ਮੌਜੂਦਾ ਅਸਾਮੀਆਂ ਨੂੰ ਰੈਗੂਲਰ ਨੀਤੀ ਤਹਿਤ ਭਰਨਾ ਸ਼ਾਮਲ ਹਨ।
ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਯੋਗਤਾਵਾਂ ਵਿੱਚ ਕੀਤੀਆਂ ਸੋਧਾਂ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲਵੇ ਕਿਉਂਕਿ ਇਹ ਪੰਜਾਬ ਦੇ ਹਿੱਤਾਂ ਦੇ ਉਲਟ ਹੈ। ਉਨ੍ਹਾਂ ਨੇ ਪਾਵਰਕੌਮ ਜੂਨੀਅਰ ਇੰਜੀਨੀਅਰਾਂ ਦੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਦੇ ਨਿਪਟਾਰੇ ਵਿੱਚ ਹੋ ਰਹੀ ਦੇਰੀ ਪ੍ਰਤੀ ਵੀ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…