nabaz-e-punjab.com

ਮਿਸ ਪੰਜਾਬਣ ਵਿਵਾਦ: ਪੀਟੀਸੀ ਚੈਨਲ ਦੇ ਐਮਡੀ ਨੂੰ ਮੁੜ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪੀਟੀਸੀ ਟੀਵੀ ਚੈਨਲ ਵੱਲੋਂ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਅਤੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸ਼ੁੱਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਨੂੰ ਫਿਰ ਤੋਂ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਧਰ, ਇਸ ਮਾਮਲੇ ਵਿੱਚ ਨਾਮਜ਼ਦ ਕਥਿਤ ਮੁੱਖ ਮੁਲਜ਼ਮ ਨੈਨਸੀ ਘੁੰਮਣ ਅਤੇ ਉਸ ਦਾ ਪਤੀ ਭੁਪਿੰਦਰ ਸਿੰਘ ਅਜੇ ਤਾਈਂ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮੁਹਾਲੀ ਅਦਾਲਤ ਵੱਲੋਂ ਪਿਛਲੇ ਦਿਨੀਂ ਨੈਨਸੀ ਦੀ ਅਗਾਊਂ ਜ਼ਮਾਨਤ ਰੱਦ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਇੱਕ ਹੋਟਲ ਦੇ ਮੈਨੇਜਿੰਗ ਡਾਇਰੈਕਟਰ ਤੇ ਨਿਰਮਾਤਾ ਲਕਸ਼ਮਣ ਅਤੇ 25 ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਮੁਹਾਲੀ ਪੁਲੀਸ ਨੇ ਅੱਜ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਰਬਿੰਦਰ ਨਾਰਾਇਣ ਦੇ ਪੁਲੀਸ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਗਈ। ਪੁਲੀਸ ਨੇ ਇਹ ਦਲੀਲ ਦਿੱਤੀ ਕਿ ਐਮਡੀ ਕੋਲੋਂ ਇਸ ਮਾਮਲੇ ਵਿੱਚ ਡੂੰਘਾਈ ਨਾਲ ਹੋਰ ਪੁੱਛਗਿੱਛ ਕੀਤੀ ਜਾਣੀ ਹੈ। ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀਆਂ ਮੁਟਿਆਰਾਂ ਨਾਲ ਕੀਤੇ ਗਏ ਐਗਰੀਮੈਂਟ ਦੀਆਂ ਕਾਪੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨੇ ਹਨ।
ਉਧਰ, ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਟੀਵੀ ਚੈਨਲ ਦੇ ਐਮਡੀ ਨੂੰ ਨਿੱਜੀ ਰੰਜਸ਼ ਦੇ ਚੱਲਦਿਆਂ ਬਦਲਾਖੋਰੀ ਦੇ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ, ਕਿਉਂਕਿ ਇਸ ਮਾਮਲੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਰਬਿੰਦਰ ਨਾਰਾਇਣ ਪਿਛਲੇ ਦੋ ਦਿਨਾਂ ਤੋਂ ਪੁਲੀਸ ਦੀ ਹਿਰਾਸਤ ਵਿੱਚ ਹਨ ਅਤੇ ਜਾਂਚ ਟੀਮ ਉਨ੍ਹਾਂ ਕੋਲੋਂ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਲਿਹਾਜ਼ਾ ਉਸ ਨੂੰ ਜੁਡੀਸ਼ਲ ਹਿਰਾਸਤ ਵਿੱਚ ਭੇਜਿਆ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਟੀਵੀ ਚੈਨਲ ਦੇ ਐਮਡੀ ਨੂੰ ਫਿਰ ਤੋਂ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਮੁਲਜ਼ਮ ਨੂੰ 11 ਅਪਰੈਲ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਉਧਰ, ਪੀਟੀਸੀ ਚੈਨਲ ਦੇ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੇਖਣ ਤੋਂ ਬਾਅਦ ਸਾਰਾ ਕੁੱਝ ਸਪੱਸ਼ਟ ਹੋ ਜਾਂਦਾ ਹੈ, ਕਿ ਸ਼ਿਕਾਇਤਕਰਤਾ ਮੁਟਿਆਰ ਵੱਲੋਂ ਪੀਟੀਸੀ ਚੈਨਲ ਅਤੇ ਇਸ ਬਹੁਚਰਚਿਤ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ’ਤੇ ਉਸ ਨੂੰ ਬੰਦੀ ਬਣਾਉਣ ਦੇ ਲਗਾਏ ਜਾ ਰਹੇ ਦੋਸ਼ ਪਹਿਲੀ ਨਜ਼ਰ ਵਿੱਚ ਬੇਬੁਨਿਆਦ ਜਾਪਦੇ ਹਨ। ਕਿਉਂਕਿ ਸੀਸੀਟੀਵੀ ਕੈਮਰੇ ਦੀ ਫੁਟੇਜ਼ ਮੁਤਾਬਕ ਪੀੜਤ ਲੜਕੀ ਨੂੰ ਕਿਸੇ ਨੇ ਬੰਦੀ ਨਹੀਂ ਬਣਾਇਆ ਗਿਆ ਹੈ, ਸਗੋਂ ਉਹ ਅਦਾਰੇ ਦੇ ਅੰਦਰ ਅਤੇ ਬਾਹਰ ਸ਼ਰ੍ਹੇਆਮ ਬੜੀ ਆਸਾਨੀ ਨਾਲ ਘੁੰਮਦੀ ਫਿਰਦੀ ਨਜ਼ਰ ਆ ਰਹੀ ਹੈ, ਉਸ ਨੇ ਆਪਣੇ ਹੱਥ ਵਿੱਚ ਮੋਬਾਈਲ ਫੋਨ ਵੀ ਫੜਿਆ ਹੋਇਆ ਹੈ। ਇਹੀ ਨਹੀਂ ਉਹ ਇਕ ਮਹਿਲਾ ਸਟਾਫ਼ ਨਾਲ ਉਲਝਣ ਦੀ ਵੀ ਕੋਸ਼ਿਸ਼ ਕਰਦੀ ਨਜ਼ਰ ਆਉਂਦੀ ਹੈ। ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ, ਕਿ ਇਸ ਪਿੱਛੇ ਕਿਤੇ ਕੋਈ ਡੂੰਘੀ ਸਾਜ਼ਿਸ਼ ਤਾਂ ਕੰਮ ਨਹੀਂ ਕਰ ਰਹੀ ਹੈ? ਹੁਣ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…