ਕਿਸਾਨਾਂ ਤੇ ਦੁੱਧ ਉਤਪਾਦਕਾਂ ਦਾ ਧਰਨਾ ਜਾਰੀ, ਸਰਕਾਰੀ ਭਰੋਸੇ ਮਗਰੋਂ ਗੁਪਤ ਐਕਸ਼ਨ ਮੁਲਤਵੀ

26 ਅਗਸਤ ਨੂੰ ਮੁੱਖ ਮੰਤਰੀ, ਮਿਲਕਫੈੱਡ ਤੇ ਮਿਲਕ ਪਲਾਂਟ ਦੇ ਅਫ਼ਸਰਾਂ ਨਾਲ ਪੈਨਲ ਮੀਟਿੰਗ ਦਾ ਦਿੱਤਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਹੋਰ ਜਥੇਬੰਦੀਆਂ ਵੱਲੋਂ ਉੱਘੇ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਵੇਰਵਾ ਮਿਲਕ ਪਲਾਂਟ ਦੇ ਬਾਹਰ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਲੜੀਵਾਰ ਧਰਨਾ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨਾਂ ਨੇ ਸ਼ਾਮ ਨੂੰ ਪਲਾਂਟ ਦਾ ਮੁੱਖ ਗੇਟ ਬੰਦ ਕਰਕੇ ਦੁੱਧ ਦੀ ਸਪਲਾਈ ਰੋਕਣ ਲਈ ਗੁਪਤ ਐਕਸ਼ਨ ਕੀਤਾ ਜਾਣਾ ਸੀ ਪਰ ਇਸ ਦੀ ਭਿਣਕ ਪੈਂਦੇ ਹੀ ਪੰਜਾਬ ਸਰਕਾਰ ਨੇ ਹਰਕਤ ਵਿੱਚ ਆਉਂਦਿਆਂ ਧਰਨਾਕਾਰੀਆਂ ਨੂੰ ਪਲੋਸ ਲਿਆ।
ਇਸ ਸਬੰਧੀ ਪਹਿਲਾਂ ਮਿਲਕਫੈੱਡ ਦੇ ਐਮਡੀ ਨੇ ਮੀਟਿੰਗ ਕੀਤੀ। ਉਪਰੰਤ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਨੇ ਲਿਖਤੀ ਪੱਤਰ ਜਾਰੀ ਕਰਕੇ 26 ਅਗਸਤ ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਜਿਸ ਕਾਰਨ ਫਿਲਹਾਲ ਅੱਜ ਦੁੱਧ ਦੀ ਸਪਲਾਈ ਰੋਕਣ ਲਈ ਕੀਤਾ ਜਾਣ ਵਾਲਾ ਗੁਪਤ ਐਕਸ਼ਨ ਅਣਮਿਥੇ ਸਮੇਂ ਮੁਲਤਵੀ ਕੀਤਾ ਗਿਆ।
ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ, ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ ਅਤੇ ਕੁਲਵੰਤ ਸਿੰਘ ਤ੍ਰਿਪੜੀ ਨੇ ਕਿਹਾ ਕਿ ਜੇਕਰ 26 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਲੰਪੀ ਸਕਿਨ ਦੀ ਬੀਮਾਰੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਯੋਗ ਮੁਆਵਜ਼ਾ ਅਤੇ ਦੁੱਧ ਉਤਪਾਦਕਾਂ ਨੂੰ ਵਿੱਤੀ ਸੰਕਟ ’ਚੋਂ ਬਾਹਰ ਕੱਢਣ ਲਈ ਦੱੁਧ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਨਾ ਕੀਤਾ ਜਾਵੇ ਅਤੇ ਨਕਲੀ ਦੁੱਧ ਦੇ ਕਾਰੋਬਾਰ ਨੂੰ ਸਖ਼ਤੀ ਨਾਲ ਰੋਕਣ ਲਈ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਸਬੰਧੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਰਕੇ ਸੰਘਰਸ਼ ਦਾ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ, ਜਗਤਾਰ ਸਿੰਘ ਮਾਨਮੇੜੀ, ਮੋਹਨ ਸਿੰਘ, ਰੇਸ਼ਮ ਸਿੰਘ, ਰਣਧੀਰ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਪਲਹੇੜੀ, ਰਾਜਵਿੰਦਰ ਸਿੰਘ ਦੇਸੂਮਾਜਰਾ, ਹਰਜੀਤ ਸਿੰਘ ਸਿਆਊ, ਗੁਰਵਿੰਦਰ ਸਿੰਘ ਸਿਆਊ, ਗਿਆਨ ਸਿੰਘ ਧੜਾਕ, ਗੁਰਮੀਤ ਸਿੰਘ ਸ਼ਾਂਟੂ, ਨਰਿੰਦਰ ਸਿੰਘ ਮਾਵੀ, ਕੁਲਵਿੰਦਰ ਸਿੰਘ ਚੱਕਲਾ, ਮਨਦੀਪ ਸਿੰਘ ਖਿਜਰਾਬਾਦ, ਭੁਪਿੰਦਰ ਸਿੰਘ ਜੱਲ੍ਹਾ, ਗੁਰਮੇਲ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…