ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਸਿੱਖਿਆ ਬੋਰਡ ਮੁਲਾਜ਼ਮਾਂ ਨੇ ਲਾਈ ਇਨਸਾਫ਼ ਦੀ ਗੁਹਾਰ

ਸਿੱਖਿਆ ਬੋਰਡ ਦੇ ਡੇਲੀਵੇਜ ਮੁਲਾਜ਼ਮਾਂ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਮੰਗ ਪੱਤਰ ਸੌਂਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ ਕਰਮਚਾਰੀ ਯੂਨੀਅਨ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਅੱਜ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਬੋਰਡ ਦਫ਼ਤਰ ਵਿੱਚ ਲਗਪਗ 550 ਕਰਮਚਾਰੀ ਪਿਛਲੇ ਡੇਢ ਦਹਾਕੇ ਤੋਂ ਕੰਮ ਕਰਦੇ ਆ ਰਹੇ ਹਨ।
ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ ਨੇ ਵਿਧਾਇਕ ਨੂੰ ਦੱਸਿਆ ਕਿ ਸਾਰੇ ਹੀ ਕਰਮਚਾਰੀ ਦਸਵੀਂ, ਬਾਰ੍ਹਵੀਂ, ਬੀਏ, ਐਮਏ, ਬੀਐੱਡ ਪੜੇ ਲਿਖੇ ਹਨ, ਪ੍ਰੰਤੂ ਮੈਨੇਜਮੈਂਟ ਵੱਲੋਂ ਇਨ੍ਹਾਂ ਕਰਮਚਾਰੀਆਂ ਤੋਂ ਡਾਟਾ ਐਂਟਰੀ ਅਪਰੇਟਰ, ਕਲਰਕ, ਹੈਲਪਰ, ਇਲੈਕਟਰੀਸ਼ਨ, ਫਾਇਰਮੈਨ, ਪਲੰਬਰ, ਮਾਲੀ ਦਾ ਕੰਮ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਫੈਕਟਰੀ ਮਜ਼ਦੂਰਾਂ ਵਾਲੀ ਤਨਖ਼ਾਹ ਦੇ ਕੇ ਵਿੱਦਿਆ ਦਾ ਨਿਰਾਦਰ ਕੀਤਾ ਜਾ ਰਿਹਾ ਹੈ ਅਤੇ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬੋਰਡ ਮੈਨੇਜਮੈਂਟ ਨੂੰ ਵਾਰ-ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕਿਰਤ ਕਮਿਸ਼ਨਰ ਦੇ ਪੱਤਰ ਅਨੁਸਾਰ ਨਾ ਤਾਂ ਉਨ੍ਹਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਂਦੀ ਹੈ ਅਤੇ ਨਾ ਹੀ ਕੋਈ ਛੁੱਟੀ ਦਿੱਤੀ ਜਾਂਦੀ। ਜਿਸ ਕਾਰਨ ਉਹ ਆਜ਼ਾਦ ਦੇਸ਼ ਵਿੱਚ ਗੁਲਾਮੀ ਵਰਗੀ ਜ਼ਿੰਦਗੀ ਬਤੀਤ ਕਰਨ ਨੂੰ ਮਜਬੂਰ ਹਨ।
ਕਰਮਚਾਰੀਆਂ ਦੇ ਵਫ਼ਦ ਨੇ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਕਿ ਦਫ਼ਤਰ ਵੱਲੋਂ ਵਰਕਿੰਗ ਦਿਨ ਦੀ ਤਨਖ਼ਾਹ 6000 ਤੋਂ 7000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ। ਜਦੋਂਕਿ ਕਿਰਤ ਕਮਿਸ਼ਨ ਪੰਜਾਬ ਦੇ ਪੱਤਰ ਵਿੱਚ ਸਾਫ਼ ਲਿਖਿਆ ਹੈ ਕਿ ਦਫ਼ਤਰੀ ਸਟਾਫ਼ ਕੈਟਾਗਰੀ 1,2,3,4 ਤਨਖ਼ਾਹ ਦਰਸਾਈ ਹੋਈ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਕਿਰਤ ਕਮਿਸ਼ਨਰ ਅਤੇ ਪੰਜਾਬ ਸਰਕਾਰ ਦੇ ਪੱਤਰ ਅਨੁਸਾਰ ਬੋਰਡ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦੀ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਕੈਸ਼ੀਅਰ ਬੂਟਾ ਸਿੰਘ, ਨਿਰਮਲ ਸਿੰਘ, ਕਰਨ ਸਿੰਘ, ਮਨਦੀਪ ਸਿੰਘ, ਭਗਵੰਤ ਸਿੰਘ, ਸੁਖਚੈਨ ਸਿੰਘ ਹਰਵਿੰਦਰ ਸਿੰਘ, ਜਗਮੋਹਨ ਸਿੰਘ, ਜਸਵਿੰਦਰ ਸਿੰਘ ਸਲੇੜੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…