Share on Facebook Share on Twitter Share on Google+ Share on Pinterest Share on Linkedin ਵਿਵਾਦਿਤ ਕਿਤਾਬ: ਸਪੀਕਰ ਕੁਲਤਾਰ ਸੰਧਵਾਂ ਦੇ ਭਰੋਸੇ ਮਗਰੋਂ ਜਥੇਦਾਰ ਸਿਰਸਾ ਤੇ ਸਾਥੀਆਂ ਨੇ ਧਰਨਾ ਚੁੱਕਿਆ ਜੇ ਸਰਕਾਰ ਤੇ ਸੰਧਵਾਂ ਨੇ ਵਾਅਦਾਖ਼ਿਲਾਫ਼ੀ ਕੀਤੀ ਤਾਂ ਨਵੰਬਰ ’ਚ ਸਪੀਕਰ ਦੇ ਘਰ ਮੂਹਰੇ ਦਿੱਤਾ ਜਾਵੇਗਾ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ: ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਪੜ੍ਹਾਈਆਂ ਜਾਣ ਵਾਲੀਆਂ ਪਾਬੰਦੀ-ਸ਼ੁਦਾ ਇਤਿਹਾਸ ਦੀਆਂ ਵਿਵਾਦਿਤ ਪੁਸਤਕਾਂ ਦੇ ਮਾਮਲੇ ਵਿੱਚ ਪਿਛਲੇ ਚਾਰ ਮਹੀਨੇ ਤੋਂ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਵੀਰਵਾਰ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਤਿਹਾਸ ਬਚਾਓ-ਸਿੱਖੀ ਬਚਾਓ ਮੋਰਚਾ ਤਹਿਤ ਅੱਤ ਦੀ ਗਰਮੀ ਵਿੱਚ ਸਕੂਲ ਬੋਰਡ ਦੇ ਬਾਹਰ ਜਥੇਦਾਰ ਸਿਰਸਾ, ਉਨ੍ਹਾਂ ਦੇ ਸਮਰਥਕਾਂ ਸਮੇਤ ਪੰਥ ਹਿਤੈਸ਼ੀ ਧਰਨੇ ’ਤੇ ਬੈਠੇ ਹੋਏ ਸਨ। ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਧਰਨੇ ਵਿੱਚ ਪਹੁੰਚੇ ਅਤੇ ਇਨਸਾਫ਼ ਦਾ ਭਰੋਸਾ ਦਿੰਦੇ ਹੋਏ ਧਰਨਾ ਖਤਮ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿੰਨ ਲੇਖਕਾਂ ਖ਼ਿਲਾਫ਼ ਪਹਿਲਾਂ ਹੀ ਅਪਰਾਧਿਕ ਕੇਸ ਦਰਜ ਕਰਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਜੋ ਕੋਈ ਵੀ ਕਸੂਰਵਾਰ ਪਾਇਆ ਗਿਆ। ਉਸ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਪੀਕਰ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਛੇੜਛਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਅੱਜ ਸਪੀਕਰ ਵਜੋਂ ਨਹੀਂ ਬਲਕਿ ਬਤੌਰ ਸਿੱਖ ਹੋਣ ਦੇ ਨਾਤੇ ਧਰਨੇ ਵਿੱਚ ਆਏ ਹਨ। ਉਂਜ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਹਾਜ਼ਰੀ ਭਰ ਚੁੱਕੇ ਹਨ। ਇਸ ਤੋਂ ਪਹਿਲਾਂ ਸੰਧਵਾਂ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਮੁਲਾਕਾਤ ਕੀਤੀ ਅਤੇ ਸਮੁੱਚੇ ਘਟਨਾਕ੍ਰਮ ਬਾਰੇ ਚਰਚਾ ਕੀਤੀ। ਇਸ ਮੌਕੇ ਬੋਰਡ ਦੇ ਸੰਯੁਕਤ ਸਕੱਤਰ ਜੇਆਰ ਮਹਿਰੋਕ ਤੇ ਹੋਰ ਅਧਿਕਾਰੀ ਮੌਜੂਦ ਸਨ। ਜਥੇਦਾਰ ਸਿਰਸਾ ਨੇ ਕਿਹਾ ਕਿ ਲੇਖਕਾਂ ਦੀ ਜ਼ਮਾਨਤ ਮਨਜ਼ੂਰ ਹੋਣਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬ ਪੁਲੀਸ ਨੇ ਕੇਸ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਬਾਕੀ ਜ਼ਿੰਮੇਵਾਰ ਅਫ਼ਸਰਾਂ ਅਤੇ ਹੋਰਨਾਂ ਸਬੰਧਤ ਵਿਅਕਤੀਆਂ ਨੂੰ ਪਰਚੇ ਵਿੱਚ ਨਾਮਜ਼ਦ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਬਾਕੀ ਪੜਤਾਲਾਂ ਵੀ ਜਲਦੀ ਮੁਕੰਮਲ ਕਰਕੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇ। ਧਰਨੇ ਨੂੰ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂ ਮੇਹਰ ਸਿੰਘ ਥੇੜੀ, ਗੁਰਨਾਮ ਸਿੰਘ ਸਿੱਧੂ, ਗੁਰਜੀਤ ਕੌਰ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਮੰਚ ਤੋਂ ਜੈਕਾਰੇ ਛੱਡਦੇ ਹੋਏ ਕਿਹਾ ਕਿ ਉਹ ਆਪਣਾ ਧਰਨਾ ਖ਼ਤਮ ਨਹੀਂ ਕਰ ਰਹੇ ਹਨ, ਬਲਕਿ ਕੁੱਝ ਸਮੇਂ ਲਈ ਮੁਲਤਵੀ ਕਰ ਰਹੇ ਹਨ। ਜੇਕਰ ਸੂਬਾ ਸਰਕਾਰ ਅਤੇ ਸਪੀਕਰ ਨੇ ਵਾਅਦਾਖ਼ਿਲਾਫ਼ੀ ਕੀਤੀ ਤਾਂ ਉਹ ਨਵੰਬਰ ਦੇ ਪਹਿਲੇ ਹਫ਼ਤੇ ਸਪੀਕਰ ਦੇ ਘਰ ਅੱਗੇ ਲੜੀਵਾਰ ਧਰਨਾ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਅਖੀਰ ਵਿੱਚ ਚਾਰ ਮਹੀਨੇ ਚੱਲੇ ਇਸ ਸੰਘਰਸ਼ ਦੌਰਾਨ ਸਹਿਯੋਗ ਦੇਣ ਵਾਲੇ ਵਿਅਕਤੀਆਂ ਅਤੇ ਲੰਗਰ ਦੀ ਸੇਵਾ ਕਰਨ ਵਾਲਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ