ਪ੍ਰਸਤਾਵਿਤ ਨੈਸ਼ਨਲ ਹਾਈਵੇਅ: ਜ਼ਮੀਨਾਂ ਦਾ ਯੋਗ ਮੁਆਵਜ਼ਾ ਦੇਣ ਬਾਰੇ ਡੀਸੀ ਨੂੰ ਦਿੱਤਾ ਮੰਗ ਪੱਤਰ

ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਮੁਹਾਲੀ ਤੋਂ ਕੁਰਾਲੀ ਤੱਕ ਅਤੇ ਡੇਰਾਬੱਸੀ ਇਲਾਕੇ ਬਣਾਏ ਜਾਣ ਵਾਲੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ (ਐਨਐਚ 05-ਏ ਅਤੇ ਐਨਐਚ 205-ਏ) ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਰੋਡ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕੀਤੀ ਅਤੇ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਸਮੇਤ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਮ ਲਿਖੇ ਮੰਗ ਪੱਤਰ ਦਿੱਤੇ ਗਏ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਵੀ ਮੰਗ ਪੱਤਰ ਭੇਜਿਆ ਗਿਆ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਮਹਿਲਾ ਕਿਸਾਨ ਮਜ਼ਦੂਰ ਏਕਤਾ ਦੀ ਆਗੂ ਗੁਰਜੀਤ ਕੌਰ, ਰਣਬੀਰ ਸਿੰਘ ਗਰੇਵਾਲ, ਰੋਡ ਸੰਘਰਸ਼ ਕਮੇਟੀ ਦੇ ਆਗੂ ਗੁਰਦਿਆਲ ਸਿੰਘ ਬੁੱਟਰ, ਜਸਪਾਲ ਸਿੰਘ ਲਾਂਡਰਾਂ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਆਗੂ ਜਗਤਾਰ ਸਿੰਘ, ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਮਾਨ ਸਿੰਘ, ਜਗਜੀਤ ਸਿੰਘ ਰਿਉਨਾ, ਜਸਵੀਰ ਸਿੰਘ, ਗੁਰਦੀਪ ਸਿੰਘ ਝਿੰਗੜਾਂ, ਦੀਦਾਰ ਸਿੰਘ, ਹਰਵਿੰਦਰ ਸਿੰਘ, ਭਗਵਾਨ ਸਿੰਘ, ਜਸਕਰਨ ਸਿੰਘ, ਜਸਵਿੰਦਰ ਸਿੰਘ, ਹਾਕਮ ਸਿੰਘ ਮੌਜੂਦ ਸਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਰੋਡ ਸੰਘਰਸ਼ ਕਮੇਟੀ ਅਤੇ ਸਮੂਹ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਐਕਵਾਰਿ ਕੀਤੀਆਂ ਜਾਣ ਵਾਲੀਆ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਰੇਟ ਮੁਤਾਬਕ ਉਚਿੱਤ ਮੁਆਵਜ਼ਾ ਦੇਣ ਲਈ ਨਵੇਂ ਸਿਰਿਓਂ ਸੋਧੇ ਹੋਏ ਐਵਾਰਡ ਸੁਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮਾੜੇ ਰਵੱਈਏ ਕਾਰਨ ਕਿਸਾਨਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਜ਼ਮੀਨ ਦੀ ਮਾਰਕੀਟ ਕੀਮਤ 8 ਤੋਂ 10 ਕਰੋੜ ਪ੍ਰਤੀ ਏਕੜ ਤੋਂ ਵੱਧ ਹੈ ਪ੍ਰੰਤੂ ਉਕਤ ਪ੍ਰਾਜੈਕਟ ਲਈ ਕਿਸਾਨਾਂ ਤੋਂ ਸਿਰਫ਼ 1.50 ਕਰੋੜ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਬਰਦਸਤੀ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਡੀਸੀ ਅਤੇ ‘ਆਪ’ ਵਿਧਾਇਕਾਂ ਨੂੰ 10 ਦਿਨ ਦਾ ਚਿਤਾਵਨੀ ਭਰਿਆ ਅਲਟੀਮੇਟਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਮੌਜੂਦਾ ਮਾਰਕੀਟ ਭਾਅ ਮੁਤਾਬਕ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸਮੂਹ ਜਥੇਬੰਦੀਆਂ ਵੱਲੋਂ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਯੋਗ ਪੈਰਵੀ ਲਈ ਗਠਿਤ 15 ਮੈਂਬਰੀ ਸਾਂਝੀ ਕਮੇਟੀ ਪ੍ਰਸਤਾਵਿਤ ਨੈਸ਼ਨਲ ਹਾਈਵੇਅ ਦੇ ਮੁੱਦੇ ’ਤੇ ਵਿੱਢੇ ਜਾਣ ਵਾਲੇ ਸੰਘਰਸ਼ ਲਈ ਰਣਨੀਤੀ ਤਿਆਰ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…