ਚੱਪੜਚਿੜੀ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਰਵਾਨਾ ‘ਸਰਹਿੰਦ ਫਤਿਹ ਮਾਰਚ’

ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਤੋਂ ਆਰੰਭੀ ਸੀ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ: ਧਾਮੀ

ਬਾਬਾ ਬਲਬੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਨਿਹੰਗ ਸਿੰਘ ਸ਼ਾਸਤਰਾਂ ਸਮੇਤ ਹੋਏ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ‘ਸਰਹਿੰਦ ਫਤਿਹ ਮਾਰਚ’ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਕੇਸਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਚੱਪੜਚਿੜੀ ਵਿੱਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ’ਚ ਸੁਣਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਅਲੌਕਿਕ ਫਤਿਹ ਮਾਰਚ ਵਿੱਚ ਰਵਾਇਤੀ ਬਾਣੇ ਅਤੇ ਸ਼ਾਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਦੂਰ-ਦੁਰਾਡੇ ਦੀਆਂ ਸੰਗਤਾਂ ਸ਼ਾਮਲ ਹੋਈਆਂ। ਰਸਤੇ ਵਿੱਚ ਥਾਂ-ਥਾਂ ’ਤੇ ਫਤਿਹ ਮਾਰਚ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਅਸਲ ਵਿੱਚ ਚੱਪੜਚਿੜੀ ਦੇ ਮੈਦਾਨ ਤੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ 700 ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ। ਧਾਮੀ ਨੇ ਸਿਰੋਪਾਓ ਦੀ ਮਹੱਤਤਾ ਬਾਰੇ ਦੱਸਦਿਆਂ ਪ੍ਰਬੰਧਕਾਂ ਨੂੰ ਜਣੇ ਖਣੇ ਨੂੰ ਸਿਰੋਪਾਓ ਨਾ ਦੇਣ ਲਈ ਪ੍ਰੇਰਿਆ। ਪ੍ਰਧਾਨ ਨੇ ਖ਼ੁਦ ਵੀ ਸਿਰੋਪਾਓ ਨਹੀਂ ਲਿਆ। ਜਿਸ ਦੇ ਚੱਲਦਿਆਂ ਫਤਿਹ ਮਾਰਚ ਦੀ ਅਗਵਾਈ ਕਰਨ ਵਾਲੇ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀਆਂ ਨੂੰ ਹੀ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਫਤਿਹ ਦਿਵਸ ਦੀ ਵਧਾਈ ਦਿੰਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਬਾਰੇ ਵੀ ਚਾਨਣਾ ਪਾਇਆ। ਐਸਜੀਪੀਸੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਮੰਚ ਸੰਚਾਲਕ ਕੀਤਾ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਬਾਬਾ ਬਲਬੀਰ ਸਿੰਘ 96 ਕਰੋੜੀ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ, ਅਵਤਾਰ ਸਿੰਘ ਰਿਆ ਸਮੇਤ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਬਾਬਾ ਜੱਸਾ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਚੱਪੜਚਿੜੀ ਖੁਰਦ ਦੀ ਸਰਪੰਚ ਰਾਜਵੀਰ ਕੌਰ, ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਚੱਪੜਚਿੜੀ ਕਲਾਂ ਦੇ ਸਾਬਕਾ ਸਰਪੰਚ ਸੋਹਨ ਸਿੰਘ ਤੇ ਗੁਰਮੇਲ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ, ਗਿਆਨੀ ਹਰਪਾਲ ਸਿੰਘ, ਕਥਾ ਵਾਚਕ ਇੰਦਰਜੀਤ ਸਿੰਘ, ਬੀਬੀ ਹਰਬੰਸ ਕੌਰ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…