ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਬਾਰੇ ਸ਼ਿਕਾਇਤਾਂ ਦੇ ਹੱਲ ਲਈ ਨੋਡਲ ਅਫ਼ਸਰ ਨਿਯੁਕਤ

ਡਾ. ਪਰਮਿੰਦਰਜੀਤ ਸਿੰਘ ਨੂੰ 98141-67842 ਨੰਬਰ ’ਤੇ ਦੇ ਸਕਦੇ ਹਨ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਸਿਹਤ ਵਿਭਾਗ ਵੱਲੋਂ ਮੁਹਾਲੀ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ (ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰ ਤੇ ਡਿਸਪੈਂਸਰੀਆਂ) ਵਿੱਚ ਦਵਾਈਆਂ ਦੀ ਘਾਟ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਡਾ. ਪਰਮਿੰਦਰਜੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹ ਇੱਥੋਂ ਦੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਹਨ। ਅੱਜ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਘਾਟ ਜਾਂ ਦਵਾਈਆਂ ਹੋਣ ਦੇ ਬਾਵਜੂਦ ਬਾਹਰੋਂ ਦਵਾਈਆਂ ਮੰਗਵਾਏ ਜਾਣ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਾ. ਪਰਮਿੰਦਰਜੀਤ ਸਿੰਘ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਨਾਗਰਿਕ ਦਵਾਈਆਂ ਦੀ ਘਾਟ ਜਾਂ ਦਵਾਈਆਂ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਡਾ. ਪਰਮਿੰਦਰਜੀਤ ਸਿੰਘ ਨੂੰ 98141-67842 ’ਤੇ ਫੋਨ ਕਰਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਨੋਡਲ ਅਫ਼ਸਰ ਨੂੰ ਸ਼ਿਕਾਇਤ ’ਤੇ ਉਸ ਦਾ ਨਿਪਟਾਰਾ ਤੈਅ ਸਮੇਂ ਵਿੱਚ ਕੀਤਾ ਜਾਵੇਗਾ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਾਫ਼-ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਮਰੀਜ਼ ਨੂੰ ਹਸਪਤਾਲ ਵਿੱਚ ਇਲਾਜ ਲਈ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਘਾਟ ਨਹੀਂ ਹੋਣੀ ਚਾਹੀਦੀ। ਜੇ ਕੋਈ ਘਾਟ ਹੈ ਤਾਂ ਤੁਰੰਤ ਵੇਅਰਾਊਸ ਤੋਂ ਮੰਗਵਾਈ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਪਹਿਲਾਂ ਹੀ ਇਹ ਵੀ ਹਦਾਇਤ ਕੀਤੀ ਹੋਈ ਹੈ ਕਿ ਮਰੀਜ਼ਾਂ ਨੂੰ ਬਾਹਰੋਂ ਮਿਲਣ ਵਾਲੀਆਂ ਦਵਾਈਆਂ ਨਾ ਲਿਖੀਆਂ ਜਾਣ ਅਤੇ ਹਸਪਤਾਲ ਦੀ ਫਾਰਮੇਸੀ ਵਿੱਚ ਉਪਲਬਧ ਦਵਾਈਆਂ ਦਿੱਤੀਆਂ ਜਾਣ।
ਜ਼ਿਕਰਯੋਗ ਹੈ ਕਿ ਕਾਫ਼ੀ ਸਮੇਂ ਤੋਂ ਲਗਾਤਾਰ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਜਾਂ ਡਿਸਪੈਂਸਰੀਆਂ ਵਿੱਚ ਤਾਇਨਾਤ ਡਾਕਟਰਾਂ ਵੱਲੋਂ ਇਲਾਜ ਦੌਰਾਨ ਮਰੀਜ਼ਾਂ ਨੂੰ ਪਰਚੀ ’ਤੇ ਜ਼ਿਆਦਾਤਰ ਅਜਿਹੀਆਂ ਦਵਾਈਆਂ ਲਿਖ ਕੇ ਦਿੱਤੀਆਂ ਜਾਂਦੀਆਂ ਹਨ, ਜੋ ਹਸਪਤਾਲ ਦੀ ਡਿਸਪੈਂਸਰੀ ਜਾਂ ਸਰਕਾਰੀ ਦਵਾਈਆਂ ਦੀ ਦੁਕਾਨ ‘ਤੇ ਉਪਲਬਧ ਹੀ ਨਹੀਂ ਹੁੰਦੀਆਂ। ਜਿਸ ਕਾਰਨ ਮਰੀਜ਼ਾਂ ਨੂੰ ਮਾਰਕੀਟ ‘ਚੋਂ ਮਹਿੰਗੇ ਭਾਅ ’ਤੇ ਦਵਾਈਆਂ ਖ਼ਰੀਦੀਆਂ ਪੈਂਦੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…