ਨਰਮੇ ਦੀ ਫ਼ਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸਰਕਾਰ ਹਰਕਤ ’ਚ ਆਈ

ਖੇਤੀਬਾੜੀ ਮੰਤਰੀ ਦੀ ਅਗਵਾਈ ਵਿੱਚ ਵਿਭਾਗ ਦੀਆਂ 37 ਟੀਮਾਂ ਮੰਗਲਵਾਰ ਨੂੰ 6 ਜ਼ਿਲ੍ਹਿਆਂ ਦਾ ਕਰਨਗੀਆਂ ਦੌਰਾ

ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਦਵਾਈਆਂ/ਖਾਦਾਂ/ਬੀਜਾਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਹੁਕਮ

ਖੇਤੀਬਾੜੀ ਅਧਿਕਾਰੀਆਂ ਨੂੰ ਦਫ਼ਤਰਾਂ ਤੇ ਫਾਈਲਾਂ ਦੇ ਕੰਮ ’ਚੋਂ ਨਿਕਲ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਪੰਜਾਬ ਵਿੱਚ ਨਰਮੇ ਦੀ ਫ਼ਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦੇ ਟਾਕਰੇ ਲਈ ਸੂਬਾ ਸਰਕਾਰ ਹਰਕਤ ਵਿੱਚ ਆ ਗਈ ਹੈ। ਅੱਜ ਇੱਥੇ ਸੈਕਟਰ-65ਏ (ਫੇਜ਼-11) ਸਥਿਤ ਪੰਜਾਬ ਮੰਡੀ ਬੋਰਡ ਭਵਨ ਵਿਖੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਰਮੇ ਦੀ ਫ਼ਸਲ ਉੱਤੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਫ਼ੀਲਡ ਅਧਿਕਾਰੀਆਂ ਤੋਂ ਲੈ ਕੇ ਮੁੱਖ ਦਫ਼ਤਰ ਤੱਕ ਸਮੂਹ ਅਧਿਕਾਰੀ ਭਲਕੇ ਮੰਗਲਵਾਰ ਤੋਂ ਮਾਲਵੇ ਦੀ ਨਰਮਾ ਪੱਟੀ ਦਾ ਦੌਰਾ ਕਰਨਗੇ। ਉਹ ਖ਼ੁਦ ਵੀ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਨਿਰੀਖਣ ਕਰਨਗੇ। ਉਨ੍ਹਾਂ ਕਿਹਾ ਕਿ ਐਤਕੀਂ ਕਿਸੇ ਵੀ ਕਿਸਾਨ ਦੀ ਫ਼ਸਲ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਵਿਭਾਗ ਦੀਆਂ 37 ਟੀਮਾਂ ਨਰਮਾ ਪੱਟੀ ਦੇ ਛੇ ਜ਼ਿਲ੍ਹਿਆਂ ਵਿੱਚ ਫ਼ਸਲ ਦਾ ਜਾਇਜ਼ਾ ਲੈ ਕੇ ਰਿਪੋਰਟ ਕਰਨਗੀਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਰ ਇਸ ਟੀਮ ਦਾ ਹਿੱਸਾ ਹੋਣਗੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜਾਂ ਨੂੰ ਮੁਕੰਮਲ ਖ਼ਤਮ ਕੀਤਾ ਜਾਵੇ। ਅਜਿਹਾ ਕੁੱਝ ਵੀ ਨਕਲੀ ਸਮਾਨ ਕਿਤੇ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਕਲੀ ਦਵਾਈਆਂ ਤੇ ਬੀਜਾਂ ਦੀ ਅਲਾਮਤ ਪੰਜਾਬ ’ਚੋਂ ਜੜ੍ਹੋਂ ਖ਼ਤਮ ਕਰਨ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ। ਉਨ੍ਹਾਂ ਨੇ ਦਵਾਈਆਂ ਤੇ ਬੀਜਾਂ ਦੀ ਫੈਕਟਰੀਆਂ ਦੀ ਸੂਚੀ ਬਣਾ ਕੇ ਅੱਜ ਹੀ ਸੌਂਪਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਸਫਲ ਬਣਾਉਣ ਲਈ ਮੰਡੀਕਰਨ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਫ਼ਸਲਾਂ ਲਈ ਮੰਡੀਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਧਿਕਾਰੀ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਕਰਨ ਅਤੇ ਛੋਟੇ ਕਿਸਾਨਾਂ ਤੱਕ ਪਹੁੰਚ ਯਕੀਨੀ ਬਣਾਉਣ।
ਸ੍ਰੀ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ’ਚੋਂ ਕੱਢਣ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ’ਚੋਂ ਬਾਹਰ ਕੱਢਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਫ਼ਤਰਾਂ ਤੇ ਫਾਈਲਾਂ ਦੇ ਕੰਮ ’ਚੋਂ ਨਿਕਲ ਕੇ ਜ਼ਮੀਨੀ ਪੱਧਰ ’ਤੇ ਨੀਤੀਆਂ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਫ਼ੀਲਡ ਵਿੱਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੰਗਲਾ ਪੰਜਾਬ ਸਿਰਜਣ ਦੇ ਲਏ ਸੁਫ਼ਨੇ ਨੂੰ ਪੂਰਾ ਕਰਨ ਲਈ ਖੇਤੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਅਰਥ ਵਿਵਸਥਾ ਖੇਤੀਬਾੜੀ ਆਧਾਰਿਤ ਹੈ। ‘‘ਜੇ ਅਸੀਂ ਖੇਤੀ ਬਚਾ ਲਈ ਤਾਂ ਪੰਜਾਬ ਵੀ ਬਚਾ ਲਵਾਂਗੇ।’’ ਉਨ੍ਹਾਂ ਸਰਕਾਰੀ ਅਦਾਰਿਆਂ ਮੰਡੀ ਬੋਰਡ, ਪੰਜਾਬ ਐਗਰੋ, ਪਨਸੀਡ, ਵੇਅਰਹਾਊਸ ਨੂੰ ਤਕੜਾ ਕਰਨ ’ਤੇ ਜ਼ੋਰ ਦਿੱਤਾ।
ਇਸ ਤੋਂ ਪਹਿਲਾ ਵਿੱਤ ਕਮਿਸ਼ਨਰ (ਵਿਕਾਸ) ਸਰਵਜੀਤ ਸਿੰਘ, ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ, ਪੰਜਾਬ ਐਗਰੋ ਦੇ ਐਮਡੀ ਮਨਜੀਤ ਸਿੰਘ ਬਰਾੜ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਐਮਡੀ ਕੰਵਲਪ੍ਰੀਤ ਕੌਰ ਬਰਾੜ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ, ਮੰਡੀ ਬੋਰਡ ਦੇ ਵਧੀਕ ਸਕੱਤਰ ਦਲਵਿੰਦਰ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀ ਅਤੇ ਸਮੂਹ ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫ਼ਸਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…