ਵਿਜੀਲੈਂਸ ਦੀ ਵੱਡੀ ਕਾਰਵਾਈ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਈਓ ਗਿਰੀਸ਼ ਵਰਮਾ ਗ੍ਰਿਫ਼ਤਾਰ

ਮੁਹਾਲੀ ਵਿਜੀਲੈਂਸ ਥਾਣੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਅਪਰਾਧਿਕ ਕੇਸ ਦਰਜ

ਪਤਨੀ, ਬੇਟੇ ਦੇ ਨਾਂ ’ਤੇ ਪੰਚਕੂਲਾ, ਜ਼ੀਰਕਪੁਰ, ਖਰੜ ਵਿੱਚ ਕਰੋੜਾਂ ਦੀ ਜਾਇਦਾਦ ਖ਼ਰੀਦਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਗਜਟਿਡ ਅਫ਼ਸਰ ਗਿਰੀਸ਼ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਮੇਂ ਉਹ ਭਿੱਖੀਵਿੰਡ ਵਿੱਚ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਜੋਂ ਹਨ। ਇਸ ਤੋਂ ਪਹਿਲਾਂ ਉਹ ਜ਼ੀਰਕਪੁਰ ਵਿੱਚ ਤਾਇਨਾਤ ਰਹੇ ਅਤੇ ਸਰਕਾਰ ਨੂੰ ਉਨ੍ਹਾਂ ਖ਼ਿਲਾਫ਼ ਲਗਾਤਾਰਾਂ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ। ਜ਼ੀਰਕਪੁਰ ਵਿੱਚ ਪਾਸ ਪ੍ਰਾਜੈਕਟਾਂ ਵਿੱਚ ਉਸਾਰੀ ਕਰਨ ਤੋਂ ਪਹਿਲਾਂ ਐਨਓਸੀ ਲੈਣ ਸਬੰਧੀ ਆਪਣੇ ਪੱਤਰ ’ਤੇ ਤਹਿਸੀਲਦਾਰ ਨੂੰ ਪੱਤਰ ਲਿਖਿਆ ਗਿਆ ਸੀ। ਉਦੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵੀ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਸ ਦਿਨ ਤੋਂ ਹੀ ਵਿਜੀਲੈਂਸ ਵੱਲੋਂ ਗਿਰੀਸ਼ ਵਰਮਾ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ।
ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੇ ਈਓ ਗਿਰੀਸ਼ ਵਰਮਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਅਧਿਕਾਰੀ ਦੇ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ
ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਦੀ ਮੁੱਢਲੀ ਜਾਂਚ ਦੌਰਾਨ ਗਰੀਸ਼ ਵਰਮਾ ਦੀਆਂ 10 ਵੱਖ-ਵੱਖ ਜਾਇਦਾਦਾਂ ਦਾ ਪਤਾ ਲੱਗਾ ਹੈ। ਜਿਨ੍ਹਾਂ ਨੂੰ ਉਸ ਨੇ ਆਪਣੇ ਨਾਂ ਤੋਂ ਇਲਾਵਾ ਆਪਣੀ ਪਤਨੀ ਅਤੇ ਬੇਟੇ ਦੇ ਨਾਂ ’ਤੇ ਖਰੀਦਿਆ ਗਿਆ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਬੇਟੇ ਦੇ ਨਾਂ ’ਤੇ ਦੋ ਪ੍ਰਾਪਰਟੀ ਡਿਵੈਲਪਰ ਫਰਮਾਂ ਵਿੱਚ 1 ਕਰੋੜ 32 ਲੱਖ ਰੁਪਏ ਦਾ ਨਿਵੇਸ਼ ਵੀ ਕੀਤਾ ਹੋਇਆ ਸੀ।
ਏਆਈਜੀ ਨੇ ਕਿਹਾ ਕਿ ਵਿਜੀਲੈਂਸ ਉਨ੍ਹਾਂ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰੇਗਾ ਜਿਨ੍ਹਾਂ ਨੇ ਗਿਰੀਸ਼ ਵਰਮਾ ਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿੱਚ ਵੱਡੀਆਂ ਰਕਮਾਂ ਟਰਾਂਸਫਰ ਕੀਤੀਆਂ ਸਨ। ਜਾਂਚ ਦੌਰਾਨ ਮੁਲਜ਼ਮ ਅਧਿਕਾਰੀ ਵੱਲੋਂ ਇਕੱਠੀ ਕੀਤੀ ਹੋਰ ਗੁਪਤ ਚੱਲ/ਅਚੱਲ ਜਾਇਦਾਦ ਸਮੇਤ ਉੱਚ ਸਰਕਾਰੀ ਅਧਿਕਾਰੀਆਂ ਤੇ ਕਾਰੋਬਾਰੀਆਂ ਨਾਲ ਉਸਦੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਇੲ ਪਤਾ ਚੱਲ ਸਕੇ ਕਿ ਅਧਿਕਾਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਤਾਇਨਾਤੀ ਦੌਰਾਨ ਹੋਰ ਕਿੰਨੀਆਂ ਥਾਵਾਂ ਉੱਤੇ ਨਿਵੇਸ਼ ਕੀਤਾ ਹੈ। ਵਿਜੀਲੈਂਸ ਅਨੁਸਾਰ ਮੁਲਜ਼ਮ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੀ ਜਾਂਚ ਲਈ 1 ਅਪਰੈਲ 2008 ਤੋਂ 31-03-2021 ਤੱਕ ਚੈੱਕ ਪੀਰੀਅਡ ਨਿਰਧਾਰਤ ਕੀਤਾ ਗਿਆ ਅਤੇ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਸ ਨੇ ਉਕਤ ਸਮੇਂ ਦੌਰਾਨ ਆਪਣੀ ਆਮਦਨ ਦੇ ਸਾਰੇ ਸਰੋਤਾਂ ਤੋਂ 7,95,76,097 ਰੁਪਏ ਪ੍ਰਾਪਤ ਕੀਤੇ ਅਤੇ ਇਸ ਸਮੇਂ ਦੌਰਾਨ ਉਸ ਨੇ 15,11,15,448 ਰੁਪਏ ਖਰਚ ਕੀਤੇ। ਇਸ ਤਰ੍ਹਾਂ ਇਹ ਪਾਇਆ ਗਿਆ ਕਿ ਉਸ ਨੇ 7,15,39,352 ਰੁਪਏ ਤੋਂ ਵੱਧ ਖਰਚ ਕੀਤੇ ਹਨ, ਜੋ ਕਿ ਅਧਿਕਾਰੀ ਦੀ ਆਮਦਨ ਦਾ 89.90 ਪ੍ਰਤੀਸ਼ਤ ਬਣਦਾ ਹੈ ਅਤੇ ਇਹ ਧਨ ਉਸ ਨੇ ਭ੍ਰਿਸ਼ਟਾਚਾਰ ਰਾਹੀਂ ਇਕੱਠੇ ਕੀਤਾ ਸੀ। ਇਸ ਪੜਤਾਲ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ), 13 (2) ਤਹਿਤ ਵਿਜੀਲੈਂਸ ਬਿਊਰੋ ਦੇ ਮੁਹਾਲੀ ਥਾਣਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…