nabaz-e-punjab.com

ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵਧੀਆਂ, ਹਾਈ ਕੋਰਟ ਤੋਂ ਵੀ ਨਹੀਂ ਮਿਲੀ ਜ਼ਮਾਨਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਭ੍ਰਿਸ਼ਟਾਚਾਰ ਦੇ ਕਥਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਉਸ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚੋਂ ਵੀ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 4 ਜੁਲਾਈ ਤੱਕ ਅੱਗੇ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੀ 10 ਜੂਨ ਨੂੰ ਮੁਹਾਲੀ ਅਦਾਲਤ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ।
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜੀਨੀਅਰ (ਐਸਈ) ਰਜਿੰਦਰ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਸਿੰਗਲਾ ਅਤੇ ਉਸ ਦੇ ਓਐਸਡੀ ਭਾਣਜੇ ਪਰਦੀਪ ਕੁਮਾਰ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਭ੍ਰਿਸ਼ਟਾਚਾਰ ਦਾ ਪਰਚਾ ਦਰਜ ਕੀਤਾ ਗਿਆ ਸੀ। ਮਾਮਾ-ਭਾਣਜਾ ਇਸ ਸਮੇਂ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਜੁਡੀਸ਼ਲ ਰਿਮਾਂਡ ਖ਼ਤਮ ਹੋਣ ’ਤੇ 24 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ ਸਾਬਕਾ ਸਿਹਤ ਮੰਤਰੀ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਹੈ। ਬਚਾਅ ਪੱਖ ਦੇ ਵਕੀਲਾਂ ਨੇ ਉੱਚ ਅਦਾਲਤ ਵਿੱਚ ਦਲੀਲ ਦਿੱਤੀ ਕਿ ਪੰਜਾਬ ਪੁਲੀਸ ਹੁਣ ਤੱਕ ਉਨ੍ਹਾਂ ਦੇ ਮੁਵਕਿਲ ਤੋਂ ਕੋਈ ਪੈਸਾ ਬਰਾਮਦ ਨਹੀਂ ਕਰ ਸਕੀ ਹੈ ਅਤੇ ਨਾ ਹੀ ਸਾਬਕਾ ਸਿਹਤ ਮੰਤਰੀ ਨੇ ਜੁਰਮ ਕਬੂਲ ਕੀਤਾ ਹੈ। ਵੈਸੇ ਵੀ ਸਿੰਗਲਾ ਪਿਛਲੇ ਕਰੀਬ ਇੱਕ ਮਹੀਨੇ ਤੋਂ ਆਪਣੀ ਗ੍ਰਿਫ਼ਤਾਰੀ ਦੌਰਾਨ ਪਹਿਲਾਂ ਪੁਲੀਸ ਦੀ ਹਵਾਲਾਤ ਅਤੇ ਮਗਰੋਂ ਜੇਲ੍ਹ ਵਿੱਚ ਬੰਦ ਹਨ। ਲਿਹਾਜ਼ਾ ਸਾਬਕਾ ਸਿਹਤ ਮੰਤਰੀ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਜਾਵੇ। ਇਸ ਬਾਰੇ ਉੱਚ ਅਦਾਲਤ ਦਾ ਕਹਿਣਾ ਸੀ ਕਿ ਇਹ ਬਹੁਤ ਹੀ ਹਾਈ ਪ੍ਰੋਫਾਈਲ ਕੇਸ ਹੇ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਵੀ ਪੱਖ ਜਾਣਨਾ ਬਹੁਤ ਜ਼ਰੂਰੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਰਕਾਰ ਨੇ ਵੀ ਇਸ ਬਹੁਚਰਚਿਤ ਮਾਮਲੇ ਵਿੱਚ ਸਟੇਟਸ ਰਿਪੋਰਟ ਅਦਾਲਤ ਵਿੱਚ ਸੌਂਪੀ ਗਈ ਹੈ। ਸਾਬਕਾ ਸਿਹਤ ਮੰਤਰੀ ’ਤੇ ਠੇਕੇਦਾਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਮਿਸ਼ਨ ਦੇਣ ਲਈ ਡਰਾਉਣ ਧਮਕਾਉਣ ਦਾ ਦੋਸ਼ ਹੈ। ਵਿਜੀਲੈਂਸ ਅਨੁਸਾਰ ਸਿੰਗਲਾ ਆਪਣੇ ਓਐਸਡੀ ਰਾਹੀਂ ਕਥਿਤ ਤੌਰ ’ਤੇ ਰਿਸ਼ਵਤ ਲੈਂਦਾ ਸੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…