ਗੈਂਗਸਟਰ ਬੰਬੀਹਾ ਗਰੁੱਪ ਦੇ ਵਿਦੇਸ਼ ਵਿੱਚ ਬੈਠੇ ਸਰਗਨਾਂ ਗੁਰਪ੍ਰੀਤ ਗੋਪੀ ਦੇ ਸ਼ੂਟਰ ਅਸਲੇ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗੈਂਗਸਟਰ ਬੰਬੀਹਾ ਗਰੁੱਪ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਐਸਪੀ (ਡੀ) ਅਮਨਦੀਪ ਸਿੰਘ ਬਰਾੜ, ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਘੜੂੰਆਂ ਪੁਲੀਸ ਦੇ ਸਹਿਯੋਗ ਨਾਲ ਬੰਬੀਹਾ ਗਰੁੱਪ ਦੇ ਸ਼ੂਟਰਾਂ ਗੁਰਜੰਟ ਸਿੰਘ ਜੰਟਾ, ਗੁਰਵਿੰਦਰ ਸਿੰਘ ਉਰਫ਼ ਗੁਰੀ ਅਤੇ ਗੌਤਮ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਪਰਚੇ ਦਰਜ ਹਨ।
ਐੱਸਐੱਸਪੀ ਸੋਨੀ ਨੇ ਦੱਸਿਆ ਕਿ ਗੁਰਜੰਟ ਸਿੰਘ ਉਰਫ਼ ਜੰਟਾ ਨੇ ਬੀਤੀ 30 ਜਨਵਰੀ ਨੂੰ ਆਪਣੇ ਸਾਥੀਆਂ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਜੋ ਕਿ ਸਪੇਨ ਵਿੱਚ ਬੈਠਾ ਹੈ ਅਤੇ ਬੰਬੀਹਾ ਗੁਰੱਪ ਦਾ ਸਰਗਨਾ ਹੈ, ਦੇ ਕਹਿਣ ’ਤੇ ਘੜੂੰਆਂ ਯੂਨੀਵਰਸਿਟੀ ਦੇ ਸਾਹਮਣਿਓ ਇੱਕ ਬਰੀਜਾ ਕਾਰ ਖੋਹੀ ਸੀ। ਕਰੀਬ ਸੱਤ ਮਹੀਨੇ ਬਾਅਦ 28 ਜੁਲਾਈ 2022 ਨੂੰ ਗੁਰਜੰਟ ਜੰਟਾ ਦੇ ਸਾਥੀ ਬਰੀਜਾ ਕਾਰ ਅਤੇ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾ ਗਏ ਸੀ ਜਦੋਂਕਿ ਗੁਰਜੰਟ ਜੰਟਾ ਭਗੌੜਾ ਚੱਲ ਰਿਹਾ ਸੀ। ਪੁਲੀਸ ਅਨੁਸਾਰ 29 ਅਗਸਤ 2022 ਨੂੰ ਗੁਰਜੰਟ ਜੰਟਾ ਨੇ ਆਪਣੇ ਇੱਕ ਹੋਰ ਸਾਥੀ ਪ੍ਰਗਟ ਸਿੰਘ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਭੁਪਿੰਦਰ ਸਿੰਘ ਭੂਪੀ ਰਾਣਾ ਦੇ ਕਹਿਣ ’ਤੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਅਦਾਲਤ ਕੰਪਲੈਕਸ ਵਿੱਚ ਬੰਬੀਹਾਂ ਗਰੁੱਪ ਨਾਲ ਸਬੰਧਤ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਦੇ ਛੁਡਾਉਣ ਲਈ ਫਾਇਰਿੰਗ ਕੀਤੀ ਗਈ ਅਤੇ ਬਾਅਦ ਵਿੱਚ ਉੱਥੋਂ ਭੱਜਣ ਵਿੱਚ ਸਫਲ ਹੋ ਗਏ ਸੀ।
ਐੱਸਐੱਸਪੀ ਨੇ ਦੱਸਿਆ ਕਿ ਗੁਰਜੰਟ ਜੰਟਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ ’ਤੇ 30 ਬੋਰ ਦੇ ਤਿੰਨ ਅਤੇ 32 ਬੋਰ ਦੇ ਦੋ ਪਿਸਤੌਲ ਅਤੇ ਕੁੱਝ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਕੁਰਾਲੀ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੰਜ ਹੀ ਗੁਰਵਿੰਦਰ ਸਿੰਘ ਉਰਫ਼ ਗੁਰੀ ਵਾਸੀ ਬਹਿਡਾਲੀ (ਜ਼ਿਲ੍ਹਾ ਰੂਪਨਗਰ) ਅਤੇ ਗੌਤਮ ਕੁਮਾਰ ਵਾਸੀ ਨੇੜੇ ਸਬਜ਼ੀ ਮੰਡੀ ਕੁਰਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ 30 ਬੋਰ ਤੇ 32 ਬੋਰ ਦੇ ਦੋ ਪਿਸਤੌਲ ਤੇ ਕੁੱਝ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲੀਸ ਅਨੁਸਾਰ ਗੁਰਵਿੰਦਰ ਗੁਰੀ ਅਤੇ ਗੌਤਮ ਦੋਵੇਂ ਗੁਰਜੰਟ ਜੰਟਾਂ ਦੇ ਸਾਥੀ ਹਨ ਅਤੇ ਇਹ ਸਾਰੇ ਬੰਬੀਹਾ ਗਰੁੱਪ ਲਈ ਕੰਮ ਕਰਦੇ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…