Share on Facebook Share on Twitter Share on Google+ Share on Pinterest Share on Linkedin ਨਿਯਮਾਂ ਦੀ ਉਲੰਘਣਾ: ਜਨਤਕ ਥਾਵਾਂ ’ਤੇ ਸ਼ਰ੍ਹੇਆਮ ਵਿੱਕ ਰਿਹਾ ਤੰਬਾਕੂ, ਸਿਹਤ ਵਿਭਾਗ ਨੇ ਕੱਟੇ ਚਲਾਨ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਗਰੂਕ ਵੀ ਕੀਤਾ: ਸਿਵਲ ਸਰਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਸ਼ਰ੍ਹੇਆਮ ਤੰਬਾਕੂ ਵੇਚਿਆ ਜਾ ਰਿਹਾ ਹੈ। ਸਿਹਤ ਵਿਭਾਗ ਨੇ ਤੰਬਾਕੂ ਰੋਕਥਾਮ ਕਾਰਵਾਈ ਕਰਦਿਆਂ 30 ਦੁਕਾਨਾਂ/ਰੇਹੜੀਆਂ-ਫੜ੍ਹੀਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ 20 ਚਲਾਨ ਕੱਟੇ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਤੰਬਾਕੂ ਰੋਕਥਾਮ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ 2003 (ਕੋਟਪਾ) ਤਹਿਤ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਇੱਥੋਂ ਦੇ ਫੇਜ਼-1, ਫੇਜ਼-2 ਅਤੇ ਫੇਜ਼-6 ਅਤੇ ਸਨਅਤੀ ਏਰੀਆ ਫੇਜ਼-8 ਵਿੱਚ ਕਰਿਆਨਾ ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਦੀ ਜਾਂਚ ਕੀਤੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਮੌਕੇ ’ਤੇ 3 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ। ਜਾਂਚ ਦੌਰਾਨ ਦੇਖਿਆ ਗਿਆ ਕਿ ਕੁਝ ਕਰਿਆਨਾ ਦੁਕਾਨਾਂ ’ਤੇ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕੋਟਪਾ ਕਾਨੂੰਨ ਦੀ ਉਲੰਘਣਾ ਹੈ। ਕਈ ਥਾਵਾਂ ’ਤੇ ਚਿਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁੱਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ। ਇਸ ਕਾਰਵਾਈ ਨੂੰ ਸਿਹਤ ਵਿਭਾਗ ਸਮੇਤ ਨਾਨ-ਮੈਡੀਕਲ ਅਫ਼ਸਰ ਗੁਰਜਿੰਦਰ ਸਿੰਘ ਅਤੇ ਗੈਰ-ਸਰਕਾਰੀ ਸੰਸਥਾ ਦੇ ਨੁਮਾਇੰਦਿਆਂ ਨੇ ਅੰਜਾਮ ਦਿੱਤਾ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿੱਥੇ ਲਗਾਤਾਰ ਚਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉੱਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਕੋਟਪਾ ਕਾਨੂੰਨ ਬਾਰੇ ਜਾਗਰੂਕ ਕਰਨਾ ਹੈ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ, ਇਸ ਸਬੰਧੀ ਤੁਰੰਤ ਸਿਹਤ ਵਿਭਾਗ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ