Share on Facebook Share on Twitter Share on Google+ Share on Pinterest Share on Linkedin ਪਾਣੀ ਦੀ ਇੱਕ ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼: ਡੀਸੀ ਅਮਿਤ ਤਲਵਾੜ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ-22 ਮੁਹਿੰਮ ਦਾ ਜਾਇਜ਼ਾ ਲੈਣ ਲਈ ਡੀਸੀ ਨੇ ਕੀਤੀ ਵਿਸ਼ੇਸ਼ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ-22 ਮੁਹਿੰਮ ਦਾ ਜਾਇਜ਼ਾ ਲੈਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਚੱਲ ਰਹੇ ਪ੍ਰਾਜੈਕਟਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਗਿਆ ਹੈ। ਡੀਸੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹੇ ਵਿੱਚ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ’ਤੇ ‘ਆਜ਼ਾਦੀ ਕਾ ਅੰਮ੍ਰਿਤ’ ਮਹਾਂਉਤਸਵ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਨਦੀਆਂ, ਨਾਲਿਆਂ ਦੀ ਜੀਉ ਟੈਗਿੰਗ, ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਜਲ ਸ਼ਕਤੀ ਕੇਂਦਰਾਂ ਦੀ ਸਥਾਪਨਾ, ਅਤੇ ਬੂਟੇ ਲਾਉਣੇ ਆਦਿ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ ਬਣਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡੀਸੀ ਨੇ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਦੀਆਂ ਇਮਾਰਤਾਂ ਵਿੱਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕੇ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪ੍ਰੰਪਰਾਗਤ ਪਾਣੀ ਸਰੋਤਾਂ ਦੀ ਪੂਨਰਸੁਰਜੀਤੀ, ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰਾਜੈਕਟ ਦੇ ਮੁੱਖ ਅਧਾਰ ਹਨ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਪਾਣੀ ਦੀ ਸੰਭਾਲ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਸਬੰਧੀ ਜ਼ਿਲ੍ਹੇ ਵਿੱਚ ਚੱਲ ਰਹੇ ਹੋਰ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸ੍ਰੀ ਤਲਵਾੜ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੇ ਸੋਮਿਆਂ ਦੀ ਸੰਭਾਲ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅਧਿਕਾਰੀ ਨੂੰ ਜੰਗਲਾਤ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਹੋਰ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਪੂਜਾ ਐਸ. ਗਰੇਵਾਲ ਅਤੇ ਏਡੀਸੀ (ਦਿਹਾਤੀ ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸੂ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ