ਖੇਤੀਬਾੜੀ ਵਿਭਾਗ ਦੇ ਕੱਚੇ ਕਰਮਚਾਰੀ ਛੱਤ ਤੋਂ ਥੱਲੇ ਉਤਰੇ, ਲਿਖਤੀ ਭਰੋਸੇ ਮਗਰੋਂ ਧਰਨਾ ਚੁੱਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਆਤਮਾ ਸਕੀਮ ਅਧੀਨ ਕੰਮ ਕਰਦੇ ਕੱਚੇ ਕਰਮਚਾਰੀਆਂ ਵੱਲੋਂ ਪੰਜਾਬ ਦੀ ਆਪ ਸਰਕਾਰ ਵਿਰੁੱਧ ਸ਼ੁਰੂ ਕੀਤਾ ਲੜੀਵਾਰ ਧਰਨਾ ਵੀਰਵਾਰ ਨੂੰ ਅੱਠਵੇਂ ਦਿਨ ਖ਼ਤਮ ਹੋ ਗਿਆ। ਬੀਤੇ ਦਿਨੀਂ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੀ ਛੱਤ ’ਤੇ ਚੜ੍ਹੇ ਪੰਜ ਕੱਚੇ ਕਰਮਚਾਰੀ ਵੀ ਅੱਜ ਥੱਲੇ ਆ ਗਏ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੱਲੋਂ ਜਾਇਜ਼ ਮੰਗਾਂ ਮੰਨਣ ਬਾਰੇ ਲਿਖਤੀ ਭਰੋਸਾ ਦੇਣ ਮਗਰੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
ਪੀੜਤ ਕਰਮਚਾਰੀਆਂ ਨੂੰ ਮਾਰਚ ਅਤੇ ਅਪਰੈਲ ਮਹੀਨੇ ਤਨਖ਼ਾਹ ਨਾ ਮਿਲਣ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲੜੀਵਾਰ ਧਰਨਾ ਸ਼ੁਰੂ ਕੀਤਾ ਗਿਆ ਸੀ। ਧਰਨਾ ਚੁੱਕਣ ਤੋਂ ਪਹਿਲਾਂ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਰਮਿੰਦਰ ਸਿੰਘ ਮਾਨ ਅਤੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਕੱਚੇ ਕਰਮਚਾਰੀਆਂ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣਾ ਅਤੇ ਪਰਿਵਾਰਾਂ ਦਾ ਗੁਜ਼ਾਰਾ ਕਾਫ਼ੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਨਵੀਆਂ ਕਲਾਸਾਂ ਵਿੱਚ ਦਾਖ਼ਲ ਕਰਵਾਉਣ ਅਤੇ ਫੀਸਾਂ ਭਰਨ ਵਿੱਚ ਦਿੱਕਤਾਂ ਆ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਦਸੰਬਰ 2018 ਨੂੰ ਜਾਰੀ ਹਦਾਇਤਾਂ ਮੁਤਾਬਕ ਸਾਲਾਨਾ 10 ਫੀਸਦੀ ਇੰਕਰੀਮੈਂਟ, ਬਣਦਾ ਬਕਾਇਆ ਅਤੇ ਪੱਕੇ ਕਰਨ ਸਬੰਧੀ ਬੀਤੀ 5 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਮੰਗ ਪੱਤਰ ਦੇ ਕੇ ਆਤਮ ਸਟਾਫ਼ ਵੱਲੋਂ ਕਲਮਛੋੜ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਸਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਕੱਚੇ ਕਾਮਿਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਕਿਹਾ ਕਿ ਆਰਥਿਕ ਤੰਗੀ ਨਾਲ ਜੂਝ ਰਹੇ ਆਤਮਾ ਸਕੀਮ ਦੇ ਕਰਮਚਾਰੀ 11 ਮਈ ਤੋਂ ਖੇਤੀ ਭਵਨ ਮੁਹਾਲੀ ਦੇ ਬਾਹਰ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਨ ਪਰ ਹੁਣ ਤੱਕ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ, ਹੁਣ ਜਦੋਂ ਪੀੜਤ ਕਰਮਚਾਰੀ ਮਰਨ ਮਿੱਟਣ ਲਈ ਪੈਟਰੋਲ ਦੀਆਂ ਬੋਤਲਾਂ ਲੈ ਕੇ ਛੱਤ ’ਤੇ ਚੜ੍ਹ ਗਏ ਤਾਂ ਕਿਤੇ ਸਰਕਾਰ ਗੂੜੀ ਨੀਂਦ ਤੋਂ ਜਾਗੀ।
ਸੀਨੀਅਰ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਅਤੇ ਕਨਵੀਨਰ ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਨਿਯੁਕਤੀਆਂ ਸੈਕਸ਼ਨ ਅਸਾਮੀਆਂ ਤੇ ਉਨ੍ਹਾਂ ਲਈ ਨਿਰਧਾਰਿਤ ਵਿੱਦਿਅਕ ਯੋਗਤਾਵਾਂ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤਹਿ ਕੀਤੀਆਂ ਸ਼ਰਤਾਂ ’ਤ ਯੋਗਤਾ, ਟੈੱਸਟ, ਮੈਰਿਟ ਅਧਾਰ ’ਤੇ ਮੈਡੀਕਲ ਅਤੇ ਪੁਲੀਸ ਵੈਰੀਫਿਕੇਸ਼ਨ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਤਨਖ਼ਾਹ ਲਈ 60 ਫੀਸਦੀ ਹਿੱਸਾ ਕੇਂਦਰ ਸਰਕਾਰ ਅਤੇ 40 ਫੀਸਦੀ ਹਿੱਸਾ ਪੰਜਾਬ ਸਰਕਾਰ ਪਾਉਂਦੀ ਹੈ। ਪੰਜਾਬ ਵਿੱਚ ਲਗਪਗ 450 ਕਰਮਚਾਰੀ ਹਨ ਜਦੋਂਕਿ ਖੇਤੀਬਾੜੀ ਵਿਭਾਗ ਵਿੱਚ 500 ਅਸਾਮੀਆਂ ਖਾਲੀ ਪਈਆਂ ਹਨ।
ਉਧਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਧਰਨਾਕਾਰੀਆਂ ਕੋਲ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਏਰੀਅਰ ਨੂੰ ਛੱਡ ਕੇ ਕੱਚੇ ਮੁਲਾਜ਼ਮਾਂ ਦੀਆਂ ਬਾਕੀ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਦਾ ਲਿਖਤੀ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਤਿਆਰ ਕਰਕੇ ਸਕੱਤਰ ਨੂੰ ਭੇਜੀ ਜਾ ਚੁੱਕੀ ਹੈ ਅਤੇ ਪੈਂਡਿੰਗ ਤਨਖ਼ਾਹ ਖਾਤਿਆਂ ਵਿੱਚ ਪਾਉਣਾ ਵਿੱਚ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਧਰਨਾਕਾਰੀਆਂ ਦੀ ਮੰਗ ’ਤੇ ਉਕਤ ਸਾਰੇ ਮਸਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਹੈ। ਇਸ ਮਗਰੋਂ ਜੈਕਾਰੇ ਛੱਡਦੇ ਹੋਏ ਕਰਮਚਾਰੀਆਂ ਨੇ ਆਪਣਾ ਧਰਨਾ ਖ਼ਤਮ ਕਰਨ ਦਾ ਰਸਮੀ ਐਲਾਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…