Share on Facebook Share on Twitter Share on Google+ Share on Pinterest Share on Linkedin ਦੁੱਧ ਦੇ ਭਾਅ ਦਾ ਮਾਮਲਾ: ਕਿਸਾਨਾਂ, ਪਸ਼ੂ ਪਾਲਕਾਂ ਤੇ ਮਜ਼ਦੂਰਾਂ ਦੀ ਲਾਮਬੰਦੀ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਬਾਹਰ ਸੋਮਵਾਰ ਤੋਂ ਸ਼ੁਰੂ ਕੀਤਾ ਜਾਵੇਗਾ ਲੜੀਵਾਰ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਪਸ਼ੂ ਪਾਲਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਭਲਕੇ ਸੋਮਵਾਰ ਨੂੰ ਵੇਰਵਾ ਮਿਲਕ ਪਲਾਂਟ ਫੇਜ਼-6, ਮੁਹਾਲੀ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਜ਼ਦੂਰਾਂ ਦੀ ਲਾਮਬੰਦੀ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਸੂਬਾ ਆਗੂ ਪਰਮਿੰਦਰ ਸਿੰਘ ਚਲਾਕੀ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅੱਜ ਇੱਥੇ ਵੇਰਕਾ ਮਿਲਕੇ ਪਲਾਂਟ ਦਾ ਦੌਰਾ ਕਰਕੇ ਧਰਨੇ ਵਾਲੀ ਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਮੁਹਾਲੀ ਸਮੇਤ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ ਦੇ ਪਸ਼ੂ ਪਾਲਕ, ਕਿਸਾਨ ਅਤੇ ਦੁੱਧ ਦੇ ਸਹਾਇਕ ਧੰਦੇ ਨਾਲ ਜੁੜੇ ਲੋਕ ਸ਼ਮੂਲੀਅਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਨੇ ਦੁੱਧ ਦਾ ਭਾਅ ਵਧਾਉਣ ਦਾ ਭਰੋਸਾ ਦਿੱਤਾ ਸੀ ਲੇਕਿਨ ਸਰਕਾਰ ਆਪਣੇ ਵਾਅਦੇ ਤੋਂ ਮੁਨਕਰ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਦੁੱਧ ਦਾ ਭਾਅ 10 ਰੁਪਏ ਪ੍ਰਤੀ ਫੈਟ ਵਧਾਇਆ ਜਾਵੇ ਅਤੇ ਨਕਲੀ ਦੁੱਧ ਦੀ ਵਿੱਕਰੀ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ ਵੇਰਕਾ ਅਤੇ ਅਮੋਲ ਦੁੱਧ ਦਾ ਭਾਅ ਵਧਾਇਆ ਗਿਆ ਹੈ ਪ੍ਰੰਤੂ ਉਸ ਦਾ ਪਸ਼ੂ ਪਾਲਕਾਂ ਨੂੰ ਕੋਈ ਲਾਭ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਾ ਤੇ ਸੁੱਕਾ ਚਾਰਾ ਸਮੇਤ ਖੱਲ, ਫੀਡ ਦੇ ਰੇਟ ਬਹੁਤ ਜ਼ਿਆਦਾ ਵਧ ਗਏ ਹਨ ਲੇਕਿਨ ਪਸ਼ੂ ਪਾਲਕਾਂ ਤੋਂ ਹਾਲੇ ਵੀ ਘੱਟ ਰੇਟ ’ਤੇ ਦੁੱਧ ਚੁੱਕਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਤੇਜੀ ਨਾਲ ਫੈਲ ਰਹੀ ਲੰਪੀ ਸਕਿਨ ਬੀਮਾਰੀ ਕਾਰਨ ਦੁੱਧ ਦੀ ਪੈਦਾਵਾਰ ’ਤੇ ਕਾਫ਼ੀ ਅਸਰ ਪਿਆ ਹੈ। ਇਹੀ ਨਹੀਂ ਦੁੱਧ ਦੀ ਸਪਲਾਈ ਵੀ ਘਟੀ ਹੈ। ਬੀਮਾਰ ਤੋਂ ਡਰਦੇ ਮਾਰੇ ਆਮ ਲੋਕਾਂ ਖਾਸ ਕਰਕੇ ਸ਼ਹਿਰੀਆਂ ਨੇ ਪਿੰਡਾਂ ਤੋਂ ਸਿੱਧੇ ਦੁੱਧ ਦੀ ਸਪਲਾਈ ਕਰਨ ਵਾਲੇ ਦੋਧੀਆਂ ਤੋਂ ਦੁੱਧ ਲੈਣਾ ਘਟਾ ਦਿੱਤਾ ਹੈ। ਕਈ ਥਾਵਾਂ ਤੋਂ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਲੰਪੀ ਸਕਿਨ ਤੋਂ ਪੀੜਤ ਕਰੀਬ ਇੱਕ ਲੱਖ ਦੁਧਾਰੂ ਪਸ਼ੂ ਮਰ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਪਸ਼ੂ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ ਪ੍ਰੰਤੂ ਜ਼ਿਆਦਾਤਰ ਪਸ਼ੂ ਹਸਪਤਾਲਾਂ ਵਿੱਚ ਨਾ ਡਾਕਟਰ ਪੂਰੇ ਹਨ ਅਤੇ ਨਾ ਹੀ ਦਵਾਈਆਂ ਦਾ ਸਟਾਕ ਉਪਲਬਧ ਹੈ। ਉਨ੍ਹਾਂ ਕਿਹਾ ਕਿ ਦੁੱਧ ਦੀ ਵਿੱਕੀ ਅਤੇ ਪੈਦਾਵਾਰ ਘਟਣ ਕਾਰਨ ਕਿਸਾਨਾਂ ਅਤੇ ਦੁੱਧ ਦੇ ਸਹਾਇਕ ਧੰਦੇ ਨਾਲ ਜੁੜੇ ਲੋਕਾਂ ਦਾ ਲੱਕ ਟੁੱਟ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਸ਼ੂ ਪਾਲਕਾਂ ਨੂੰ ਪ੍ਰਤੀ ਪਸ਼ੂ 1-1 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਬੀਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ