ਖੇਤੀਬਾੜੀ ਵਿਭਾਗ (ਆਤਮਾ ਸਕੀਮ) ਦੇ 5 ਕੱਚੇ ਕਰਮਚਾਰੀ ਪੈਟਰੋਲ ਦੀਆਂ ਬੋਤਲਾਂ ਲੈ ਕੇ ਛੱਤ ’ਤੇ ਚੜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਆਤਮਾ ਸਕੀਮ ਅਧੀਨ ਕੰਮ ਕਰਦੇ ਕੱਚੇ ਕਰਮਚਾਰੀਆਂ ਵੱਲੋਂ ਪੰਜਾਬ ਦੀ ਆਪ ਸਰਕਾਰ ਵਿਰੁੱਧ ਸ਼ੁਰੂ ਕੀਤਾ ਲੜੀਵਾਰ ਧਰਨਾ ਅੱਜ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਪੀੜਤ ਕਰਮਚਾਰੀਆਂ ਨੂੰ ਮਾਰਚ ਅਤੇ ਅਪਰੈਲ ਮਹੀਨੇ ਤਨਖ਼ਾਹ ਵੀ ਨਹੀਂ ਦਿੱਤੀ ਗਈ ਹੈ। ਜਿਸ ਕਾਰਨ ਪੀੜਤ ਕਰਮਚਾਰੀਆਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਪੰਜ ਕੱਚੇ ਕਰਮਚਾਰੀ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੀ ਛੱਤ ’ਤੇ ਚੜ੍ਹ ਗਏ। ਜਿਸ ਕਾਰਨ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਰਮਿੰਦਰ ਸਿੰਘ ਮਾਨ ਅਤੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਕੱਚੇ ਕਰਮਚਾਰੀਆਂ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣਾ ਅਤੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ। ਤਨਖ਼ਾਹ ਨਾ ਮਿਲਣ ਕਾਰਨ ਜਿੱਥੇ ਰਸੋਈ ਦਾ ਬਜਟ ਹਿੱਲ ਗਿਆ ਹੈ, ਉੱਥੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਵੀਆਂ ਕਲਾਸਾਂ ਵਿੱਚ ਦਾਖ਼ਲੇ ਕਰਵਾਉਣੇ ਅਤੇ ਫੀਸਾਂ ਭਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਜਿਸ ਕਾਰਨ ਅੱਜ ਤਿੰਨ ਕਰਮਚਾਰੀ ਆਤਮ ਹੱਤਿਆ ਕਰਨ ਲਈ ਪੈਟਰੋਲ ਦੀਆਂ ਬੋਤਲਾਂ ਲੈ ਕੇ ਛੱਤ ’ਤੇ ਚੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਕਿਸੇ ਕਰਮਚਾਰੀ ਦਾ ਕੋਈ ਨੁਕਸਾਨ ਹੋਇਆ ਤਾਂ ਸੂਬਾ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜ਼ਿੰਮੇਵਾਰ ਹੋਣਗੇ।
ਸੀਨੀਅਰ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਅਤੇ ਕਨਵੀਨਰ ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਨਿਯੁਕਤੀਆਂ ਸੈਕਸ਼ਨ ਅਸਾਮੀਆਂ ਤੇ ਉਨ੍ਹਾਂ ਲਈ ਨਿਰਧਾਰਿਤ ਵਿੱਦਿਅਕ ਯੋਗਤਾਵਾਂ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤਹਿ ਕੀਤੀਆਂ ਸ਼ਰਤਾਂ ’ਤ ਯੋਗਤਾ, ਟੈੱਸਟ, ਮੈਰਿਟ ਅਧਾਰ ’ਤੇ ਮੈਡੀਕਲ ਅਤੇ ਪੁਲੀਸ ਵੈਰੀਫਿਕੇਸ਼ਨ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਤਨਖ਼ਾਹ ਲਈ 60 ਫੀਸਦੀ ਹਿੱਸਾ ਕੇਂਦਰ ਸਰਕਾਰ ਅਤੇ 40 ਫੀਸਦੀ ਹਿੱਸਾ ਪੰਜਾਬ ਸਰਕਾਰ ਪਾਉਂਦੀ ਹੈ। ਪੰਜਾਬ ਵਿੱਚ ਲਗਪਗ 450 ਕਰਮਚਾਰੀ ਹਨ ਜਦੋਂਕਿ ਖੇਤੀਬਾੜੀ ਵਿਭਾਗ ਵਿੱਚ 500 ਅਸਾਮੀਆਂ ਖਾਲੀ ਪਈਆਂ ਹਨ।
ਸੂਬਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਦਸੰਬਰ 2018 ਨੂੰ ਜਾਰੀ ਹਦਾਇਤਾਂ ਮੁਤਾਬਕ ਸਾਲਾਨਾ 10 ਫੀਸਦੀ ਇੰਕਰੀਮੈਂਟ, ਬਣਦਾ ਬਕਾਇਆ ਅਤੇ ਪੱਕੇ ਕਰਨ ਸਬੰਧੀ ਬੀਤੀ 5 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਮੰਗ ਪੱਤਰ ਦੇ ਕੇ ਆਤਮ ਸਟਾਫ਼ ਵੱਲੋਂ ਕਲਮਛੋੜ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਸਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਕੱਚੇ ਕਾਮਿਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਕਿਹਾ ਕਿ ਆਰਥਿਕ ਤੰਗੀ ਨਾਲ ਜੂਝ ਰਹੇ ਆਤਮਾ ਸਕੀਮ ਦੇ ਕਰਮਚਾਰੀ 11 ਮਈ ਤੋਂ ਖੇਤੀ ਭਵਨ ਮੁਹਾਲੀ ਦੇ ਬਾਹਰ ਸ਼ਾਂਤਮਈ ਰੋਸ ਧਰਨਾ ਦੇ ਰਹੇ ਹਨ ਪਰ ਹੁਣ ਤੱਕ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ।
ਉਧਰ, ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕੱਚੇ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਉਦਾਰਵਾਦੀ ਨੀਤੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕਾਂ ਵਿੱਚ ਫੈਸਲੇ ਕਰਨ ਵਾਲੀਆਂ ਸਰਕਾਰਾਂ ਲੋਕਾਂ ਦੇ ਹੱਕਾਂ ਦੀ ਗੱਲ ਨਹੀਂ ਕਰਦੀਆਂ। ਉਨ੍ਹਾਂ ਆਮ ਆਦਮੀ ਪਾਰਟੀ ਨੇ ਮੁਲਾਜ਼ਮ ਵਰਕ ਦੀਆਂ ਵੋਟਾਂ ਲੈਣ ਲਈ ਇਹ ਵਾਅਦਾ ਕੀਤਾ ਸੀ ਕਿ ਸਤਾ ਵਿੱਚ ਆਉਣ ’ਤੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ਤੱਕ ਸਰਕਾਰ ਨੇ ਡੱਕਾ ਨਹੀਂ ਤੋੜਿਆ ਅਤੇ ਸ਼ਾਇਦ ਭਗਵੰਤ ਮਾਨ ਦਾ ਹਰੀ ਸਿਆਹੀ ਵਾਲਾ ਪੈੱਨ ਵੀ ਕੇਜਰੀਵਾਲ ਕੋਲ ਗਿਰਵੀ ਰੱਖਿਆ ਪਿਆ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਵਿਭਾਗ ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਫਰਕ ਨਹੀਂ ਰੱਖਿਆ ਜਾ ਸਕਦਾ ਹੈ। ਖੇਤੀਬਾੜੀ ਵਿਭਾਗ ਦੇ ਦਫ਼ਤਰੀ ਮੁਲਾਜ਼ਮ ਅਤੇ ਅਧਿਕਾਰੀ ਲੱਖਾਂ ਰੁਪਏ ਤਨਖ਼ਾਹ ਲੈ ਰਹੇ ਹਨ ਪਰ ਉਨ੍ਹਾਂ ਦੀ ਵਿੱਦਿਅਕ ਯੋਗਤਾ ਤੋਂ ਉਚੇਰੀ ਵਿੱਦਿਅਕ ਰੱਖਣ ਵਾਲੇ ਆਤਮਾ ਸਕੀਮ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ, ਉਹ ਵੀ ਸਮੇਂ ਸਿਰ ਨਹੀਂ ਮਿਲਦੀਆਂ। ਜਿਸ ਕਾਰਨ ਮੁਲਾਜ਼ਮ ਵਰਗ ਨੂੰ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…